ਟਰੈਕਟਰ-ਟਰਾਲੀ ਦੀ ਫੇਟ ਲੱਗਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰਦਨਾਕ ਮੌਤ, ਅਣਪਛਾਤੇ ਡਰਾਈਵਰ ਵਿਰੁੱਧ ਕੇਸ ਦਰਜ
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਧਾਂਦਰਾ ਕਲੋਨੀ, ਲੁਧਿਆਣਾ ਵਾਸੀ ਰਿਤਿਕ ਚੋਪੜਾ ਪੁੱਤਰ ਸਵਰਗੀ ਰਜਿੰਦਰ ਚੋਪੜਾ ਨੇ ਦੱਸਿਆ ਕਿ ਉਸ ਦਾ ਸਭ ਤੋਂ ਛੋਟਾ ਭਰਾ ਜੈ ਚੋਪੜਾ ਬੀਤੇ ਦਿਨੀਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਹਾਦਰ ਕੇ ਰੋਡ ਤੋਂ ਖਾਣਾ ਖਾਣ ਮਗਰੋਂ ਆਪਣੇ ਦਫ਼ਤਰ ਵੱਲ ਜਾ ਰਿਹਾ ਸੀ। ਜਦੋਂ ਉਹ ਬਹਾਦਰ ਕੇ ਰੋਡ ’ਤੇ ਐੱਸਬੀਆਈ ਬੈਂਕ ਦੇ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਨੇ ਕਥਿਤ ਤੌਰ ’ਤੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
Publish Date: Tue, 20 Oct 2026 10:40 AM (IST)
Updated Date: Tue, 20 Oct 2026 11:08 AM (IST)
ਗੌਰਵ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ। ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੇ ਬਹਾਦਰ ਕੇ ਰੋਡ ’ਤੇ ਐੱਸ.ਬੀ.ਆਈ. ਬੈਂਕ ਦੇ ਨੇੜੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੈ ਚੋਪੜਾ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਰਿਤਿਕ ਚੋਪੜਾ ਦੇ ਬਿਆਨਾਂ ’ਤੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਧਾਂਦਰਾ ਕਲੋਨੀ, ਲੁਧਿਆਣਾ ਵਾਸੀ ਰਿਤਿਕ ਚੋਪੜਾ ਪੁੱਤਰ ਸਵਰਗੀ ਰਜਿੰਦਰ ਚੋਪੜਾ ਨੇ ਦੱਸਿਆ ਕਿ ਉਸ ਦਾ ਸਭ ਤੋਂ ਛੋਟਾ ਭਰਾ ਜੈ ਚੋਪੜਾ ਬੀਤੇ ਦਿਨੀਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਹਾਦਰ ਕੇ ਰੋਡ ਤੋਂ ਖਾਣਾ ਖਾਣ ਮਗਰੋਂ ਆਪਣੇ ਦਫ਼ਤਰ ਵੱਲ ਜਾ ਰਿਹਾ ਸੀ। ਜਦੋਂ ਉਹ ਬਹਾਦਰ ਕੇ ਰੋਡ ’ਤੇ ਐੱਸਬੀਆਈ ਬੈਂਕ ਦੇ ਨੇੜੇ ਪਹੁੰਚਿਆ ਤਾਂ ਇਕ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਨੇ ਕਥਿਤ ਤੌਰ ’ਤੇ ਲਾਪਰਵਾਹੀ ਨਾਲ ਵਾਹਨ ਚਲਾਉਂਦਿਆਂ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਹਾਦਸੇ ਵਿੱਚ ਜੈ ਚੋਪੜਾ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਲੇਮ ਟਾਬਰੀ ਦੇ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਿਤਿਕ ਚੋਪੜਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਭਾਲ ਕੀਤੀ ਜਾ ਰਹੀ ਹੈ।