ਲੁਧਿਆਣਾ ‘ਚ ਨੌਜਵਾਨ ‘ਤੇ ਹਮਲਾ, 7 ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕੀਤੀ ਕੁੱਟਮਾਰ
ਲੁਧਿਆਣਾ ‘ਚ ਨੌਜਵਾਨ ‘ਤੇ ਹਮਲਾ 7 ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕੀਤੀ ਕੁੱਟਮਾਰ
Publish Date: Fri, 01 May 2026 06:18 PM (IST)
Updated Date: Fri, 01 May 2026 06:20 PM (IST)

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿਚ ਇਕ ਨੌਜਵਾਨ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਘੇਰ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ। ਇਸ ਸੰਬੰਧੀ ਥਾਣਾ ਸਰਾਭਾ ਨਗਰ ’ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਰਾਜਗੁਰੂ ਨਗਰ ਦੇ ਰਹਿਣ ਵਾਲੇ ਦੀਪਕ ਲਾਲ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਹ ਜ਼ੀਰਕਪੁਰ ਦਾ ਵਾਸੀ ਹੈ ਅਤੇ ਇੱਕ ਵੱਡੀ ਕੰਪਨੀ ਵਿਚ ਕੰਮ ਕਰਨ ਲਈ ਲੁਧਿਆਣਾ ਰਹਿ ਰਿਹਾ ਹੈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਬੀਤੇ ਦਿਨੀਂ ਉਹ ਕੰਮ ਤੋਂ ਘਰ ਜਾ ਰਿਹਾ ਸੀ। ਉਹ ਕੁੱਝ ਸਮਾਨ ਖਰੀਦਣ ਲਈ ਰਾਜ ਗੁਰੂ ਨਗਰ ਮਾਰਕੀਟ ਵਿਚ ਰੁਕ ਗਿਆ। ਮਾਰਕੀਟ ਵਿਚ ਉਸ ਨੂੰ ਐੱਮਬੀਡੀ ਮਾਲ ਵਿਚ ਕੰਮ ਕਰਨ ਵਾਲਾ ਉਸ ਦਾ ਦੋਸਤ ਸਮਾਰਟ ਸਰਕਾਰ ਮਿਲ ਗਿਆ। ਦੋਵੇਂ ਖਰੀਦਾਰੀ ਕਰਨ ਤੋਂ ਬਾਅਦ ਉਥੋਂ ਨਿਕਲ ਪਏ। ਜਿਵੇਂ ਹੀ ਉਹ ਪ੍ਰਨੀਤ ਗਾਂਧੀ ਆਰਟਿਸਟ ਦੇ ਸਾਹਮਣੇ ਪਹੁੰਚੇ ਤਾਂ ਅਚਾਨਕ 4 ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ 7-8 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਘੇਰ ਲਿਆ। ਹਮਲਾਵਰਾਂ ਨੇ ਬਿਨਾਂ ਕਿਸੇ ਕਾਰਨ ਦੇ ਦੋਨਾਂ ਨਾਲ ਗਾਲੀ ਗਲੋਚ ਕੀਤੀ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਬੁਰੀ ਤਰ੍ਹਾਂ ਕੁੱਟਮਾਰ ਕਰਨ ਤੋਂ ਬਾਅਦ ਉਹਨਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਇਸ ਹਮਲੇ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਤੋਂ ਬਾਅਦ ਪੀੜਤਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਧਾਰਾ 115(2), 126(2) ਅਤੇ 351(2) ਬੀਐਨਐਸ ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਪਛਾਣ ਲਈ ਇਲਾਕੇ ਦੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। ਇਸ ਘਟਨਾ ਨੇ ਇੱਕ ਵਾਰ ਫਿਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।