ਤੇਜ਼ ਰਫ਼ਤਾਰ ਦਾ ਕਹਿਰ: ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ, ਚਾਲਕ ਮੌਕੇ ਤੋਂ ਫ਼ਰਾਰ ਸਾਹਨੇਵਾਲ ਇਲਾਕੇ ਵਿੱਚ ਦੇਰ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ 26 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚਾਲਕ ਆਪਣੇ ਵਾਹਨ ਸਮੇਤ ਫ਼ਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Publish Date: Tue, 28 Jul 2026 11:59 AM (IST)
Updated Date: Tue, 28 Jul 2026 12:00 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ - ਸਾਹਨੇਵਾਲ ਇਲਾਕੇ ਵਿੱਚ ਦੇਰ ਰਾਤ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤੇਜ਼ ਰਫ਼ਤਾਰ ਵਾਹਨ ਦੀ ਟੱਕਰ ਨਾਲ 26 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਚਾਲਕ ਆਪਣੇ ਵਾਹਨ ਸਮੇਤ ਫ਼ਰਾਰ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁਰਿੰਦਰ ਕੁਮਾਰ ਵਾਸੀ ਢੰਡਾਰੀ ਖੁਰਦ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਸਰਬਣ ਕੁਮਾਰ (26) ਰਾਮਗੜ੍ਹ ਰੋਡ ਨੇੜੇ ਅਨਾਜ ਭੰਡਾਰ ਦੇ ਕੋਲ ਰਹਿੰਦਾ ਸੀ। ਰਾਤ ਕਰੀਬ ਸਾਢੇ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਉਹ ਪਿੰਡ ਪਵਾ ਦੇ ਸੂਏ ਤੋਂ ਅੱਗੇ ਸਰਵਿਸ ਲਾਈਨ ਰਾਹੀਂ ਜਾ ਰਿਹਾ ਸੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਰਬਣ ਕੁਮਾਰ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਵਾਹਨ ਚਾਲਕ ਬਿਨਾਂ ਰੁਕੇ ਮੌਕੇ ਤੋਂ ਫ਼ਰਾਰ ਹੋ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ।
ਥਾਣਾ ਸਾਹਨੇਵਾਲ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਹਾਦਸੇ ਵਾਲੇ ਇਲਾਕੇ ਦੇ ਸਬੂਤ ਇਕੱਠੇ ਕਰਕੇ ਫ਼ਰਾਰ ਚਾਲਕ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਜਾਂਚ ਕੀਤੀ ਜਾ ਰਹੀ ਹੈ।