ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 22 ਮਾਰਚ

- ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਵੱਲੋਂ ਤਿਆਰੀਆਂ ਦਾ ਜਾਇਜ਼ਾ
- ਦੇਸ਼ ਭਰ ਦੇ ਦਸਤਕਾਰ, ਰਵਾਇਤੀ ਪਕਵਾਨ ਤੇ ਨਾਮੀ ਗਾਇਕ ਬਣਨਗੇ ਖਿੱਚ ਦਾ ਕੇਂਦਰ
ਅਵਤਾਰ ਸਿੰਘ ਗੇਹਲੇ, ਪੰਜਾਬੀ ਜਾਗਰਣ
ਮਾਨਸਾ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 22 ਮਾਰਚ ਤੱਕ ਕਰਵਾਏ ਜਾ ਰਹੇ ‘ਸਰਸ ਮੇਲੇ’ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਅਨਾਜ ਮੰਡੀ ਵਿਖੇ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਸੱਭਿਆਚਾਰ, ਖਾਣ-ਪੀਣ ਅਤੇ ਕਲਾਵਾਂ ਨੂੰ ਇੱਕੋ ਮੰਚ ’ਤੇ ਇਕੱਠਾ ਕਰ ਕੇ ਇੱਕ ਵਿਰਾਸਤੀ ਮਾਹੌਲ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਕਾਰੀਗਰਾਂ ਅਤੇ ਸਵੈ-ਸਹਾਇਤਾ ਸਮੂਹਾਂ ਦੇ ਹੁਨਰ ਨੂੰ ਪ੍ਰਦਰਸ਼ਿਤ ਕਰਨ ਲਈ ਇਹ ਸੁਨਹਿਰੀ ਮੌਕਾ ਹੈ। ਦੇਸ਼ ਭਰ ਤੋਂ ਆਏ ਸ਼ਿਲਪਕਾਰਾਂ ਵੱਲੋਂ ਤਿਆਰ ਕੀਤੇ ਗਏ ਹੱਥ-ਕਲਾ ਦੇ ਨਮੂਨੇ ਅਤੇ ਵੱਖ-ਵੱਖ ਸੂਬਿਆਂ ਦੇ ਰਵਾਇਤੀ ਪਕਵਾਨਾਂ ਦੇ ਸਟਾਲ ਮੇਲੇ ਦੀ ਰੌਣਕ ਵਧਾਉਣਗੇ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਮੇਲੇ ਦੌਰਾਨ ਰੋਜ਼ਾਨਾ ਸ਼ਾਮ ਨੂੰ ਸੱਭਿਆਚਾਰਕ ਪ੍ਰੋਗਰਾਮ ਉਲੀਕੇ ਗਏ ਹਨ। ਇਸ ਵਿੱਚ ਗੁਰਦਾਸ ਮਾਨ, ਹਰਭਜਨ ਮਾਨ, ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ, ਕੋਰ ਆਲਾ ਮਾਨ, ਗੁਰਲਾਲ ਬਰਾੜ, ਆਰ ਨੇਤ ਅਤੇ ਹਰਜੀਤ ਹਰਮਨ ਵਰਗੇ ਉੱਘੇ ਗਾਇਕ ਆਪਣੀ ਪੇਸ਼ਕਾਰੀ ਦੇਣਗੇ।
ਇਸ ਮੌਕੇ ਵੱਖ-ਵੱਖ ਸੂਬਿਆਂ ਦੇ ਲੋਕ ਨਾਚ ਅਤੇ ਜਾਦੂਗਰ ਦੇ ਸ਼ੋਅ ਖਿੱਚ ਦਾ ਕੇਂਦਰ ਹੋਣਗੇ। ਉਨ੍ਹਾਂ ਦੱਸਿਆ ਕਿ ਬੱਚਿਆਂ ਲਈ ਵੱਖ-ਵੱਖ ਤਰ੍ਹਾਂ ਦੇ ਝੂਲੇ ਲਾਏ ਗਏ ਹਨ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਤਹਿਤ ਸੀਨੀਅਰ ਸਿਟੀਜ਼ਨਾਂ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ ਹੈ ਤਾਂ ਜੋ ਉਹ ਵੀ ਇਸ ਮੇਲੇ ਦਾ ਆਨੰਦ ਮਾਣ ਸਕਣ। ਉਨ੍ਹਾਂ ਦੱਸਿਆ ਕਿ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਆਪਣੇ ਵਿਦਿਆਕ ਅਦਾਰੇ ਦੇ ਸ਼ਨਾਖਤੀ ਕਾਰਡ ਦਿਖਾ ਕੇ ਸਰਸ ਮੇਲੇ ਵਿੱਚ ਮੁਫ਼ਤ ਦਾਖਲ ਹੋ ਸਕਦੇ ਹਨ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮਾਨਸਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਸਰਸ ਮੇਲੇ ਵਿੱਚ ਪਹੁੰਚ ਕੇ ਵੱਖ-ਵੱਖ ਸੂਬਿਆਂ ਦੀ ਕਲਾ ਅਤੇ ਪੰਜਾਬੀ ਵਿਰਸੇ ਦਾ ਆਨੰਦ ਮਾਨਣ। ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਮੇਲੇ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸ਼ਤੈਦ ਹੈ। ਪੂਰੇ ਮੇਲਾ ਗਰਾਊਂਡ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਰਾਹੀਂ ਕੀਤੀ ਜਾਵੇਗੀ। ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵਾਹਨਾਂ ਦੀ ਪਾਰਕਿੰਗ ਲਈ ਵਿਸ਼ੇਸ਼ ਥਾਂ ਨਿਰਧਾਰਿਤ ਕੀਤੀ ਗਈ ਹੈ ਅਤੇ ਸਫ਼ਾਈ ਵਿਵਸਥਾ ਦਾ ਵੀ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਇਸ ਮੌਕੇ ਏਡੀਸੀ ਆਕਾਸ਼ ਬਾਂਸਲ, ਏਡੀਸੀ ਅਨੁਪ੍ਰਿਤਾ ਜੋਹਲ, ਐੱਸਡੀਐੱਮ ਹਰਜਿੰਦਰ ਸਿੰਘ ਜੱਸਲ ਤੇ ਗਗਨਦੀਪ ਸਿੰਘ, ਮੁੱਖ ਮੰਤਰੀ ਫੀਲਡ ਅਫਸਰ ਗੁਰਲੀਨ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।