ਕਾਰਡ ਵੰਡਣ ਲਈ ਲੱਗਣਗੇ 115 ਵਿਸ਼ੇਸ਼ ਕੈਂਪ : ਡੀਸੀ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਮਿਆਰੀ
Publish Date: Thu, 17 Sep 2026 08:36 PM (IST)
Updated Date: Fri, 18 Sep 2026 04:15 AM (IST)
ਡੀਸੀ ਵੱਲੋਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮਾਨਸਾ : ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਜ਼ਿਲ੍ਹੇ ਵਿੱਚ ਹੇਠਲੀ ਪੱਧਰ ਤੱਕ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੈ। ਇਸੇ ਲੜੀ ਤਹਿਤ ਬਣਾਏ ਗਏ ਸਿਹਤ ਕਾਰਡਾਂ ਦੀ ਲਾਭਪਾਤਰੀਆਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਵੰਡ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਪਹਿਲੇ ਪੜਾਅ ਤਹਿਤ ਵੱਖ-ਵੱਖ ਸਥਾਨਾਂ ਤੇ ਵਿਸ਼ੇਸ਼ ਵੰਡ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ 107 ਅਤੇ ਸ਼ਹਿਰੀ ਖੇਤਰਾਂ ਵਿੱਚ 8 ਕੈਂਪ ਆਯੋਜਿਤ ਕੀਤੇ ਜਾਣਗੇ, ਤਾਂ ਜੋ ਹਰ ਬਿਨੈਕਾਰ ਪਰਿਵਾਰ ਤੱਕ ਇਹ ਕਾਰਡ ਆਸਾਨੀ ਨਾਲ ਪਹੁੰਚ ਸਕਣ। ਕੈਂਪਾਂ ਦੇ ਪ੍ਰਬੰਧਾਂ ਨੂੰ ਮੁਕੰਮਲ ਰੂਪ ਦੇਣ ਲਈ ਪੇਂਡੂ ਖੇਤਰਾਂ ਵਾਸਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਅਤੇ ਸ਼ਹਿਰੀ ਖੇਤਰਾਂ ਲਈ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਇਹਨਾਂ ਕੈਂਪਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਦੇ ਐਸ.ਡੀ.ਐਮ. ਆਪੋ-ਆਪਣੇ ਖੇਤਰਾਂ ਵਿੱਚ ਸਮੁੱਚੀਆਂ ਤਿਆਰੀਆਂ ਅਤੇ ਸੁਚਾਰੂ ਪ੍ਰਬੰਧਾਂ ਲਈ ਜ਼ਿੰਮੇਵਾਰ ਹੋਣਗੇ। ਕੈਂਪਾਂ ਦੌਰਾਨ ਕਾਰਡਾਂ ਦੀ ਵੰਡ ਦਾ ਕਾਰਜ, ਸਮੂਹ ਕਾਰਜਸਾਧਕ ਅਫ਼ਸਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਸਿਹਤ ਮਿੱਤਰ ਅਤੇ ਆਸ਼ਾ ਵਰਕਰਾਂ ਵੱਲੋਂ ਸਾਂਝੇ ਤੌਰ ਤੇ ਕੀਤਾ ਜਾਵੇਗਾ।