- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਰੀ

-ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋਣ ਦਾ ਦਿੱਤਾ ਸੱਦਾ
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਰੀ ਗੁਰਮਤਿ ਸਮਾਗਮ, ਢਾਡੀ ਦਰਬਾਰ ਅਤੇ ਅੰਮ੍ਰਿਤ ਸੰਚਾਰ ਸਮਾਗਮ ਸ਼ਰਧਾ ਅਤੇ ਪੰਥਕ ਜਾਹੋ-ਜਲਾਲ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਗੁਰਬਾਣੀ ਕੀਰਤਨ ਅਤੇ ਵੀਰ ਰਸੀ ਵਾਰਾਂ ਦਾ ਅਨੰਦ ਮਾਣਿਆ। ਅੰਮ੍ਰਿਤ ਸੰਚਾਰ ਦੌਰਾਨ 160 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਸੁਭਾਗ ਹਾਸਲ ਕੀਤਾ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਸਿੰਘਾਂ ਅਤੇ ਸਿੰਘਣੀਆਂ ਨੂੰ ਅਸੀਸਾਂ ਦੇਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਵਿਸ਼ੇਸ਼ ਤੌਰ 'ਤੇ ਸਮਾਗਮ ਵਿੱਚ ਪਹੁੰਚੇ। ਉਨ੍ਹਾਂ ਸੰਗਤ ਨੂੰ ਸੰਬੋਧਨ ਕਰਦਿਆਂ ਨਿਤਨੇਮ ਦੇ ਧਾਰਨੀ ਬਣਨ, ਗੁਰੂ ਦੀ ਰਹਿਤ ਮਰਿਆਦਾ 'ਤੇ ਦ੍ਰਿੜ੍ਹ ਰਹਿਣ ਅਤੇ ਗੁਰਸਿੱਖੀ ਜੀਵਨ ਅਪਣਾਉਣ ਦੀ ਪ੍ਰੇਰਨਾ ਦਿੱਤੀ। ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਵੱਖ-ਵੱਖ ਰਾਜ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਦੇ ਮਾਮਲਿਆਂ ਵਿੱਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਚਿੰਤਾਜਨਕ ਹੈ।
ਉਨ੍ਹਾਂ ਕਿਹਾ ਕਿ ਸਰਵਉੱਚ ਸਿੱਖ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਕਾਰ ਅਤੇ ਫ਼ੈਸਲਿਆਂ ਨੂੰ ਚੁਣੌਤੀ ਦੇਣ ਦੀਆਂ ਕੋਸ਼ਿਸ਼ਾਂ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਆਪਸੀ ਮੱਤਭੇਦਾਂ ਤੇ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕਜੁੱਟ ਹੋਵੇ। ਉਨ੍ਹਾਂ ਇਤਿਹਾਸਕ ਮਿਸਲ ਕਾਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਵੇਂ ਮਿਸਲਾਂ ਵਿੱਚ ਆਪਸੀ ਵਖਰੇਵੇਂ ਸਨ, ਪਰ ਜਦੋਂ ਵੀ ਪੰਥ 'ਤੇ ਕੋਈ ਸੰਕਟ ਆਇਆ ਤਾਂ ਸਾਰੀਆਂ ਮਿਸਲਾਂ ਇਕੱਠੀਆਂ ਹੋ ਕੇ ਲੜੀਆਂ। ਅੱਜ ਵੀ ਉਸੇ ਤਰ੍ਹਾਂ ਦੇ ਪੰਥਕ ਏਕੇ ਦੀ ਲੋੜ ਹੈ। ਜਥੇਦਾਰ ਬਾਬਾ ਟੇਕ ਸਿੰਘ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਵਿਰਾਸਤ, ਇਤਿਹਾਸ ਅਤੇ ਹੱਕਾਂ ਪ੍ਰਤੀ ਜਾਗਰੂਕ ਹੋਣ।
ਉਨ੍ਹਾਂ ਨੌਜਵਾਨਾਂ ਨੂੰ ਭਾਈ ਜਸਵੰਤ ਸਿੰਘ ਖਾਲੜਾ ਵਰਗੇ ਮਹਾਨ ਗੁਰਸਿੱਖਾਂ ਅਤੇ ਕੌਮੀ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਉਨ੍ਹਾਂ ਅੰਦਰ ਹੱਕ-ਸੱਚ ਲਈ ਡਟ ਕੇ ਖੜ੍ਹਨ ਦਾ ਜਜ਼ਬਾ ਪੈਦਾ ਹੋ ਸਕੇ। ਇਸ ਮੌਕੇ ਨਰਿੰਦਰਜੀਤ ਸਿੰਘ ਭਵਾਨੀਗੜ੍ਹ (ਮੈਨੇਜਰ, ਤਖ਼ਤ ਸ੍ਰੀ ਦਮਦਮਾ ਸਾਹਿਬ), ਸਰਦਾਰ ਗੁਰਦੇਵ ਸਿੰਘ, ਸਰਦਾਰ ਮਨਦੀਪ ਸਿੰਘ, ਸਰਦਾਰ ਗੁਰਸੇਵਕ ਸਿੰਘ ਕਿੰਗਰਾ, ਸਰਦਾਰ ਅਜੈਬ ਸਿੰਘ ਅਤੇ ਸਰਦਾਰ ਭੋਲਾ ਸਿੰਘ (ਇੰਚਾਰਜ, ਸਬ ਆਫਿਸ ਧਰਮ ਪ੍ਰਚਾਰ ਕਮੇਟੀ) ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।