ਵਿਧਾਇਕ ਬਣਾਂਵਾਲੀ ਨੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੇ ਸਰਟੀਫ਼ਿਕੇਟ
ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ
Publish Date: Fri, 03 Apr 2026 06:59 PM (IST)
Updated Date: Sat, 04 Apr 2026 04:10 AM (IST)
-‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ 73 ਪਰਿਵਾਰਾਂ ਨੂੰ ਮਿਲੇ ਮਾਲਕਾਨਾ ਹੱਕ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਅਸਲ ਮਾਲਕ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਸਰਦੂਲਗੜ੍ਹ ਦੇ ਪਿੰਡ ਕਰੀਪੁਰ ਡੁਮ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ 73 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕਾਨਾ ਹੱਕਾਂ ਦੇ ਸਰਟੀਫ਼ਿਕੇਟ ਸੌਂਪੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, "ਕਈ ਪਰਿਵਾਰ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਘਰਾਂ ਵਿਚ ਰਹਿ ਰਹੇ ਸਨ, ਪਰ ਉਨ੍ਹਾਂ ਕੋਲ ਕੋਈ ਵੀ ਕਾਨੂੰਨੀ ਦਸਤਾਵੇਜ਼ ਜਾਂ ਮਾਲਕਾਨਾ ਹੱਕ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਬੈਂਕ ਕਰਜ਼ਾ ਲੈਣ ਜਾਂ ਘਰ ਵੇਚਣ-ਖਰੀਦਣ ਵੇਲੇ ਵੱਡੀਆਂ ਦਿੱਕਤਾਂ ਆਉਂਦੀਆਂ ਸਨ। ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਅਜਿਹੇ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਨੂੰ ਆਪਣੇ ਘਰ ਦਾ ਪੂਰਾ ਹੱਕ ਮਿਲ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਮਜ਼ਬੂਤ ਹੋਈ ਹੈ।
ਇਸ ਮੌਕੇ ਹਾਜ਼ਰ ਐੱਸਡੀਐੱਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਤਰੀਕੇ ਨਾਲ ਸਰਵੇ ਮੁਕੰਮਲ ਕਰਕੇ ਇਹ ਸਰਟੀਫਿਕੇਟ ਤਿਆਰ ਕੀਤੇ ਗਏ ਹਨ ਤਾਂ ਜੋ ਹਰ ਯੋਗ ਵਿਅਕਤੀ ਨੂੰ ਇਸ ਦਾ ਲਾਭ ਮਿਲ ਸਕੇ। ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਦੇ ਚਿਹਰਿਆਂ 'ਤੇ ਖੁਸ਼ੀ ਸਾਫ ਝਲਕ ਰਹੀ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਕਈ ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਮੌਜੂਦਾ ਸਰਕਾਰ ਨੇ ਕਰ ਦਿਖਾਇਆ ਹੈ। ਇਸ ਮੌਕੇ ਤਹਿਸੀਲ ਪ੍ਰਸ਼ਾਸਨ ਦੇ ਅਧਿਕਾਰੀ, ਵੱਖ-ਵੱਖ ਪਿੰਡਾਂ ਦੇ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।