ਗਊਆਂ ਨੂੰ ਲੰਪੀ ਸਕਿਨ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸ਼ੁਰੂ
ਡਿਪਟੀ ਕਮਿਸ਼ਨਰ ਨਵਜੋਤ ਕੌਰ (ਆਈ.ਏ.ਐਸ)
Publish Date: Tue, 03 Feb 2026 07:41 PM (IST)
Updated Date: Wed, 04 Feb 2026 04:11 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹੇ ਦੇ ਗਊਧਨ ਨੂੰ ਘਾਤਕ ਲੰਪੀ ਸਕਿਨ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਵੀ ਕਾਂਤ ਨੇ ਦੱਸਿਆ ਕਿ ਵਿਭਾਗ, ਪਸ਼ੂ ਪਾਲਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਪਸ਼ੂਆਂ ਦੀ ਸਿਹਤ ਸੰਭਾਲ ਲਈ ਪੂਰੀ ਤਰ੍ਹਾਂ ਸਰਗਰਮ ਹੈ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵਿਸ਼ੇਸ਼ ਟੀਕਾਕਰਨ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਪਸ਼ੂਆਂ ਨੂੰ ਟੀਕੇ ਲਗਾ ਰਹੀਆਂ ਹਨ ਤਾਂ ਜੋ ਪਸ਼ੂ ਪਾਲਕਾਂ ਨੂੰ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਿਵਲ ਪਸ਼ੂ ਹਸਪਤਾਲਾਂ ਤੇ ਪਸ਼ੂ ਡਿਸਪੈਂਸਰੀਆਂ ਨੂੰ ਲੋੜ ਅਨੁਸਾਰ ਵੈਕਸੀਨ ਦੀ ਵੰਡ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇਸ ਮੁਹਿੰਮ ਨੂੰ 28 ਫ਼ਰਵਰੀ ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਡਾ. ਰਵੀ ਕਾਂਤ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੀਆਂ ਟੀਮਾਂ ਦਾ ਪੂਰਨ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਲੰਪੀ ਸਕਿਨ ਇੱਕ ਛੂਤ ਦੀ ਬਿਮਾਰੀ ਹੈ, ਜਿਸ ਤੋਂ ਬਚਾਅ ਦਾ ਇੱਕੋ-ਇੱਕ ਪ੍ਰਭਾਵਸ਼ਾਲੀ ਤਰੀਕਾ ਸਮੇਂ ਸਿਰ ਟੀਕਾਕਰਨ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਭੰਡਾਰੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਜੋਂ ਵਿਭਾਗ ਦਾ ਮੁੱਖ ਉਦੇਸ਼, ਜ਼ਿਲ੍ਹੇ ਦੇ ਹਰ ਇੱਕ ਪਸ਼ੂ ਨੂੰ ਕਵਰ ਕਰਨਾ ਹੈ ਤਾਂ ਜੋ ਪਸ਼ੂ ਪਾਲਕਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।