‘ਆਪ’ ਸਰਕਾਰ ਦੌਰਾਨ ਵੱਡੀ ਗਿਣਤੀ ’ਚ ਮਿਲੀਆਂ ਨੌਕਰੀਆਂ : ਵਿਧਾਇਕ
ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ
Publish Date: Thu, 02 Apr 2026 07:23 PM (IST)
Updated Date: Thu, 02 Apr 2026 07:25 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੀਰੋਂ ਖੁਰਦ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਚਾਰ ਸਾਲ ਪੂਰੇ ਹੋਣ ’ਤੇ ਆਮ ਲੋਕਾਂ ਨਾਲ ਸੰਵਾਦ ਰਚਾਉਣ ਦੇ ਸਮਾਗ਼ਮ ਤਹਿਤ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਹੀਰੋਂ ਖ਼ੁਰਦ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ 1 ਹਜ਼ਾਰ ਜਨਰਲ ਵਰਗ ਅਤੇ 15 ਸੌ ਰੁਪਏ ਪੱਛੜੀਆਂ ਸ਼੍ਰੇਣੀਆਂ ਦੀਆਂ ਇਸਤਰੀਆਂ ਨੂੰ ਹਰ ਮਹੀਨੇ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 63 ਹਜ਼ਾਰ ਦੇ ਕਰੀਬ ਨੌਕਰੀਆਂ, ਕਿਸਾਨਾਂ ਦੇ ਖੇਤਾਂ ਨੂੰ ਪਾਣੀ ਦੇਣ ਲਈ ਜ਼ਮੀਨਦੋਜ਼ ਪਾਈਪਲਾਈਨ, ਹਰ ਵਰਗ ਨੂੰ 600 ਯੂਨਿਟ ਬਿਜਲੀ ਮੁਫ਼ਤ ਅਤੇ ਕਿਸਾਨਾਂ ਨੂੰ ਖੇਤਾਂ ਵਾਲ਼ੀ ਬਿਜਲੀ ਦਿਨ ਦੇ ਸਮੇਂ ਆਦਿ ਹੋਰ ਵੀ ਬਹੁਤ ਸਾਰੀਆਂ ਸਹੂਲਤਾਂ ਹਨ, ਜੋ ਕਿ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਅਧਿਆਪਿਕਾਂ ਦੀ ਵੱਡੀ ਗਿਣਤੀ ਵਿੱਚ ਭਰਤੀ ਵੀ ਕੀਤੀ ਗਈ ਹੈ। ਪਿੰਡ ਦੇ ਸਰਪੰਚ ਜਸਪਾਲ ਸਿੰਘ ਨੇ ਵਿਧਾਇਕ ਬੁਢਲਾਡਾ ਦਾ ਸਵਾਗਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਤੇ ਪਿੰਡ ਵਾਸੀ ਮੌਜੂਦ ਸਨ।