ਪੋਸਟ ਗ੍ਰੈਜੂਏਸ਼ਨ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਸੈਸ਼ਨ ਕਰਵਾਇਆ ਦਿ ਰੌਇਲ ਗਰੁੱਪ ਆਫ਼ ਕਾਲਜਿਜ਼
Publish Date: Thu, 17 Sep 2026 05:32 PM (IST)
Updated Date: Fri, 18 Sep 2026 04:06 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਇਤਿਹਾਸ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਪੋਸਟ-ਗ੍ਰੈਜੂਏਸ਼ਨ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਵਿਸ਼ੇਸ਼ ਅਕਾਦਮਿਕ ਮਾਰਗਦਰਸ਼ਨ ਸੈਸ਼ਨ ਕਰਵਾਇਆ ਗਿਆ। ਸੈਸ਼ਨ ਦੀ ਅਗਵਾਈ ਕਾਲਜ ਦੀ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਵੱਲੋਂ ਕੀਤੀ ਗਈ। ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੀ ਪ੍ਰਭਾਵਸ਼ਾਲੀ ਤਿਆਰੀ ਲਈ ਮਾਰਗਦਰਸ਼ਨ ਦੇਣ ਦੇ ਨਾਲ-ਨਾਲ ਕਾਲਜ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਕਰੀਅਰ-ਮੁਖੀ ਪਹਿਲਕਦਮੀਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ। ਡਾ. ਸਰਬਜੀਤ ਕੌਰ ਸੋਹਲ ਨੇ ਪੋਸਟ ਗ੍ਰੈਜੂਏਸ਼ਨ ਪ੍ਰੀਖਿਆਵਾਂ ਦੀ ਤਿਆਰੀ ਲਈ ਸਹੀ ਯੋਜਨਾਬੰਦੀ, ਸਮਾਂ ਪ੍ਰਬੰਧਨ, ਨਿਯਮਿਤ ਅਧਿਐਨ ਅਤੇ ਵਿਵਸਥਿਤ ਢੰਗ ਨੂੰ ਮਹੱਤਵਪੂਰਨ ਦੱਸਿਆ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਪੜ੍ਹਾਈ ਨੂੰ ਸੁਚੱਜੇ ਢੰਗ ਨਾਲ ਵਿਵਸਥਿਤ ਕਰਨ ਅਤੇ ਪ੍ਰੀਖਿਆਵਾਂ ਲਈ ਵਧੇਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਤਿਆਰੀ ਕਰਨ ਸਬੰਧੀ ਵਿਹਾਰਕ ਸੁਝਾਅ ਵੀ ਸਾਂਝੇ ਕੀਤੇ। ਸੈਸ਼ਨ ਦੌਰਾਨ ਕਾਲਜ ਵੱਲੋਂ ਸ਼ੁਰੂ ਕੀਤੀ ਜਾ ਰਹੀ ਨਵੀਂ ਪਹਿਲ ‘ਸੈਂਟਰ ਫ਼ਾਰ ਕੰਪੀਟੀਟਿਵ ਐਗਜ਼ਾਮਜ਼’ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਡਾ. ਸੋਹਲ ਨੇ ਦੱਸਿਆ ਕਿ ਇਹ ਸੈਂਟਰ ਵੱਖ-ਵੱਖ ਮੁਕਾਬਲਾਤੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਵਿਧੀਬੱਧ ਮਾਰਗਦਰਸ਼ਨ ਅਤੇਅਕਾਦਮਿਕ ਸਹਾਇਤਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਲਜ ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਸਰਟੀਫਿਕੇਟ ਪ੍ਰੋਗਰਾਮਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਦੇ ਗਿਆਨ, ਹੁਨਰ ਤੇ ਭਵਿੱਖੀ ਕਰੀਅਰ ਦੀਆਂ ਸੰਭਾਵਨਾਵਾਂ ਨੂੰ ਮਜ਼ਬੂਤ ਕਰਨ ’ਚ ਸਹਾਇਕ ਹਨ। ਇਸ ਮੌਕੇ ਸਹਾਇਕ ਪ੍ਰੋਫੈਸਰ ਸਤਨਾਮ ਸਿੰਘ, ਸਹਾਇਕ ਪ੍ਰੋਫੈਸਰ ਰਣਜੀਤ ਸਿੰਘ, ਸਹਾਇਕ ਪ੍ਰੋਫੈਸਰ ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ ਬੇਅੰਤ ਕੌਰ ਅਤੇ ਸਹਾਇਕ ਪ੍ਰੋਫੈਸਰ ਨਵਜੋਤ ਕੌਰ ਵੀ ਹਾਜ਼ਰ ਸਨ।