ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸਕੂਲ ਕਮੇਟੀਆਂ ਦਾ ਅਹਿਮ ਯੋਗਦਾਨ : ਪਰਵਿੰਦਰ ਸਿੰਘ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ
Publish Date: Thu, 17 Sep 2026 06:27 PM (IST)
Updated Date: Fri, 18 Sep 2026 04:09 AM (IST)
ਭਾਈ ਦੇਸਾ ਵਿਖੇ ਮੈਨੇਜ਼ਮੈਂਟ ਕਮੇਟੀਆਂ ਦੀ ਅਹਿਮ ਭੂਮਿਕਾ ਸਬੰਧੀ ਦੋ ਰੋਜ਼ਾ ਵਰਕਸ਼ਾਪ ਸਫ਼ਲ ਰਹੀ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਅਹਿਮ ਭੂਮਿਕਾ ਤੇ ਸੈਂਟਰ ਭਾਈ ਦੇਸਾ ਵਿਖੇ ਦੋ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਦੌਰਾਨ ਭਾਈ ਦੇਸਾ, ਭੈਣੀ ਬਾਘਾ, ਠੂਠਿਆਂਵਾਲੀ, ਕੋਟਲੀ, ਕੱਲ੍ਹੋ ਅਤੇ ਖੜ੍ਹਕ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਮੈਨੇਜਮੈਂਟ ਕਮੇਟੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਰਕਾਰੀ ਸਕੂਲਾਂ ਦੀ ਬਿਹਤਰੀ ਲਈ ਆਪਣੀ ਵਚਨਬੱਧਤਾ ਦੁਹਰਾਈ। ਸੈਂਟਰ ਹੈੱਡ ਟੀਚਰ ਅਤੇ ਮਾਸਟਰ ਟ੍ਰੇਨਰ ਪਰਵਿੰਦਰ ਸਿੰਘ ਨੇ ਕਮੇਟੀ ਮੈਂਬਰਾਂ ਨੂੰ ਐੱਸਐੱਮਸੀ ਦੇ ਗਠਨ, ਅਧਿਕਾਰਾਂ, ਕਰਤੱਵਾਂ ਅਤੇ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ਸਰਬਪੱਖੀ ਵਿਕਾਸ, ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਸੁਧਾਰ ਅਤੇ ਸਕੂਲੀ ਗਤੀਵਿਧੀਆਂ ਵਿੱਚ ਮਾਪਿਆਂ ਤੇ ਸਮਾਜ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਸਕੂਲ ਮੈਨੇਜਮੈਂਟ ਕਮੇਟੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਸਕੂਲ, ਮਾਪਿਆਂ ਅਤੇ ਭਾਈਚਾਰੇ ਵਿਚਲਾ ਮਜ਼ਬੂਤ ਤਾਲਮੇਲ ਹੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕ ਸਕਦਾ ਹੈ। ਸਿਖਲਾਈ ਦੌਰਾਨ ਸਕੂਲ ਵਿਕਾਸ ਯੋਜਨਾ ਤਿਆਰ ਕਰਨ, ਸਰਕਾਰੀ ਗ੍ਰਾਂਟਾਂ ਦੀ ਪਾਰਦਰਸ਼ੀ ਅਤੇ ਸੁਚੱਜੀ ਵਰਤੋਂ, ਵਿਦਿਆਰਥੀਆਂ ਦੀ ਨਿਯਮਿਤ ਹਾਜ਼ਰੀ, ਸਾਫ਼-ਸਫ਼ਾਈ, ਬੁਨਿਆਦੀ ਸਹੂਲਤਾਂ ਅਤੇ ਸੁਰੱਖਿਅਤ ਤੇ ਉਸਾਰੂ ਵਿੱਦਿਅਕ ਮਾਹੌਲ ਸਿਰਜਣ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਤੋਂ ਵੀ ਮੈਂਬਰਾਂ ਨੂੰ ਜਾਣੂ ਕਰਵਾਇਆ ਗਿਆ। ਕਮੇਟੀ ਮੈਂਬਰਾਂ ਨੇ ਸਕੂਲਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਆਪਣੇ ਵਿਚਾਰ ਅਤੇ ਸੁਝਾਅ ਸਾਂਝੇ ਕਰਦਿਆਂ ਸਕੂਲ ਮੁਖੀਆਂ ਤੇ ਅਧਿਆਪਕਾਂ ਨਾਲ ਤਾਲਮੇਲ ਬਣਾ ਕੇ ਵਿਦਿਆਰਥੀਆਂ ਦੀ ਬਿਹਤਰੀ ਅਤੇ ਸਕੂਲਾਂ ਦੇ ਸਰਬਪੱਖੀ ਵਿਕਾਸ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਦੋ ਰੋਜ਼ਾ ਵਰਕਸ਼ਾਪ ਦੌਰਾਨ ਪਿੰਡ ਭਾਈ ਦੇਸਾ ਦੇ ਸਰਪੰਚ ਅਜਾਇਬ ਸਿੰਘ, ਚੇਅਰਮੈਨ ਲਖਵੀਰ ਸਿੰਘ, ਬਲਵੀਰ ਸਿੰਘ ਅਤੇ ਪੰਚਾਇਤ ਮੈਂਬਰ ਜਸਵੀਰ ਸਿੰਘ ਭੈਣੀ ਬਾਘਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਕੂਲਾਂ ਦੀ ਬਿਹਤਰੀ ਲਈ ਸਮਾਜ ਦੀ ਸਰਗਰਮ ਭਾਗੀਦਾਰੀ ’ਤੇ ਜ਼ੋਰ ਦਿੱਤਾ।