ਸੂਬਾ ਸਰਕਾਰ ਦੀ ਸਿੱਖਿਆ ਕ੍ਰਾਂਤੀ ਕੇਵਲ ਲਿਫਾਫ਼ੇਬਾਜ਼ੀ : ਡੀਟੀਐੱਫ
ਸਿੱਖਿਆ ਅਤੇ ਸਿਹਤ ਕ੍ਰਾਂਤੀ ਦੇ ਫੋਕੇ
Publish Date: Sat, 18 Apr 2026 05:50 PM (IST)
Updated Date: Sun, 19 Apr 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਿੱਖਿਆ ਤੇ ਸਿਹਤ ਕ੍ਰਾਂਤੀ ਦੇ ਫ਼ੋਕੇ ਦਾਅਵੇ ਕਰਨ ਵਾਲੀ ਆਪ ਸਰਕਾਰ ਵੱਲੋਂ ਇਸ ਵਿੱਦਿਅਕ ਵਰ੍ਹੇ ਦੌਰਾਨ ਵੱਖਰਾ ਕਾਰਨਾਮਾ ਕਰ ਦਿੱਤਾ ਹੈ। ਵਿਦਿਆਰਥੀਆਂ ਨੂੰ ਦੇਣ ਵਾਲੀਆਂ ਕਿਤਾਬਾਂ ਦੇ ਲਿਫਾਫ਼ਿਆਂ ਤੇ ਮੁੱਖ ਮੰਤਰੀ ਪੰਜਾਬ ਦੀਆਂ ਫ਼ੋਟੋਆਂ ਛਾਪ ਕੇ ਸਿੱਖਿਆ ਕ੍ਰਾਂਤੀ ਦਾ ਢਿੰਡੋਰਾ ਪਿੱਟਿਆ ਜਾ ਰਿਹਾ ਹੈ ਅਤੇ ਆਪਣੀ ਪਿੱਠ ਥੱਪਥਪਾਈ ਜਾ ਰਹੀ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਤੇ ਸੂਬਾ ਜਨਰਲ ਸਕੱਤਰ ਰੇਸ਼ਮ ਸਿੰਘ ਬਠਿੰਡਾ ਦੀ ਅਗਵਾਈ ਵਿੱਚ ਡੀਟੀਐਫ਼ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਤੇ ਹਰਜਿੰਦਰ ਅਨੂਪਗੜ੍ਹ ਨੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਦੇ ਅਧਿਕਾਰ ਐਕਟ ਤਹਿਤ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੂੰ ਮੁਫ਼ਤ ਮਿਲਣ ਵਾਲੀਆਂ ਕਿਤਾਬਾਂ ’ਤੇ ਵੀ ਸਿਆਸੀ ਰੋਟੀਆਂ ਸੇਕੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬਲਾਕ ਸਿੱਖਿਆ ਦਫ਼ਤਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਕਿਤਾਬਾਂ ਮੁੱਖ ਮੰਤਰੀ ਦੀ ਫ਼ੋਟੋ ਵਾਲੇ ਲਿਫ਼ਾਫ਼ੇ ਵਿੱਚ ਪਾ ਕੇ ਸਕੂਲਾਂ ਨੂੰ ਭੇਜੀਆਂ ਜਾਣ। ਡੀਟੀਐਫ਼ ਦੇ ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਬੈਹਣੀਵਾਲ, ਮੀਤ ਪ੍ਰਧਾਨ ਨਵੀਨ ਗੋਇਲ ਬੋਹਾ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਆਪ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਵਿਦਿਅਕ ਵਰ੍ਹੇ ਦੌਰਾਨ ਜਨਗਣਨਾ, ਸਿਹਤ ਕਾਰਡ ਐੱਸਆਈ, ਆਰ ਬੀਐੱਲਓ ਡਿਊਟੀਆਂ ਸਮੇਤ ਕਈ ਗੈਰ ਵਿੱਦਿਅਕ ਕੰਮਾਂ ਤੇ ਅਧਿਆਪਕਾਂ ਦੀਆਂ ਡਿਊਟੀਆਂ ਵੱਡੇ ਪੱਧਰ ਤੇ ਲਗਾਈਆਂ ਗਈਆਂ ਹਨ। ਇਸ ਕਾਰਨ ਸਕੂਲੀ ਵਿਦਿਆਰਥੀਆਂ ਦੀ ਪੜ੍ਹਾਈ ਸੈਸ਼ਨ ਦੇ ਸ਼ੁਰੂ ’ਚ ਹੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਾਗਜ਼ੀ ਸਿੱਖਿਆ ਕ੍ਰਾਂਤੀ ਦਾ ਖਮਿਆਜ਼ਾ ਅਧਿਆਪਕ ਅਤੇ ਵਿਦਿਆਰਥੀ ਦੋਹਾਂ ਨੂੰ ਭੁਗਤਣਾ ਪੈ ਰਿਹਾ ਹੈ। ਜੱਥੇਬੰਦੀ ਦੇ ਸੂਬਾ ਆਗੂਆਂ ਨੇ ਸਰਕਾਰ ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ, ਡੀਏ ਦੇ ਬਕਾਇਆਂ ਅਤੇ ਕੱਟੇ ਹੋਏ 37 ਤਰ੍ਹਾਂ ਦੇ ਭੱਤਿਆਂ ਦੀ ਬਹਾਲੀ ਤੋਂ ਸਰਕਾਰ ਆਨਾਕਾਨੀ ਕਰ ਰਹੀ ਹੈ। ਜੱਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰਪਾਲ ਸਿੰਘ ਨੇ ਪੁਰਜ਼ੋਰ ਮੰਗ ਕੀਤੀ ਕਿ ਸੂਬੇ ਦੀ ਆਪਣੀ ਸੁਤੰਤਰ ਸਿੱਖਿਆਂ ਨੀਤੀ ਬਣਾਈ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ। ਅਧਿਆਪਕਾਂ ‘ਤੇ ਜ਼ਬਰੀ ਥੋਪੇ ਗਏ ਟੈੱਟ ਟੈਸਟ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਸਮੁਚੇ ਅਧਿਆਪਕ ਵਰਗ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲਗਾਤਾਰ ਦ੍ਰਿੜਤਾ ਨਾਲ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਦਮਨਜੀਤ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ, ਕੁਲਦੀਪ ਅੱਕਾਵਾਲੀ, ਜਰਨੈਲ ਬੋਹਾ, ਸੰਦੀਪ ਚਹਿਲ ਉੱਡਤ, ਗੁਰਮੇਲ ਸਿੰਘ ਬੋਹਾ, ਅਜੈ ਕੁਮਾਰ ਬੋਹਾ, ਪਰਸ਼ੋਤਮ ਜੰਡੂ, ਕੁਲਜੀਤ ਪਾਠਕ, ਬਰਨਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਨਿਰੰਜਣ ਮਾਨਸਾ ਬਲਕਾਰ ਸਿੰਘ, ਰਾਜਿੰਦਰ ਸਿੰਘ ਐਚ ਟੀ, ਸੁਖਚੈਨ ਸੇਖੋਂ, ਮੱਘਰ ਸਿੰਘ, ਜਸਪਰੀਤ ਘੁਰਕਣੀ, ਜਗਪਾਲ ਸਿੰਘ, ਅਰਵਿੰਦਰ ਸਿੰਘ, ਅਮਨਦੀਪ ਕੌਰ, ਬੇਅੰਤ ਕੌਰ, ਖੁਸ਼ਵਿੰਦਰ ਕੌਰ, ਅਮਰਪ੍ਰੀਤ ਕੌਰ, ਨਿਰਲੇਪ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਅਮਰਜੀਤ ਸਿੰਘ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਵਿੰਦਰ ਦਲੇਲਵਾਲਾ, ਬਲਜਿੰਦਰ ਦਲੇਲਵਾਲਾ, ਧਰਮ ਸਿੰਘ ਆਦਿ ਅਧਿਆਪਕ ਆਗੂ ਹਾਜ਼ਰ ਸਨ।