ਟਰੇਡਰਜ਼ ਕਮਿਸ਼ਨ ਪੋਰਟਲ 'ਤੇ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾਵੇ: ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਲਾਪਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
Publish Date: Mon, 29 Jun 2026 04:29 PM (IST)
Updated Date: Mon, 29 Jun 2026 04:35 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਅਹਿਮ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਟਰੇਡਰਜ਼ ਕਮਿਸ਼ਨ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਕੀਤਾ ਜਾਣਾ ਬੇਹੱਦ ਜ਼ਰੂਰੀ ਹੈ। ਇਸ ਲਈ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਉਹ ਅਜਿਹੀਆਂ ਸ਼ਿਕਾਇਤਾਂ ਨੂੰ ਤਰਜੀਹ ਦੇਣ ਅਤੇ ਇਨ੍ਹਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਉਣ। ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਨਿਰਦੇਸ਼ ਦਿੱਤੇ ਕਿ ਟਰੇਡਰਜ਼ ਕਮਿਸ਼ਨ ਪੋਰਟਲ ਰਾਹੀਂ ਪ੍ਰਾਪਤ ਹੋਣ ਵਾਲੀ ਹਰੇਕ ਸ਼ਿਕਾਇਤ ਦੇ ਮਾਮਲੇ ਵਿੱਚ, ਸਬੰਧਤ ਅਧਿਕਾਰੀ ਜਾਂ ਕਰਮਚਾਰੀ ਲਾਜ਼ਮੀ ਤੌਰ ਤੇ ਸ਼ਿਕਾਇਤਕਰਤਾ ਨਾਲ ਟੈਲੀਫ਼ੋਨ ਰਾਹੀਂ ਸੰਪਰਕ ਕਰੇਗਾ।
ਇਸ ਸੰਪਰਕ ਦਾ ਮਕਸਦ ਸ਼ਿਕਾਇਤ ਨੂੰ ਵਿਸਥਾਰ ਵਿੱਚ ਸਮਝਣਾ, ਸ਼ਿਕਾਇਤਕਰਤਾ ਨੂੰ ਕੀਤੀ ਗਈ ਕਾਰਵਾਈ ਤੋਂ ਜਾਣੂ ਕਰਵਾਉਣਾ ਅਤੇ ਸ਼ਿਕਾਇਤ ਨੂੰ ਬੰਦ ਕਰਨ ਤੋਂ ਪਹਿਲਾਂ ਸ਼ਿਕਾਇਤਕਰਤਾ ਦੀ ਸੰਤੁਸ਼ਟੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਾ ਹੋਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਮੂਹ ਵਿਭਾਗਾਂ ਦੇ ਮੁਖੀ ਨਿੱਜੀ ਤੌਰ ਤੇ ਇਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਨਿਗਰਾਨੀ ਕਰਨਗੇ ਤਾਂ ਜੋ ਕੋਈ ਵੀ ਸ਼ਿਕਾਇਤ ਬਿਨਾਂ ਕਿਸੇ ਵਾਜਬ ਕਾਰਨ ਦੇ ਅਣਗੌਲੀ ਜਾਂ ਲੰਬਿਤ ਨਾ ਰਹੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਲਾਪਰਵਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਹਦਾਇਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਦੀ ਇੰਨ੍ਹ ਬਿੰਨ੍ਹ ਪਾਲਣਾ ਯਕੀਨੀ ਬਣਾਈ ਜਾਵੇ।