ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਉਤੇ
Publish Date: Thu, 01 Oct 2026 06:40 PM (IST)
Updated Date: Thu, 01 Oct 2026 06:42 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵੱਲੋਂ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦਾ ਮੁੱਖ ਮੰਤਵ ਸਰਕਾਰੀ ਦਫ਼ਤਰਾਂ ਵਿਚ ਕੰਮ ਕਾਜ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਤੇ ਆਮ ਲੋਕਾਂ ਨੂੰ ਬਿਨਾ ਕਿਸੇ ਖੱਜਲ ਖੁਆਰੀ ਦੇ ਸੇਵਾਵਾਂ ਪ੍ਰਦਾਨ ਕਰਨਾ ਸੀ। ਚੈਕਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਦਫ਼ਤਰ ਦੇ ਵੱਖ ਵੱਖ ਬ੍ਰਾਂਚਾਂ, ਰਿਕਾਰਡ ਰੂਮ ਤੇ ਕੰਮ ਕਰਨ ਦੇ ਢੰਗ-ਤਰੀਕਿਆਂ ਦਾ ਡੂੰਘਾਈ ਨਾਲ ਨਿਰੀਖਣ ਕੀਤਾ। ਉਨ੍ਹਾਂ ਦਫ਼ਤਰ ਦੇ ਅੰਦਰ ਤੇ ਬਾਹਰ ਸਾਫ਼-ਸਫ਼ਾਈ ਦੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਬੈਠਣ ਵਾਲੇ ਸਥਾਨਾਂ ਤੇ ਸਾਫ਼-ਸਫ਼ਾਈ ਦਾ ਵਿਸ਼ੇਸ਼ ਪ੍ਰਬੰਧ ਰੱਖਿਆ ਜਾਵੇ। ਪੂਨਮ ਸਿੰਘ ਨੇ ਦਫ਼ਤਰ ਵਿਚ ਆਪਣੇ ਕੰਮ-ਕਾਜ ਲਈ ਆਉਣ ਵਾਲੇ ਆਮ ਨਾਗਰਿਕਾਂ ਨਾਲ ਸਿੱਧੀ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਸਬ ਰਜਿਸਟਰਾਰ ਦਫ਼ਤਰ ਦੇ ਸਮੂਹ ਸਟਾਫ਼ ਅਤੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਦਫ਼ਤਰ ਵਿੱਚ ਆਉਣ ਵਾਲੇ ਹਰ ਨਾਗਰਿਕ ਦੀ ਸਮੱਸਿਆ ਦਾ ਤਰਜੀਹ ਦੇ ਆਧਾਰ ਤੇ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਰਕਾਰੀ ਕੰਮਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਖੱਜਲ-ਖੁਆਰੀ ਰਹਿਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ ਵੀ ਮੌਜੂਦ ਸਨ।