ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵਰਕਰਾਂ ’ਚ ਖੁਸ਼ੀ ਦੀ ਲਹਿਰ, ਅਕਾਲੀ ਭਾਜਪਾ ਆਗੂਆਂ ਨੇ ਲੱਡੂ ਵੰਡੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ
Publish Date: Thu, 26 Nov 2026 05:03 PM (IST)
Updated Date: Thu, 26 Nov 2026 05:04 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸਬੰਧੀ ਅਕਾਲੀ ਦਲ ਤੇ ਭਾਜਪਾ ਆਗੂਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ ਗਏ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਚਾਹੁੰਦੇ ਸਨ ਕਿ ਕੋਈ ਮਜ਼ਬੂਤ ਗੱਠਜੋੜ ਬਣੇ, ਜੋ ਸੂਬੇ ਦੇ ਵਿਕਾਸ ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਸਕੇ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ। ਕਿਸਾਨ ਮੰਡੀਆਂ ਵਿਚ ਖੱਜਲ-ਖੁਆਰ ਹੋ ਰਹੇ ਹਨ ਤੇ ਵਪਾਰੀਆਂ ਨੂੰ ਵੀ ਸਰਕਾਰਾਂ ਵੱਲੋਂ ਕੋਈ ਖ਼ਾਸ ਰਾਹਤ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੰਜਾਬ ਭਾਵੇਂ ਕਿਸਾਨੀ ਪ੍ਰਧਾਨ ਸੂਬਾ ਹੈ, ਪਰ ਇੱਥੇ ਉਦਯੋਗਿਕ ਵਿਕਾਸ ਕਰਨਾ ਵੀ ਬਹੁਤ ਜ਼ਰੂਰੀ ਹੈ। ਸੂਬੇ ਵਿਚ ਉਦਯੋਗ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ ਅਤੇ ਉਨ੍ਹਾਂ ਨੂੰ ਨੌਕਰੀਆਂ ਲਈ ਬਾਹਰਲੇ ਸੂਬਿਆਂ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਬਣਨ ਨਾਲ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਦੀਆਂ ਸਮੱਸਿਆਵਾਂ ਵੱਲ ਧਿਆਨ ਦਿੱਤਾ ਜਾਵੇਗਾ। ਪੰਜਾਬ ਵਿਚ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਦੋਵੇਂ ਪਾਰਟੀਆਂ ਮਿਲ ਕੇ ਕੰਮ ਕਰਨਗੀਆਂ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਕਾਲੀ ਦਲ ਅਤੇ ਭਾਜਪਾ ਦੋਵੇਂ ਪਾਰਟੀਆਂ ਮਿਲ ਕੇ ਯਤਨ ਕਰਨਗੀਆਂ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਦੋਵੇਂ ਪਾਰਟੀਆਂ ਦਾ ਇਕੱਠੇ ਹੋਣਾ ਸਮੇਂ ਦੀ ਮੁੱਖ ਮੰਗ ਸੀ, ਜਿਸ ਦੀ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਉਮੀਦ ਕੀਤੀ ਜਾ ਰਹੀ ਸੀ। ਇਸ ਮੌਕੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਵੀ ਇਸ ਗੱਠਜੋੜ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਸਹੀ ਹੋਇਆ ਹੈ ਅਤੇ ਆਉਣ ਵਾਲੇ ਦਿਨਾਂ ’ਚ ਦੋਨੋਂ ਪਾਰਟੀਆਂ ਹੁਣ ਪੂਰ੍ਹੀ ਤਨਦੇਹੀ ਨਾਲ ਚੋਣਾਂ ਇਕੱਠੀਆਂ ਹੋਕੇ ਲੜੇਗੀ। ਇਸ ਮੌਕੇ ਅਕਾਲੀ ਆਗੂ ਰਘਵੀਰ ਸਿੰਘ, ਭਾਜਪਾ ਦੇ ਮੁਨੀਸ਼ ਬੱਬੀ ਦਾਨੇਵਾਲੀਆ, ਪੂਨਮ ਸ਼ਰਮਾ ਤੇ ਹੋਰ ਮੌਜੂਦ ਸਨ।