ਅਨਾਜ ਮੰਡੀਆਂ ’ਚ ਕਣਕ ਦੀ ਖ਼ਰੀਦ ਦੇ ਨਾਲ-ਨਾਲ ਲਿਫ਼ਟਿੰਗ ਵੀ ਸ਼ੁਰੂ : ਨਵਜੋਤ ਕੌਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ
Publish Date: Thu, 16 Apr 2026 07:30 PM (IST)
Updated Date: Thu, 16 Apr 2026 07:33 PM (IST)

- ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ ਕਰੀਬ 5 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਲਿਫ਼ਟਿੰਗ - ਕਿਸਾਨਾਂ ਦੀ ਮਿਹਨਤ ਦਾ ਮੁੱਲ ਦੇਣ ਲਈ ਪੰਜਾਬ ਸਰਕਾਰ ਵਚਨਬੱਧ : ਡੀਸੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਅਤੇ ਉਨ੍ਹਾਂ ਦੀ ਮਿਹਨਤ ਦਾ ਜਾਇਜ਼ ਮੁੱਲ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਕੀਤਾ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦੇ ਨਾਲ-ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਲਗਭਗ 41 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਖ਼ਰੀਦੀ ਗਈ ਕਣਕ ਵਿੱਚੋਂ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਲਗਭਗ 5 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਮੁਕੰਮਲ ਕਰ ਲਈ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਮੰਡੀਆਂ ਵਿੱਚ ਆਮਦ ਵਧਣ ਦੇ ਨਾਲ-ਨਾਲ ਖ਼ਰੀਦ ਅਤੇ ਲਿਫਟਿੰਗ ਦੀ ਰਫ਼ਤਾਰ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਮੰਡੀਆਂ ਵਿੱਚ ਜਗ੍ਹਾ ਦੀ ਕੋਈ ਕਮੀ ਨਾ ਰਹੇ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਮਾਨਸਾ ਲੋਕਲ, ਸਰਦੂਲਗੜ੍ਹ, ਬੁਢਲਾਡਾ, ਭੀਖੀ, ਬੋੜਾਵਾਲ, ਅਲੀਸ਼ੇਰ ਕਲਾਂ, ਕੁਸਲਾ, ਕਿਸ਼ਨਗੜ੍ਹ ਫਰਵਾਹੀ ਅਤੇ ਝੁਨੀਰ ਸਮੇਤ ਕਈ ਮੰਡੀਆਂ ਵਿੱਚ ਖਰੀਦ ਅਤੇ ਚੁਕਾਈ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਡਾ ਮੁੱਖ ਮਕਸਦ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਉਣ ਦੇਣਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਖ਼ਰੀਦ ਦੇ ਨਾਲ-ਨਾਲ ਅਦਾਇਗੀ ਅਤੇ ਲਿਫਟਿੰਗ ਨੂੰ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਬਿਜਲੀ, ਛਾਂ ਅਤੇ ਬਾਰਿਸ਼ ਤੋਂ ਬਚਾਅ ਲਈ ਤਰਪਾਲਾਂ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮੰਡੀਆਂ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਤਾਂ ਜੋ ਖ਼ਰੀਦ ਮੌਕੇ ਕੋਈ ਮੁਸ਼ਕਲ ਪੇਸ਼ ਨਾ ਆਵੇ।