ਸੇਵਾ ਅਨੁਸ਼ਾਸਨ ਅਤੇ ਦੇਸ਼-ਭਗਤੀ ਦੀ ਭਾਵਨਾ ਨਾਲ ਜੁੜਨ ਲਈ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ ਸਥਾਨਕ ਸ਼੍ਰੀ ਤਾਰਾ ਚੰਦ ਵਿਦਿਆ ਮੰਦਰ
Publish Date: Sun, 23 Aug 2026 04:42 PM (IST)
Updated Date: Sun, 23 Aug 2026 04:45 PM (IST)
ਜੀਵਨ ਸਿੰਗਲਾ, ਪੰਜਾਬੀ ਜਾਗਰਣ ਭੀਖੀ ਸਥਾਨਕ ਸ਼੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕਾਊਟ ਐਂਡ ਗਾਈਡਜ਼ ਦੇ ਉਮੀਦਵਾਰਾਂ ਦੀ ਇੱਕ ਵਿਸ਼ੇਸ਼ ਅਤੇ ਪ੍ਰੇਰਣਾਦਾਇਕ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਕਾਊਟ ਐਂਡ ਗਾਈਡਜ਼ ਦੀਆਂ ਗਤੀਵਿਧੀਆਂ, ਅਨੁਸ਼ਾਸਨ, ਸੇਵਾ-ਭਾਵਨਾ, ਆਤਮ-ਨਿਰਭਰਤਾ ਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਕੂਲ ਦੇ ਸਕਾਊਟ ਐਂਡ ਗਾਈਡਜ਼ ਹੈੱਡ ਸੁਖਚਰਨ ਸਿੰਘ ਨੇ ਵਿਦਿਆਰਥੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਸਕਾਊਟਿੰਗ ਦੀ ਭਾਵਨਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਰ ਪਰਿਸਥਿਤੀ ਵਿੱਚ ਅਨੁਸ਼ਾਸਨ, ਸਹਿਯੋਗ, ਹਿੰਮਤ ਅਤੇ ਸੇਵਾ ਦੀ ਭਾਵਨਾ ਬਣਾਈ ਰੱਖਣ ਦਾ ਸੰਦੇਸ਼ ਦਿੱਤਾ। ਮੀਟਿੰਗ ਦੌਰਾਨ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਸਤੀਸ਼ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਕਾਊਟ ਐਂਡ ਗਾਈਡਜ਼ ਦੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਨੇਤ੍ਰਿਤਵ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਦੇਸ਼-ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਅੰਤ ਵਿਚ ਵਿਦਿਆਰਥੀਆਂ ਨੇ ਸਕਾਊਟ ਐਂਡ ਗਾਈਡਜ਼ ਦੀਆਂ ਗਤੀਵਿਧੀਆਂ ਵਿੱਚ ਪੂਰੇ ਉਤਸ਼ਾਹ ਅਤੇ ਸਮਰਪਣ ਨਾਲ ਭਾਗ ਲੈਣ ਦਾ ਸੰਕਲਪ ਲਿਆ। ਇਹ ਮੀਟਿੰਗ ਵਿਦਿਆਰਥੀਆਂ ਲਈ ਗਿਆਨ, ਪ੍ਰੇਰਣਾ ਅਤੇ ਨਵੀਂ ਊਰਜਾ ਨਾਲ ਭਰਪੂਰ ਰਹੀ।