ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ
ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ
Publish Date: Thu, 23 Apr 2026 03:53 PM (IST)
Updated Date: Fri, 24 Apr 2026 04:01 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹਾ ਕਚਹਿਰੀ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜੱਥੇਬੰਦੀ ਨੇ ਦੋਸ਼ ਲਾਇਆ ਕਿ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਸੂਬਾਈ ਕਮੇਟੀ ਨਾਲ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਸੂਬਾ ਆਗੂ ਰਣਜੀਤ ਕੌਰ ਬਰੇਟਾ ਨੇ ਕਿਹਾ ਕਿ ਜੇਕਰ ਆਂਗਣਵਾੜੀ ਵਰਕਰਾਂ ਨੂੰ ਪੁਰਾਣੇ ਅਤੇ ਵਰਤੇ ਹੋਏ ਮੋਬਾਇਲ ਦਿੱਤੇ ਗਏ ਤਾਂ ਇਹ ਮੋਬਾਇਲ ਕਿਸੇ ਵੀ ਹਾਲਤ ਵਿੱਚ ਕਬੂਲ ਨਹੀਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੋਸ਼ਣ ਅਭਿਆਨ ਦੇ ਫੰਡਾਂ ਨਾਲ ਖ਼ਰੀਦੇ ਜਾਣ ਵਾਲੇ ਮੋਬਾਇਲ ਬਿਲਕੁਲ ਨਵੇਂ ਡੱਬਾ ਬੰਦ ਹੋਣੇ ਚਾਹੀਦੇ ਹਨ ਅਤੇ ਇਹ ਸਿੱਧੇ ਤੌਰ ‘ਤੇ ਵਰਕਰਾਂ ਤੇ ਹੈਲਪਰਾਂ ਨੂੰ ਦਿੱਤੇ ਜਾਣ। ਉਨ੍ਹਾਂ ਇਹ ਗੱਲ ਵੀ ਜ਼ੋਰ ਦੇਕੇ ਕਹੀ ਕਿ ਕਿਸੇ ਵੀ ਕਰਮਚਾਰੀ ਨੂੰ ਆਪਣੇ ਨਿੱਜੀ ਮੋਬਾਇਲ ਤੋਂ ਸਰਕਾਰੀ ਯੋਜਨਾਵਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਮਜਬੂਰ ਨਾ ਕੀਤਾ ਜਾਵੇ। ਯੂਨੀਅਨ ਆਗੂ ਸਿੰਦਰ ਕੌਰ ਨੇ ਕਿਹਾ ਕਿ ਹੈਲਪਰਾਂ ਦੀ ਪ੍ਰਮੋਸ਼ਨ ਸਬੰਧੀ ਦਸਵੀਂ ਪਾਸ ਹੈਲਪਰਾਂ ਨੂੰ ਤੁਰੰਤ ਵਰਕਰ ਬਣਾਇਆ ਜਾਵੇ। ਇਸਦੇ ਨਾਲ ਹੀ ਹੈਲਪਰਾਂ ਦੀ ਰਿਟਾਇਰਮੈਂਟ ਉਮਰ ਨੂੰ 60 ਸਾਲ ‘ਤੇ ਸੀਮਤ ਕਰਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਗਿਆ ਕਿ ਪਹਿਲਾਂ ਬਣੇ ਨਿਯਮਾਂ ਅਨੁਸਾਰ ਹੀ ਉਨ੍ਹਾਂ ਨੂੰ ਸਾਰੇ ਹੱਕ ਦਿੱਤੇ ਜਾਣ ਅਤੇ ਸੇਵਾ ਮੁਕਤ ਉਮਰ ਵਿੱਚ ਕੋਈ ਕਟੌਤੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇੱਕ-ਇੱਕ ਸੁਪਰਵਾਈਜ਼ਰ ‘ਤੇ ਬਹੁਤ ਜ਼ਿਆਦਾ ਕੰਮ ਦਾ ਬੋਝ ਹੈ ਅਤੇ ਲੰਬੇ ਸਮੇਂ ਤੋਂ ਵਰਕਰਾਂ ਨੂੰ ਸੁਪਰਵਾਈਜ਼ਰ ਬਣਨ ਦੇ ਮੌਕੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਤੇਜਿੰਦਰ ਕੌਰ ਵਾਲੀਆ, ਮਨਜੀਤ ਕੌਰ ਬੀਰੋਕੇ ਨੇ ਵੀ ਸੰਬੋਧਨ ਕੀਤਾ।