23 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਣ ਦਾ ਐਲਾਨ : ਸੰਯੁਕਤ ਕਿਸਾਨ ਮੋਰਚਾ ਸੰਯੁਕਤ ਕਿਸਾਨ ਮੋਰਚਾ (SKM) ਜ਼ਿਲ੍ਹਾ
Publish Date: Sun, 18 Oct 2026 05:21 PM (IST)
Updated Date: Sun, 18 Oct 2026 05:24 PM (IST)
ਅਵਤਾਰ ਸਿੰਘ, ਪੰਜਾਬੀ ਜਾਗਰਣ ਮਾਨਸਾ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਆਲ ਇੰਡੀਆ ਕਿਸਾਨ ਮਹਾਂ ਸਭਾ ਦੇ ਰਾਮਫ਼ਲ ਚੱਕ ਅਲੀਸ਼ੇਰ, ਬੀਕੇਯੂ ਲੱਖੋਵਾਲ ਪ੍ਰਸ਼ੋਤਮ ਸਿੰਘ ਗਿੱਲ ਤੇ ਬੀਕੇਯੂ ਡਕੌਂਦਾ ਦੇ ਆਗੂ ਮਹਿੰਦਰ ਸਿੰਘ ਭੈਣੀਬਾਘਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਦੇਸ਼ ਦੇ ਲੋਕਤੰਤਰ ਅਤੇ ਨਾਗਰਿਕਾਂ ਦੇ ਸੰਵਿਧਾਨਕ ਵੋਟਿੰਗ ਅਧਿਕਾਰਾਂ ਤੇ ਹੋ ਰਹੇ ਹਮਲਿਆਂ ਸਬੰਧੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਦੇ ਹਿੱਸੇ ਵਜੋਂ 23 ਅਕਤੂਬਰ 2026 ਨੂੰ ਜ਼ਿਲ੍ਹਾ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਨੂੰ ਇਕ ਵਿਸ਼ੇਸ਼ ਮੰਗ ਪੱਤਰ ਸੌਂਪਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਦੇਸ਼ ਦਾ ਵੋਟਰ ਹੀ ਆਪਣੀ ਆਵਾਜ਼ ਗੁਆ ਦੇਵੇਗਾ ਤਾਂ ਸਾਡਾ ਲੋਕਤੰਤਰ ਨਹੀਂ ਬਚ ਸਕਦਾ ਕਿਉਂਕਿ ਸਾਡੀਆਂ ਵੋਟਾਂ, ਸਾਡੇ ਅਧਿਕਾਰ ਅਤੇ ਸਾਡਾ ਲੋਕਤੰਤਰ ਹੀ ਸਾਡੀ ਅਸਲ ਪਛਾਣ ਹਨ। ਆਗੂਆਂ ਕਿਹਾ ਕਿ 23 ਅਕਤੂਬਰ ਦੇ ਮੰਗ ਪੱਤਰ ਰਾਹੀਂ ਸਰਕਾਰ ਤੋਂ ਐੱਸਆਈਆਰ ਪ੍ਰਣਾਲੀ ਨੂੰ ਤੁਰੰਤ ਰੱਦ ਕਰਨ ਅਤੇ ਸਾਰੇ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਬੁਨਿਆਦੀ ਅਧਿਕਾਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਬਹਾਲ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਤੇ ਚੋਣ ਕਮਿਸ਼ਨਰਾਂ ਦੀ ਚੋਣ ਕਰਨ ਵਾਲੇ ਪੈਨਲ ਵਿੱਚ ਭਾਰਤ ਦੇ ਮੁੱਖ ਜੱਜ ਨੂੰ ਦੁਆਰਾ ਸ਼ਾਮਲ ਕਰਕੇ ਚੋਣ ਪ੍ਰਣਾਲੀ ਦੀ ਨਿਰਪੱਖਤਾ ਤੇ ਪਾਰਦਰਸ਼ਤਾ ਕਾਇਮ ਕਰਨ ਦੀ ਮੰਗ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ। ਮੀਟਿੰਗ ਦੌਰਾਨ ਮੋਰਚੇ ਦੇ ਆਗੂ ਬੋਘ ਸਿੰਘ ਮਾਨਸਾ, ਭਜਨ ਸਿੰਘ ਘੁੰਮਣ, ਸੱਤਪਾਲ ਸਿੰਘ ਵਰ੍ਹੇ, ਦਿਲਬਾਗ ਸਿੰਘ ਰਾਜੇਵਾਲ, ਅਮਰੀਕ ਸਿੰਘ ਫਫੜੇ ਭਾਈ ਕੇ, ਰੂਪ ਸਿੰਘ ਢਿੱਲੋਂ, ਨਰਿੰਦਰ ਕੌਰ ਬੁਰਜ ਹਮੀਰਾ, ਤਾਰਾ ਚੰਦ ਬਰੇਟਾ, ਨਿਰਮਲ ਸਿੰਘ ਝੰਡੂਕੇ, ਗੁਰਜੰਟ ਸਿੰਘ ਮਾਨਸਾ ਹਾਜ਼ਰ ਸਨ।