ਅਕਾਲ ਅਕੈਡਮੀ ਰੋੜੀ ’ਚ ਸਾਲਾਨਾ ਖੇਡ ਦਿਵਸ ਮਨਾਇਆ ਗਿਆ ਅਕਾਲ ਅਕੈਡਮੀ ਰੋੜੀ ਵਿਖੇ ਸਲਾਨਾ
Publish Date: Mon, 26 Oct 2026 05:15 PM (IST)
Updated Date: Mon, 26 Oct 2026 05:16 PM (IST)
ਰਮਨਦੀਪ ਸਿੰਘ ਸੰਧੂ, ਪੰਜਾਬੀ ਜਾਗਰਣ ਝੁਨੀਰ ਅਕਾਲ ਅਕੈਡਮੀ ਰੋੜੀ ਵਿਖੇ ਸਲਾਨਾ ਖੇਡ ਦਿਵਸ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਸਮਾਗਮ ਵਿਚ ਇਲਾਕੇ ਦੇ ਉੱਘੇ ਸਮਾਜ ਸੇਵੀ ਏਐਸਆਈ ਕੁਲਦੀਪ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਪ੍ਰਿੰਸੀਪਲ ਮਨਪ੍ਰੀਤ ਨੇ ਮੁੱਖ ਮਹਿਮਾਨ ਅਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕੀਤਾ। ਖੇਡ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵੱਲੋਂ ਝੰਡਾ ਲਹਿਰਾਉਣ ਤੇ ਮਾਰਚ ਪਾਸਟ ਦੀ ਸਲਾਮੀ ਲੈਣ ਨਾਲ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਖੇਡਾਂ ਦੀ ਭਾਵਨਾ ਨੂੰ ਬਣਾਈ ਰੱਖਣ ਲਈ ਸਹੁੰ ਚੁੱਕੀ। ਦਿਨ ਭਰ ਚੱਲੇ ਇਸ ਖੇਡ ਮੁਕਾਬਲੇ ਵਿਚ ਵੱਖ-ਵੱਖ ਉਮਰ ਵਰਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਦੌਰਾਨ 100 ਮੀਟਰ ਦੌੜ, 200 ਮੀਟਰ ਦੌੜ, ਲੰਬੀ ਛਾਲ, ਗੋਲਾ ਸੁੱਟਣਾ (ਸ਼ਾਟ ਪੁੱਟ) ਤੇ ਰੱਸਾਕਸ਼ੀ ਵਰਗੇ ਦਿਲਚਸਪ ਮੁਕਾਬਲੇ ਕਰਵਾਏ ਗਏ। ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਸਕੂਲ ਦੇ ਬਾਕੀ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਜ਼ੋਰਦਾਰ ਤਾੜੀਆਂ ਨਾਲ ਮੈਦਾਨ ਗੂੰਜਣ ਲਾ ਦਿੱਤਾ। ਅਖ਼ੀਰ ਵਿਚ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਨੇ ਆਪਣੇ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤੇ ਕਿਹਾ ਕਿ ਖੇਡਾਂ ਸਾਡੇ ਜੀਵਨ ਵਿਚ ਅਨੁਸ਼ਾਸਨ ਤੇ ਸਿਹਤਮੰਦ ਰਹਿਣ ਦੀ ਭਾਵਨਾ ਪੈਦਾ ਕਰਦੀਆਂ ਹਨ। ਸਕੂਲ ਪ੍ਰਿੰਸੀਪਲ ਨੇ ਸਾਰੇ ਆਏ ਹੋਏ ਮਹਿਮਾਨਾਂ, ਅਧਿਆਪਕਾਂ ਤੇ ਬੱਚਿਆਂ ਦਾ ਧੰਨਵਾਦ ਕੀਤਾ ਅਤੇ ਰਾਸ਼ਟਰੀ ਗਾਨ ਨਾਲ ਸਮਾਗਮ ਦੀ ਸਮਾਪਤੀ ਹੋਈ।