ਆਰਐਸਐਸ ਦੀ ਵਿਚਾਰਧਾਰਾ ਭਾਈਚਾਰਕ ਸਾਂਝ ਲਈ ਖ਼ਤਰਨਾਕ : ਚੌਹਾਨ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ
Publish Date: Mon, 09 Mar 2026 09:39 PM (IST)
Updated Date: Tue, 10 Mar 2026 04:10 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਦਰਸ਼ਨ 'ਤੇ ਆਯੋਜਿਤ ਕੀਤੇ ਗਏ ਸੈਮੀਨਾਰ ਵਿੱਚ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਇੱਕ ਆਗੂ ਇਕਬਾਲ ਸਿੰਘ ਲਾਲਪੁਰਾ ਨੂੰ ਮੁੱਖ ਬੁਲਾਰੇ ਵਜੋਂ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ ਦੇ ਸੀਨੀਅਰ ਕਾਰਜਕਾਰੀ ਨੁਮਾਇੰਦੇ ਬਨਵੀਰ ਸਿੰਘ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਦਿੱਤਾ। ਇਸਦੇ ਵਿਰੋਧ ਵਿੱਚ ਵਿਦਿਆਰਥੀ ਜਥੇਬੰਦੀਆਂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ, ਪਰ ਯੂਨੀਵਰਸਿਟੀ ਪ੍ਰਸ਼ਾਸਨ ਦੀ ਸ਼ਹਿ 'ਤੇ ਚੰਡੀਗੜ੍ਹ ਪੁਲਿਸ ਵੱਲੋਂ ਵਿਦਿਆਰਥੀਆਂ ਦੇ ਸ਼ਾਂਤਮਈ ਅੰਦੋਲਨ ਨੂੰ ਦਬਾਉਣ ਲਈ ਬਲ ਪ੍ਰਯੋਗ ਕੀਤਾ, ਪੱਗਾਂ ਲਾਹੀਆਂ, ਵਿਦਿਆਰਥੀਆਂ ਨਾਲ ਕੁੱਟ ਮਾਰ ਕੀਤੀ ਅਤੇ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕੀਤਾ। ਕਮਿਊਨਿਸਟ ਆਗੂ ਨੇ ਕਿਹਾ ਕਿ ਸੀ ਪੀ ਆਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪੁਲਿਸ ਦੀ ਇਸ ਘਟੀਆ ਕਰਤੂਤ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਅਤੇ ਇਹ ਗੈਰਕਾਨੂੰਨੀ ਕਾਰਵਾਈ ਸੰਵਿਧਾਨ ਦੀ ਉਲੰਘਣਾ ਹੈ, ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕਰਦੀ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਇੱਕ ਖਾਸ ਵਿਚਾਰਧਾਰਕ ਏਜੰਡੇ ਨੂੰ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।