ਏਸ਼ੀਅਨ ਗੋਲਡ ਮੈਡਲਿਸਟ ਵਿਰਕ 8 ਮਹੀਨੇ ਤੋਂ ਨੌਕਰੀ ਦੀ ਉਡੀਕ ‘ਚ
ਏਸ਼ੀਅਨ ਗੋਲਡ
Publish Date: Tue, 24 Feb 2026 08:51 PM (IST)
Updated Date: Wed, 25 Feb 2026 04:13 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਏਸ਼ੀਅਨ ਗੋਲਡ ਮੈਡਲਿਸਟ ਸਵਰਨ ਸਿੰਘ ਵਿਰਕ 8 ਮਹੀਨੇ ਦਾ ਡੀਐਸਪੀ ਨੌਕਰੀ ਦੀ ਉਡੀਕ ‘ਚ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਇਹ ਖਿਡਾਰੀ ਆਪਣੀ ਮੰਗ ਲਈ ਮਿਲਿਆ। ਇੱਥੇ ਜ਼ਿਕਰਯੋਗ ਹੈ ਕਿ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਦੁਆਰਾ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਸਰੇ ਪਾਸੇ ਮਾਨਸਾ ਜ਼ਿਲ੍ਹੇ ਦਾ ਮਾਣ ਵਧਾਉਣ ਵਾਲੇ ਏਸ਼ੀਅਨ ਗੋਲਡ ਮੈਡਲਿਸਟ ਅਤੇ ਅਰਜੁਨ ਐਵਾਰਡੀ ਸਵਰਨ ਸਿੰਘ ਵਿਰਕ ਪਿਛਲੇ ਅੱਠ ਮਹੀਨਿਆਂ ਤੋਂ ਡੀਐਸਪੀ ਅਹੁਦੇ ਤੇ ਨਿਯੁਕਤੀ ਲਈ ਇੰਤਜ਼ਾਰ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਨੌਕਰੀ ਦਾ ਪ੍ਰਸਤਾਵ ਵੀ ਦਿੱਤਾ ਗਿਆ ਹੈ ਪਰ ਸਵਰਨ ਸਿੰਘ ਵਿਰਕ ਨੇ ਸਪਸ਼ਟ ਕੀਤਾ ਹੈ ਕਿ ਉਹ ਪੰਜਾਬ ਵਿੱਚ ਰਹਿ ਕੇ ਹੀ ਸੇਵਾਵਾਂ ਦੇਣਾ ਚਾਹੁੰਦੇ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਝੁਨੀਰ ਦੌਰੇ ਦੌਰਾਨ ਸਵਰਨ ਸਿੰਘ ਵਿਰਕ ਨੂੰ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਸਖਤ ਮਸ਼ੱਕਤ ਕਰਨੀ ਪਈ। ਮੁੱਖ ਮੰਤਰੀ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਹਲਕੇ ਦੇ ਕਸਬਾ ਝੁਨੀਰ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਸਨ। ਸਵਰਨ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਵਿੱਚ ਨੌਕਰੀ ਲਈ ਅੱਠ ਮਹੀਨੇ ਪਹਿਲਾਂ ਅਰਜ਼ੀ ਦਿੱਤੀ ਸੀ ਪਰ ਹੁਣ ਤੱਕ ਉਹਨਾਂ ਦੀ ਕੋਈ ਸੁਣਵਾਈ ਨਹੀਂ ਹੋਈ। ਅੱਜ ਰੈਲੀ ਸਥਾਨ ਤੇ ਪਹੁੰਚ ਕੇ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਤੇ ਆਪਣੀ ਮੰਗ ਰੱਖੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਵਾਇਆ ਹੈ ਕਿ ਜਲਦ ਹੀ ਉਨ੍ਹਾਂ ਨੂੰ ਨੌਕਰੀ ਪ੍ਰਦਾਨ ਕੀਤੀ ਜਾਵੇਗੀ। ਨਾਲ ਹੀ ਸੰਬੰਧਿਤ ਅਧਿਕਾਰੀਆਂ ਨੂੰ ਉਸ ਵੱਲੋਂ ਦਿੱਤੀ ਗਈ ਅਰਜ਼ੀ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਵਰਨ ਸਿੰਘ ਵਿਰਕ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਤੇ ਪੂਰ੍ਹਾ ਭਰੋਸਾ ਹੈ ਅਤੇ ਉਮੀਦ ਹੈ ਕਿ ਉਨ੍ਹਾਂ ਨੂੰ ਜਲਦ ਹੀ ਡੀਐਸਪੀ ਅਹੁਦੇ ਤੇ ਨਿਯੁਕਤੀ ਮਿਲੇਗੀ।