ਦਿ ਰਾਇਲ ਗਰੁੱਪ ਆਫ਼ ਕਾਲਜਿਜ਼ ਦੇ ਖਿਡਾਰੀਆਂ ਨੇ ਕਰਵਾਈ ਬੱਲੇ-ਬੱਲੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ
Publish Date: Sun, 11 Oct 2026 04:50 PM (IST)
Updated Date: Sun, 11 Oct 2026 04:53 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਹੀਰੋਂ ਖ਼ੁਰਦ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਦਿ ਰਾਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਤਗਮੇ ਜਿੱਤੇ ਹਨ। ਇਨ੍ਹਾਂ ਸਾਰੀਆਂ ਜੇਤੂ ਟੀਮਾਂ ਅਤੇ ਖਿਡਾਰੀਆਂ ਦੀ ਚੋਣ 10 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ਲਈ ਹੋ ਗਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਆਸ ਪ੍ਰਗਟਾਈ ਕਿ ਖਿਡਾਰੀ ਰਾਜ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਮਾਨਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ। ਜੇਤੂ ਖਿਡਾਰੀਆਂ ਅਤੇ ਟੀਮਾਂ ਦੇ ਕਾਲਜ ਪਰਤਣ ’ਤੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਸਮੂਹ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਟੀਮ ਖੇਡਾਂ ਵਿੱਚ ਕਬੱਡੀ ਨੈਸ਼ਨਲ ਸਟਾਈਲ (ਲੜਕੇ),ਬਾਸਕਟਬਾਲ (ਲੜਕੀਆਂ) ਅਤੇ ਬਾਸਕਟਬਾਲ (ਲੜਕੇ) ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਆਪਣੇ ਨਾਮ ਕੀਤੇ, ਜਦਕਿ ਖੋ-ਖੋ (ਲੜਕੇ) ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਹਾਸਲ ਕੀਤਾ। ਸੁਖਪ੍ਰੀਤ ਕੌਰ ਨੇ ਹਾਈ ਜੰਪ, ਗਗਨਦੀਪ ਕੌਰ ਨੇ ਜੂਡੋ ਅਤੇ ਹਰਪ੍ਰੀਤ ਸਿੰਘ ਨੇ ਕਿੱਕ ਬਾਕਸਿੰਗ ਵਿੱਚ ਸੋਨੇ ਦੇ ਤਗਮੇ ਜਿੱਤੇ। ਇਸੇ ਤਰ੍ਹਾਂ ਕੋਮਲਪ੍ਰੀਤ ਕੌਰ ਨੇ 100 ਮੀਟਰ ਹਰਡਲਜ਼ ਅਤੇ ਅੰਮ੍ਰਿਤਪ੍ਰਦੀਪ ਕੌਰ ਨੇ 100 ਮੀਟਰ ਦੌੜ ਵਿਚ ਚਾਂਦੀ ਦੇ ਤਗਮੇ ਹਾਸਲ ਕਰਕੇ ਕਾਲਜ ਦਾ ਮਾਣ ਵਧਾਇਆ।