ਅਕਾਲ ਅਕੈਡਮੀ ’ਚ ਐਥਲੈਟਿਕਸ ਟੂਰਨਾਮੈਂਟ ਤੇ ਇਨਾਮ ਵੰਡ ਸਮਾਗਮ ਕਰਵਾਇਆ
ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ
Publish Date: Sat, 15 Nov 2025 06:07 PM (IST)
Updated Date: Sat, 15 Nov 2025 06:08 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਕੌੜੀਵਾੜਾ ਵੱਲੋਂ ਐਥਲੈਟਿਕਸ ਟੂਰਨਾਮੈਂਟ ਅਤੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਖੇਡ ਮੇਲੇ ਵਿੱਚ ਸਕੂਲ ਦੇ ਬੱਚਿਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ। ਟੂਰਨਾਮੈਂਟ ਵਿੱਚ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜ, ਸ਼ਾਟ ਪੁੱਟ, ਲਾਂਗ ਜੰਪ, ਉੱਚੀ ਛਾਲ, ਨਿੰਬੂ ਦੌੜ, ਰੱਸਾ-ਕਸ਼ੀ ਅਤੇ ਰਿਲੇਅ ਦੌੜ ਵਰਗੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਬੱਚਿਆਂ ਨੇ ਆਪਣੀ ਖੇਡ ਸਮਰੱਥਾ ਅਤੇ ਵਧੀਆ ਪ੍ਰਦਰਸ਼ਨ ਨਾਲ ਸਭ ਨੂੰ ਪ੍ਰਭਾਵਿਤ ਕੀਤਾ। ਖੇਡ ਮੁਕਾਬਲਿਆਂ ਤੋਂ ਇਲਾਵਾ, ਬੱਚਿਆਂ ਵੱਲੋਂ ਵੱਖ-ਵੱਖ ਕੋਰੀਓਗ੍ਰਾਫੀਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਪੂਰਾ ਮੈਦਾਨ ਤਾਲੀਆਂ ਨਾਲ ਗੂੰਜਦਾ ਨਜ਼ਰ ਆਇਆ। ਇਸ ਮੌਕੇ 10ਵੀਂ ਅਤੇ 12ਵੀਂ ਜਮਾਤ ਦੇ ਸੀਬੀਐੱਸਈ ਬੋਰਡ ਦੇ ਨਤੀਜਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਸੱਦਾ ਦਿੱਤਾ ਗਿਆ। ਸਕੂਲ ਪ੍ਰਬੰਧਨ ਵੱਲੋਂ ਉਨ੍ਹਾਂ ਦੀ ਪ੍ਰਸ਼ੰਸਾ ਕਰਦਿਆਂ ਟਰਾਫੀਆਂ ਅਤੇ ਸਨਮਾਨ ਪੱਤਰ ਭੇਟ ਕੀਤੇ ਗਏ, ਤਾਂ ਜੋ ਉਹ ਹੋਰ ਵਧੇਰੇ ਉਤਸ਼ਾਹ ਨਾਲ ਅੱਗੇ ਵਧ ਸਕਣ। ਸਮਾਗਮ ਦੌਰਾਨ ਪ੍ਰਿੰਸੀਪਲ ਕੁਮਾਰੀ ਬਲਜੀਤ ਕੌਰ ਭੁੱਲਰ ਨੇ ਮਾਣਯੋਗ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਬੱਚਿਆਂ ਨੂੰ ਹੌਸਲਾ ਦੇਣ ਲਈ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕਿਸਮ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਲੁਕੇ ਹੁਨਰਾਂ ਨੂੰ ਉਭਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਟੂਰਨਾਮੈਂਟ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਤਮਗੇ, ਟਰਾਫੀਆਂ ਅਤੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਅਕੈਡਮੀ ਦਾ ਪੂਰਾ ਸਟਾਫ਼ ਅਤੇ ਬੱਚੇ ਵੱਡੀ ਗਿਣਤੀ ਵਿੱਚ ਮੌਜੂਦ ਸਨ।