ਪੰਜਾਬ ’ਚ ਡਰ ਦਾ ਮਾਹੌਲ, ਸਰਕਾਰ ਫੇਲ੍ਹ : ਕੁਲਵੰਤ ਰਾਏ
ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ
Publish Date: Sun, 22 Mar 2026 07:30 PM (IST)
Updated Date: Mon, 23 Mar 2026 04:14 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਹਮਲਾ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਪ੍ਰਧਾਨ ਮਾਨਸਾ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਅਸਲੀ ਤਰੱਕੀ ਉਸ ਵੇਲੇ ਸੰਭਵ ਹੁੰਦੀ ਹੈ, ਜਦੋਂ ਉੱਥੇ ਲੋਕਾਂ ਨੂੰ ਸੁਰੱਖਿਆ ਦਾ ਅਹਿਸਾਸ ਹੋਵੇ ਅਤੇ ਡਰ-ਰਹਿਤ ਮਾਹੌਲ ਬਣਿਆ ਹੋਵੇ। ਪਰ ਅਫ਼ਸੋਸ ਦੀ ਗੱਲ ਹੈ ਕਿ ਅੱਜ ਪੰਜਾਬ ਵਿੱਚ ਹਰ ਪਾਸੇ ਡਰ ਦਾ ਮਾਹੌਲ ਬਣ ਚੁੱਕਾ ਹੈ, ਜਿਸ ਕਾਰਨ ਆਮ ਲੋਕ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ, ਲੁਟੇਰਿਆਂ ਦੇ ਰਵੱਈਏ ਕਾਰਨ ਲੋਕਾਂ ਵਿਚ ਡਰ ਵਧ ਰਿਹਾ ਹੈ। ਦਿਨ ਦਿਹਾੜੇ ਹੋ ਰਹੀਆਂ ਲੁੱਟਾਂ, ਚੋਰੀਆਂ ਅਤੇ ਅਪਰਾਧਿਕ ਘਟਨਾਵਾਂ ਨੇ ਲੋਕਾਂ ਦੀ ਨੀਂਦ ਉਡਾ ਦਿੱਤੀ ਹੈ। ਸਿੰਗਲਾ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਢੰਗ ਦੇ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਆਗੇ ਕਿਹਾ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ ਕਿ ਪੰਜਾਬ ਨੂੰ ਬੇਹਤਰ ਬਣਾਇਆ ਜਾਵੇਗਾ, ਨਸ਼ਿਆਂ ‘ਤੇ ਕਾਬੂ ਪਾਇਆ ਜਾਵੇਗਾ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇਗਾ ਪਰ ਹਕੀਕਤ ਇਸ ਤੋਂ ਬਿਲਕੁਲ ਉਲਟ ਨਜ਼ਰ ਆ ਰਹੀ ਹੈ। ਅੱਜ ਹਾਲਾਤ ਇਹ ਹਨ ਕਿ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰਦੇ ਹਨ ਅਤੇ ਆਪਣੇ ਆਪ ਨੂੰ ਸੁਰੱਖਿਅਤ ਨਹੀਂ ਸਮਝਦੇ। ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਗੈਂਗਸਟਰਾਂ ਦੀ ਸਰਗਰਮੀ ਵਧੀ ਹੈ, ਜਿਸ ਕਾਰਨ ਵਪਾਰੀਆਂ, ਕਿਸਾਨਾਂ ਅਤੇ ਆਮ ਜਨਤਾ ਨੂੰ ਧਮਕੀਆਂ ਮਿਲ ਰਹੀਆਂ ਹਨ। ਇਸ ਨਾਲ ਨਾ ਸਿਰਫ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ, ਸਗੋਂ ਸੂਬੇ ਦੀ ਅਰਥਵਿਵਸਥਾ ‘ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਤਰ੍ਹਾਂ ਦਾ ਮਾਹੌਲ ਜਾਰੀ ਰਿਹਾ ਤਾਂ ਨਿਵੇਸ਼ਕ ਪੰਜਾਬ ਵਿੱਚ ਆਉਣ ਤੋਂ ਕਤਰਾਉਣਗੇ, ਜਿਸ ਨਾਲ ਰੋਜ਼ਗਾਰ ਦੇ ਮੌਕੇ ਵੀ ਘਟ ਜਾਣਗੇ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਲਈ ਤੁਰੰਤ ਕੜੇ ਕਦਮ ਚੁੱਕੇ ਜਾਣ। ਪੁਲਿਸ ਪ੍ਰਸ਼ਾਸਨ ਨੂੰ ਸੁਤੰਤਰ ਤੌਰ ‘ਤੇ ਕੰਮ ਕਰਨ ਦੀ ਆਜ਼ਾਦੀ ਦਿੱਤੀ ਜਾਵੇ ਅਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਵਿੱਚ ਭਰੋਸਾ ਮੁੜ ਬਣਾਇਆ ਜਾ ਸਕੇ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਸੀ, ਪਰ ਅੱਜ ਉਹ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਹੋਣ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਵੱਧ ਰਹੀ ਹੈ ਅਤੇ ਉਹ ਹੁਣ ਵਿਕਲਪ ਦੀ ਤਲਾਸ਼ ਵਿੱਚ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹਿੱਤਾਂ ਲਈ ਖੜੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਦੀ ਆਵਾਜ਼ ਬਣਕੇ ਉਨ੍ਹਾਂ ਦੇ ਮੁੱਦੇ ਉਠਾਉਂਦੀ ਰਹੇਗੀ। ਜੇਕਰ ਸਰਕਾਰ ਨੇ ਜਲਦ ਹੀ ਹਾਲਾਤਾਂ ‘ਤੇ ਕਾਬੂ ਨਾ ਪਾਇਆ ਤਾਂ ਕਾਂਗਰਸ ਵੱਲੋਂ ਵੱਡੇ ਪੱਧਰ ‘ਤੇ ਆੰਦੋਲਨ ਕੀਤਾ ਜਾਵੇਗਾ। ਅੰਤ ਵਿੱਚ ਸਿੰਗਲਾ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੇ ਰਸਤੇ ‘ਤੇ ਲਿਆਂਦਾ ਜਾ ਸਕਦਾ ਹੈ, ਪਰ ਇਸ ਲਈ ਸਭ ਤੋਂ ਪਹਿਲਾਂ ਲੋਕਾਂ ਨੂੰ ਡਰ ਤੋਂ ਮੁਕਤ ਕਰਨਾ ਜ਼ਰੂਰੀ ਹੈ। ਜਦੋਂ ਤੱਕ ਸੂਬੇ ਵਿੱਚ ਕਾਨੂੰਨ ਦਾ ਰਾਜ ਕਾਇਮ ਨਹੀਂ ਹੁੰਦਾ, ਤਦ ਤੱਕ ਵਿਕਾਸ ਸਿਰਫ ਕਾਗਜ਼ਾਂ ਤੱਕ ਹੀ ਸੀਮਿਤ ਰਹੇਗਾ। ਡਾਕਟਰ ਗਗਨਦੀਪ ਰੰਧਾਵਾ ਦੀ ਮੌਤ ਦੇ ਜ਼ਿੰਮੇਵਾਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਬੁਢਲਾਡਾ ਦੇ ਰਾਮਲੀਲਾ ਗਰਾਊਂਡ ਵਿੱਚ ਸ਼ਾਮ 6 ਵਜੇ ਕਾਂਗਰਸ ਪਾਰਟੀ ਵੱਲੋਂ ਕੈਂਡਲ ਮਾਰਚ ਕੱਢਿਆ ਜਾਵੇਗਾ।