ਬਾਲ ਵਿਆਹ ਰੋਕਣ ਲਈ ਲਾਇਆ ਜਾਗਰੂਕਤਾ ਕੈਂਪ
ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐੱਸ
Publish Date: Thu, 22 Jan 2026 06:35 PM (IST)
Updated Date: Thu, 22 Jan 2026 06:36 PM (IST)
- ਬਾਲ ਵਿਆਹ ਕਰਨਾ ਕਾਨੂੰਨੀ ਅਪਰਾਧ : ਵਰਮਾ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਦੀ ਰੋਕਥਾਮ ਲਈ ਮਾਨਸਾ ਤੇ ਦਿਆਲਪੁਰਾ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਕਾਊਂਸਲਰ ਰਾਜਿੰਦਰ ਵਰਮਾ ਨੇ ਆਂਗਨਵਾੜੀ ਵਰਕਰਾਂ ਤੇ ਵਿਦਿਆਰਥੀਆਂ ਨੂੰ ਦੱਸਿਆ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਸਿੱਖਿਅਕ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਕਾਨੂੰਨ ਅਨੁਸਾਰ ਲੜਕੇ ਦੀ ਉਮਰ 21 ਸਾਲ ਅਤੇ ਲੜਕੀ ਦੀ ਉਮਰ 18 ਸਾਲ ਤੋਂ ਘੱਟ ਹੋਣ ’ਤੇ ਵਿਆਹ ਕਰਵਾਉਣਾ ਜ਼ੁਰਮ ਹੈ। ਇਸ ਮੌਕੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਦਿਆਂ ਅਪੀਲ ਕੀਤੀ ਗਈ ਕਿ ਬਾਲ ਵਿਆਹ ਵਰਗੀ ਕੁਰੀਤੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜ ਇਕਜੁੱਟ ਹੋਵੇ, ਨਾਲ ਹੀ ਇਹ ਵੀ ਕਿਹਾ ਗਿਆ ਕਿ ਜੇ ਕਿਤੇ ਵੀ ਬਾਲ ਵਿਆਹ ਹੋਣ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪਲਾਈਨ 1098 ਜਾਂ ਨਜ਼ਦੀਕੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੰਪਰਕ ਕੀਤਾ ਜਾਵੇ। ਕੁਲਵਿੰਦਰ ਸਿੰਘ ਅਤੇ ਸਰਬਜੀਤ ਕੌਰ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਆਂਗਨਵਾੜੀ ਵਰਕਰ ਤੇ ਵਿਦਿਆਰਥੀ ਆਦਿ ਹਾਜ਼ਰ ਸਨ।