ਵਿਸਾਖੀ ਮੌਕੇ ਵਿਦਿਆਰਥੀਆਂ ਨੇ ਪੇਸ਼ ਕੀਤਾ ਰੰਗਾਰੰਗ ਪ੍ਰੋਗਰਾਮ
ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ
Publish Date: Wed, 15 Apr 2026 06:28 PM (IST)
Updated Date: Thu, 16 Apr 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ
ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਵਿੱਚ ਵਿਸਾਖੀ ਦਾ ਪਵਿੱਤਰ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਦਿਆਰਥੀ ਰੰਗ ਬਿਰੰਗੇ ਪੰਜਾਬੀ ਪਹਿਰਾਵਿਆਂ ਵਿੱਚ ਸਜੇ ਹੋਏ ਸਕੂਲ ਪਹੁੰਚੇ। ਇਸ ਨਾਲ ਸਕੂਲ ਦਾ ਮਾਹੌਲ ਤਿਉਹਾਰੀ ਰੰਗਾਂ ਨਾਲ ਰੰਗਿਆ ਹੋਇਆ ਲੱਗ ਰਿਹਾ ਸੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ ਅਤੇ ਹੋਰ ਰੰਗਾਰੰਗ ਪੇਸ਼ਕਾਰੀਆਂ ਕੀਤੀਆਂ ਗਈਆਂ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ। ਸਕੂਲ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਿਸਾਖੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ। ਸੰਬੋਧਨ ਵਿੱਚ ਉਨ੍ਹਾਂ ਨੇ ਦੱਸਿਆ ਕਿ ਵਿਸਾਖੀ ਪੰਜਾਬ ਦੀ ਸੰਸਕ੍ਰਿਤੀ ਅਤੇ ਖੇਤੀਬਾੜੀ ਨਾਲ ਜੁੜਿਆ ਹੋਇਆ ਮਹੱਤਵਪੂਰਨ ਤਿਉਹਾਰ ਹੈ। ਇਸ ਦਿਨ ਫ਼ਸਲ ਪੱਕ ਕੇ ਤਿਆਰ ਹੁੰਦੀ ਹੈ ਅਤੇ ਕਿਸਾਨ ਆਪਣੀ ਮਿਹਨਤ ਦਾ ਫ਼ਲ ਪ੍ਰਾਪਤ ਕਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਦਿਨ 1699 ਵਿੱਚ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ, ਜਿਸ ਕਰਕੇ ਇਸ ਦਿਨ ਦੀ ਧਾਰਮਿਕ ਮਹੱਤਤਾ ਵੀ ਬਹੁਤ ਵੱਡੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸੰਸਕਾਰਾਂ ਅਤੇ ਵਿਰਸੇ ਨਾਲ ਜੁੜੇ ਰਹਿਣ ਅਤੇ ਇਸ ਤਿਉਹਾਰ ਦੀ ਮਹੱਤਤਾ ਨੂੰ ਸਮਝਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਡਾ. ਆਸ਼ੀਸ਼ ਕੁਮਾਰ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਵਿਸਾਖੀ ਦਾ ਤਿਉਹਾਰ ਇਤਿਹਾਸਕ ਮਹੱਤਤਾ ਦੇ ਨਾਲ-ਨਾਲ ਕਣਕ ਦੀ ਫ਼ਸਲ ਦੇ ਪੱਕਣ ਦੀ ਖੁਸ਼ੀ ਵਿੱਚ ਵੀ ਮਨਾਇਆ ਜਾਂਦਾ ਹੈ। ਇਸ ਪ੍ਰੋਗਰਾਮ ਦਾ ਆਯੋਜਨ ਸਕੂਲ ਦੇ ਵਿਦਿਆਰਥੀਆਂ ਵੱਲੋਂ ਕੀਤਾ ਗਿਆ। ਮੰਚ ਸੰਚਾਲਨ ਨੌਵੀਂ ਜਮਾਤ ਦੀਆਂ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ ਅਤੇ ਸਹਿਜਪ੍ਰੀਤ ਕੌਰ ਵੱਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਧੰਨਵਾਦੀ ਸ਼ਬਦ ਸੰਤੋਸ਼ ਰਾਣੀ ਵੱਲੋਂ ਪੇਸ਼ ਕੀਤੇ ਗਏ।