ਐਡਵੋਕੇਟ ਦਿਲਜੋਤ ਸ਼ਰਮਾ ਦੇ ਪਰਿਵਾਰ ਨੂੰ ਦਿੱਤਾ ਜਾਵੇ ਇਨਸਾਫ਼ : ਜ਼ਿਲ੍ਹਾ ਬਾਰ ਐਸੋਸੀਏਸ਼ਨ
ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ
Publish Date: Thu, 15 Jan 2026 06:56 PM (IST)
Updated Date: Thu, 15 Jan 2026 06:57 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਐਡਵੋਕੇਟ ਦਿਲਜੋਤ ਸ਼ਰਮਾ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਜਾਂਚ ਕਰ ਪੁਲਿਸ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਐਡਵੋਕੇਟ ਦਿਲਜੋਤ ਸ਼ਰਮਾ ਐਸੋਸੀਏਸ਼ਨ ਦੇ ਮੈਂਬਰ ਸਨ ਅਤੇ ਉਹ ਲੇਬਰ ਕੋਰਟ ਲੁਧਿਆਣਾ ਵਿੱਚ ਬਤੌਰ ਐਡਵੋਕੇਟ ਪ੍ਰੈਕਟਿਸ ਕਰ ਰਹੇ ਸਨ। ਪਿਛਲੇ ਦਿਨ੍ਹੀਂ ਉਹ ਅਚਾਨਕ ਸਦੀਵੀ ਵਿਛੋੜਾ ਦੇ ਗਏ, ਜਿਸ ਨਾਲ ਵਕੀਲ ਭਾਈਚਾਰੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਵੱਲੋਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਉਹ ਐਡਵੋਕੇਟ ਦਿਲਜੋਤ ਸ਼ਰਮਾ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ। ਬਾਰ ਐਸੋਸੀਏਸ਼ਨ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਐਡਵੋਕੇਟ ਦਿਲਜੋਤ ਸ਼ਰਮਾ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੀ ਨਿਰਪੱਖ ਜਾਂਚ ਕਰ ਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਨਾਲ ਹੀ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਇਸ ਦੁੱਖ ਦੀ ਘੜੀ ਵਿੱਚ ਪੂਰੀ ਤਰ੍ਹਾਂ ਪਰਿਵਾਰ ਦੇ ਨਾਲ ਖੜ੍ਹੀ ਹੈ।