ਪਰਗਟ ਸਿੰਘ ਦਾ ਭਗਵੰਤ ਮਾਨ ਸਰਕਾਰ 'ਤੇ ਤਿੱਖਾ ਹਮਲਾ: ‘ਸੂਬੇ ਨੂੰ ਪੁਲਿਸ ਸਟੇਟ ਬਣਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼’
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਰੀਬ ਇਕ ਸਾਲ ਪਹਿਲਾਂ ਵਿਧਾਨ ਸਭਾ ਵਿੱਚ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਨੂੰ ਪੁਲਿਸ ਸਟੇਟ ਨਾ ਬਣਾਉਣ ਦੀ ਚਿਤਾਵਨੀ ਦਿੱਤੀ ਸੀ। ਪੰਜਾਬੀਆਂ ਨੇ ਇਤਿਹਾਸ ਵਿੱਚ ਕਦੇ ਕਿਸੇ ਦੀ ਅਧੀਨਗੀ ਸਵੀਕਾਰ ਨਹੀਂ ਕੀਤੀ ਅਤੇ ਨਾ ਹੀ ਹੁਣ ਅਜਿਹਾ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਨੂੰ ਦੇਖਿਆ ਜਾਵੇ ਤਾਂ ਹਰ ਵਾਰ ਨੁਕਸਾਨ ਪੰਜਾਬ ਦਾ ਹੀ ਹੋਇਆ ਹੈ, ਜਦਕਿ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।
Publish Date: Fri, 30 Oct 2026 02:54 PM (IST)
Updated Date: Fri, 30 Oct 2026 03:04 PM (IST)
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ। ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਭ ਕੁਝ ਠੀਕ ਹੋਣ ਦਾ ਦਿਖਾਵਾ ਕਰ ਰਹੀ ਹੈ। ਸਰਕਾਰ ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਵੱਲ ਲਿਜਾ ਰਹੀ ਹੈ। ਇਹ ਗੱਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਨੇ ਮਾਨਸਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀਆਂ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਰੀਬ ਇਕ ਸਾਲ ਪਹਿਲਾਂ ਵਿਧਾਨ ਸਭਾ ਵਿੱਚ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਨੂੰ ਪੁਲਿਸ ਸਟੇਟ ਨਾ ਬਣਾਉਣ ਦੀ ਚਿਤਾਵਨੀ ਦਿੱਤੀ ਸੀ। ਪੰਜਾਬੀਆਂ ਨੇ ਇਤਿਹਾਸ ਵਿੱਚ ਕਦੇ ਕਿਸੇ ਦੀ ਅਧੀਨਗੀ ਸਵੀਕਾਰ ਨਹੀਂ ਕੀਤੀ ਅਤੇ ਨਾ ਹੀ ਹੁਣ ਅਜਿਹਾ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਨੂੰ ਦੇਖਿਆ ਜਾਵੇ ਤਾਂ ਹਰ ਵਾਰ ਨੁਕਸਾਨ ਪੰਜਾਬ ਦਾ ਹੀ ਹੋਇਆ ਹੈ, ਜਦਕਿ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।
ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਦਾ ਜ਼ਿਕਰ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੁਲਿਸ ਆਪਣੀ ਹੀ ਥਿਊਰੀ ਬਣਾ ਕੇ ਬੈਠੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਵੱਲੋਂ ਪਰਿਵਾਰ ਦੀ ਮਰਜ਼ੀ ਦੇ ਉਲਟ ਲਾਸ਼ ਲਿਜਾਣ ਅਤੇ ਸਸਕਾਰ ਕਰਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਪੁਲਿਸ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ ਅਤੇ ਸਬੰਧਤ ਐੱਸ.ਐੱਸ.ਪੀ. ਨੂੰ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਬੁਢਲਾਡਾ ਵਿੱਚ ਪੁਲਿਸ ਮੁਲਾਜ਼ਮ ਦੀ ਜੇਬ ਵਿੱਚੋਂ ਨਸ਼ਾ ਮਿਲਣ ਦੇ ਮਾਮਲੇ ’ਤੇ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਦੋਂ ਨਸ਼ਾ ਰੋਕਣ ਦੀ ਜ਼ਿੰਮੇਵਾਰੀ ਪੁਲਿਸ ਦੀ ਹੈ ਤਾਂ ਪੁਲਿਸ ਮੁਲਾਜ਼ਮਾਂ ਨਾਲ ਜੁੜੀਆਂ ਅਜਿਹੀਆਂ ਘਟਨਾਵਾਂ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਅਫ਼ਸੋਸ ਜਤਾਇਆ ਕਿ ਇੰਨੇ ਗੰਭੀਰ ਮਾਮਲਿਆਂ ਦੇ ਬਾਵਜੂਦ ਸਰਕਾਰ ਦਾ ਕੋਈ ਨੁਮਾਇੰਦਾ ਪੀੜ੍ਹਤ ਪਰਿਵਾਰਾਂ ਕੋਲ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧੀ ਹੋਣ ਦੇ ਬਾਵਜੂਦ ਦੁੱਖ ਦੀ ਘੜੀ ਵਿੱਚ ਹਰ ਕਿਸੇ ਦੇ ਘਰ ਅਫ਼ਸੋਸ ਕਰਨ ਜਾਣਾ ਚਾਹੀਦਾ ਹੈ।
ਪਰਗਟ ਸਿੰਘ ਨੇ ਅੱਗੇ ਕਿਹਾ ਕਿ ਲੱਖਾ ਸਿਧਾਣਾ ਸਮੇਤ ਹੋਰ ਲੋਕਾਂ ਖ਼ਿਲਾਫ਼ ਪਰਚੇ ਦਰਜ ਕੀਤੇ ਗਏ ਹਨ। ਉਨ੍ਹਾਂ ਅਰਵਿੰਦਰ ਕੌਰ ਨੂੰ ਹਿਰਾਸਤ ਵਿੱਚ ਲੈਣ ਅਤੇ ਕਥਿਤ ਤੌਰ ’ਤੇ ਰਾਤ ਸਮੇਂ ਸੁੰਨਸਾਨ ਰਾਹ ’ਤੇ ਛੱਡਣ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਧੀਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਧੀਆਂ ਦੀ ਸੁਰੱਖਿਆ ਨੂੰ ਹਮੇਸ਼ਾ ਅਹਿਮ ਮੰਨਿਆ ਜਾਂਦਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਅਤੇ ਵਪਾਰੀ ਵਰਗ ਅੱਜ ਵੀ ਕਈ ਮੁਸ਼ਕਲਾਂ ਨਾਲ ਜੂਝ ਰਿਹਾ ਹੈ। ਦੇਸ਼ ਦੇ ਮੌਜੂਦਾ ਹਾਲਾਤ ਵੀ ਚਿੰਤਾਜਨਕ ਹਨ ਅਤੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਸਮਝਣ ਦੀ ਲੋੜ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਨੂੰ ਇਨ੍ਹਾਂ ਹਾਲਾਤ ਦੇ ਨਤੀਜੇ ਭੁਗਤਣੇ ਪੈਣਗੇ।
ਦਲਜੀਤ ਸਿੰਘ ਦੇ ਪਰਿਵਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਤਨੀ ਨੇ ਦੱਸਿਆ ਹੈ ਕਿ ਉਸ ਦਾ ਪਤੀ ਘਰੋਂ ਪੈਸੇ ਲੈ ਕੇ ਵੀ ਨਹੀਂ ਜਾਂਦਾ ਸੀ। ਉਨ੍ਹਾਂ ਕਿਹਾ ਕਿ ਜਿਸ ਦਿਨ ਪੰਜਾਬ ਦੇ ਲੋਕ ਇਕਜੁੱਟ ਹੋ ਕੇ ਇਨ੍ਹਾਂ ਸਮੱਸਿਆਵਾਂ ਖ਼ਿਲਾਫ਼ ਖੜ੍ਹੇ ਹੋਣਗੇ, ਉਸ ਦਿਨ ਹੀ ਬਦਲਾਅ ਸੰਭਵ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਸਿਆਣਪ ਅਤੇ ਇਕਜੁੱਟਤਾ ਨਾਲ ਅੱਗੇ ਵਧਣਾ ਜ਼ਰੂਰੀ ਹੈ। ਜਦੋਂ ਤੱਕ ਸੂਬੇ ਨੂੰ ਚੰਗੀ ਲੀਡਰਸ਼ਿਪ ਨਹੀਂ ਮਿਲਦੀ, ਉਦੋਂ ਤੱਕ ਸਮੱਸਿਆਵਾਂ ਦਾ ਹੱਲ ਸੰਭਵ ਨਹੀਂ। ਸਮਾਜ, ਸਿੱਖਿਆ ਅਤੇ ਪੁਲਿਸ ਪ੍ਰਣਾਲੀ ਵਿੱਚ ਸੁਧਾਰ ਲਿਆ ਕੇ ਹੀ ਪੰਜਾਬ ਨੂੰ ਇਨ੍ਹਾਂ ਚੁਣੌਤੀਆਂ ਤੋਂ ਬਾਹਰ ਕੱਢਿਆ ਜਾ ਸਕਦਾ ਹੈ।