16 ਦੇ ਧਰਨੇ ਦੀ ਤਿਆਰੀ ਸਬੰਧੀ ਕੀਤੀ ਰੈਲੀ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਝੁਨੀਰ
Publish Date: Sat, 10 Jan 2026 05:38 PM (IST)
Updated Date: Sun, 11 Jan 2026 04:06 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਝੁਨੀਰ ਬਲਾਕ ਦੇ ਪਿੰਡ ਮੋਫ਼ਰ ਵਿੱਚ ਬਲਾਕ ਪ੍ਰਧਾਨ ਤੇਜਾ ਸਿੰਘ ਰਾਮਾਨੰਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਵੱਲੋਂ ਭੇਜੇ ਤਿੰਨ ਬਿਲਾਂ ਬਿਜਲੀ ਸੋਧ ਬਿੱਲ, ਬੀਜ ਬਿਲ ਅਤੇ ਚਾਰ ਲੇਬਰ ਕੋਡਾਂ ਦੇ ਸਬੰਧ ਵਿੱਚ ਰੈਲੀ ਕਰਵਾਈ ਗਈ। ਇਸ ਸਮੇਂ ਬੋਲਦਿਆਂ ਜਥੇਬੰਦੀ ਦੇ ਸੂਬਾ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ-2025 ਰਾਹੀਂ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਖੜ੍ਹਾ ਕੀਤਾ ਢਾਂਚਾ ਪ੍ਰਾਈਵੇਟ ਕੰਪਨੀਆਂ ਦੇ ਹੱਥ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਵਿੱਚ ਪ੍ਰਾਈਵੇਟ ਕੰਪਨੀਆਂ ਦੀ ਅਜ਼ਾਰੇਦਾਰੀ ਕਾਇਮ ਕਰਕੇ ਮੋਦੀ ਸਰਕਾਰ ਵੱਲੋਂ ਲੋਕਾਂ ਦੀ ਮਨਮਰਜ਼ੀ ਦੀ ਲੁੱਟ ਕਰਨ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਬੀਜ ਬਿੱਲ ਵਿੱਚ ਕਿਸਾਨ ਨੂੰ ਇਸ ਬਿੱਲ ਦੇ ਪ੍ਰਭਾਵ ਤੋਂ ਮੁਕਤ ਕਰਨ ਦੀ ਗੱਲ ਕੀਤੀ ਜਾ ਰਹੀ ਹੈ, ਪਰ ਉਥੇ ਹੀ ਪ੍ਰਾਈਵੇਟ ਕੰਪਨੀਆਂ ਨੂੰ ਬਿਨ੍ਹਾਂ ਕਿਸੇ ਰਜਿਸਟਰੇਸ਼ਨ ਤੋਂ ਬੀਜ ਵੇਚਣ ਦੀ ਖੁੱਲ ਅਤੇ ਨਾਲ ਹੀ ਕਿਸਾਨਾਂ ਨੂੰ ਬਿਲ ਵਿੱਚ ਮੁਆਵਜੇ ਬਾਰੇ ਕੋਈ ਵੀ ਜ਼ਿਕਰ ਨਾ ਕਰਨ ਤੋਂ ਮੋਦੀ ਸਰਕਾਰ ਦੀ ਲੋਕ ਵਿਰੋਧੀ ਮਨਸ਼ਾ ਸਾਫ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਜਿੱਥੇ ਮਗਨਰੇਗਾ ਸਕੀਮ ਨੂੰ ਬਦਲ ਕੇ ਵੀਬੀ ਜੀ ਰਾਮ ਜੀ ਸਕੀਮ ਨੂੰ ਕੇਂਦਰ ਸਰਕਾਰ ਵੱਲੋਂ ਵੱਧ ਰੁਜ਼ਗਾਰ ਦੇਣ ਦੇ ਨਾਮ ਨਾਲ ਉਭਾਰਿਆ ਜਾ ਰਿਹਾ ਹੈ ਪਰ ਉੱਥੇ ਹੀ ਬਜਟ ਵਿੱਚ ਕੋਈ ਵੀ ਵਾਧਾ ਨਾ ਕਰਨਾ ਸਾਫ਼ ਕਰਦਾ ਹੈ ਕਿ ਸਰਕਾਰ ਦੀ ਕਹਿਣੀ ਅਤੇ ਕਰਨੀ ਵਿੱਚ ਕੋਹਾਂ ਦਾ ਅੰਤਰ ਹੈ। ਉਨ੍ਹਾਂ ਕਿਹਾ ਕਿ ਲੇਬਰ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਮਜ਼ਦੂਰਾਂ ਨੂੰ ਦਿੱਤੇ ਹੱਕਾਂ ਨੂੰ ਕੁਚਲ ਰਹੀਆਂ ਹਨ ਅਤੇ ਮੋਦੀ ਸਰਕਾਰ ਦੀ ਜਥੇਬੰਦ ਤਾਕਤ ਨੂੰ ਖੁਰਦ ਬੁਰਦ ਕਰਨ ਦੀ ਵਿਉਂਤਬੰਦੀ ਹੈ। ਉਨ੍ਹਾਂ ਕਿਹਾ ਕਿ ਭਾਕਿਯੂ ਏਕਤਾ ਡਕੌਂਦਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ 16 ਜਨਵਰੀ ਨੂੰ ਡੀਸੀ ਦਫ਼ਤਰਾਂ ਅੱਗੇ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਵੱਡੀ ਪੱਧਰ ਉੱਤੇ ਸ਼ਮੂਲੀਅਤ ਕਰੇਗੀ। ਇਸ ਮੌਕੇ ਬਲਾਕ ਕਮੇਟੀ ਦੇ ਖ਼ਜ਼ਾਨਚੀ ਬਲਜਿੰਦਰ ਸਿੰਘ ਮੋਫਰ ਸਮੇਤ ਬਲਵਿੰਦਰ ਸਿੰਘ, ਗੁਰਦੇਵ ਸਿੰਘ ਭੰਮੇ ਖੁਰਦ, ਬਹਾਲ ਸਿੰਘ, ਬਲਜਿੰਦਰ ਸਿੰਘ, ਕਰਨੈਲ ਸਿੰਘ, ਜਸਵੀਰ ਸਿੰਘ, ਜਨਕ ਸਿੰਘ, ਹਰਮੋਹਨ ਸਿੰਘ, ਜਗਸੀਰ ਸਿੰਘ, ਬਲਵਿੰਦਰ ਸਿੰਘ ਅਤੇ ਜਸਵੀਰ ਸਿੰਘ ਵੀ ਹਾਜ਼ਰ ਰਹੇ।