ਡਾ. ਅੰਬੇਡਕਰ ਨੇ ਮਨੁੱਖੀ ਹੱਕਾਂ ਲਈ ਜ਼ਿੰਦਗੀ ਕੀਤੀ ਨਿਛਾਵਰ : ਡੀਸੀ
ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੇ ਮਨੁੱਖੀ
Publish Date: Tue, 14 Apr 2026 05:44 PM (IST)
Updated Date: Wed, 15 Apr 2026 04:07 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜ਼ਿੰਦਗੀ ਨਿਛਾਵਰ ਕੀਤੀ। ਉਨ੍ਹਾਂ ਨੇ ਨਾਲ ਸਿਰਫ਼ ਪੱਛੜੇ ਲੋਕਾਂ ਦੇ ਹਿੱਤਾਂ ਲਈ ਬਲਕਿ ਔਰਤਾਂ ਦੇ ਹੱਕਾਂ ਲਈ ਵੀ ਲੜਾਈ ਲੜੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈਏਐੱਸ ਨੇ ਅੱਜ ਡਾ. ਅੰਬੇਡਕਰ ਜੈਅੰਤੀ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ, ਉਨ੍ਹਾਂ ਦੇ ਬੁੱਤ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡਾ. ਅੰਬੇਡਕਰ ਮਹਾਨ ਵਿਦਵਾਨ, ਸਮਾਜ ਸੁਧਾਰਕ ਤੇ ਦੂਰਦ੍ਰਿਸ਼ਟੀ ਵਾਲੇ ਮਨੁੱਖ ਸਨ। ਉਹ ਭਾਰਤੀ ਸੰਵਿਧਾਨ ਦੇ ਰਚਨਾਕਾਰ ਸਨ, ਜਿਨ੍ਹਾਂ ਨੇ ਮਰਦ ਅਤੇ ਔਰਤ ਨੂੰ ਬਰਾਬਰ ਦਾ ਹੱਕ ਦਿੱਤਾ। ਉਨ੍ਹਾਂ ਦੀ ਸੋਚ ਨੇ ਸਾਨੂੰ ਬਲ ਬਖ਼ਸ਼ਿਆ ਹੈ ਕਿ ਅਸੀਂ ਆਪਣੇ ਪੱਛੜੇਪਨ ਤੋਂ ਉੱਪਰ ਉੱਠ ਕੇ ਅੱਗੇ ਵਧੀਏ। ਉਨ੍ਹਾਂ ਨੇ ਸਾਨੂੰ ਦੱਸਿਆ ਹੈ ਕਿ ਹਰ ਬੱਚੇ ਲਈ ਸਿੱਖਿਆ ਲਾਜ਼ਮੀ ਹੋਣੀ ਚਾਹੀਦੀ ਹੈ ਤਾਂ ਕਿ ਅਸੀਂ ਸਮਾਜ ’ਚ ਆਪਣਾ ਪੱਧਰ ਉੱਚਾ ਕਰ ਸਕੀਏ। ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਇਹ ਵਚਨਬੱਧਤਾ ਹੈ ਕਿ ਜੋ ਵੀ ਸਰਕਾਰੀ ਲੋਕ ਭਲਾਈ ਸਕੀਮਾਂ ਹਨ ਉਹ ਲੋੜਵੰਦ ਲੋਕਾਂ ਨੂੰ ਮਿਲਣ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਨੂੰ ਆਪਣਾ ਫਰਜ਼ ਸਮਝਦੇ ਹੋਏ ਪੱਛੜੇ ਵਰਗ ਦੇ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਕਿਹਾ। ਇਸ ਮੌਕੇ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਵੱਖ ਵੱਖ ਵਿਭਾਗੀ ਅਧਿਕਾਰੀ, ਕਰਮਚਾਰੀ ਅਤੇ ਸ਼ਹਿਰ ਵਾਸੀ ਹਾਜ਼ਰ ਸਨ।