- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਨਾ

-ਕਿਹਾ, ਦੋਵੇਂ ਸਰਕਾਰਾਂ ਕੁੱਝ ਕਰਨ ਦੀ ਬਜਾਏ ਇਕ-ਦੂਜੇ ’ਤੇ ਮੜ੍ਹ ਰਹੀਆਂ ਨੇ ਦੋਸ਼
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਕਾਰਨ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਅੱਜ ਮਾਨਸਾ ’ਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਘਿਰਾਓ ਕਰਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਣਕ ਦੀ ਵਾਢੀ ਦਾ ਸੀਜ਼ਨ ਜ਼ੋਰਾਂ ’ਤੇ ਹੋਣ ਦੇ ਬਾਵਜੂਦ ਵੀ ਡੀਸੀ ਦਫ਼ਤਰ ਦੇ ਘਿਰਾਓ ਵਿੱਚ ਸੈਂਕੜੇ ਕਿਸਾਨ ਸ਼ਾਮਲ ਹੋਏ। ਮੁਲਾਜ਼ਮਾਂ ਵੱਲੋਂ ਡੀਸੀ ਦਫ਼ਤਰ ਵਾਲਾ ਗੇਟ ਬੰਦ ਕਰ ਲਿਆ ਗਿਆ ਅਤੇ ਕਿਸਾਨ ਗੇਟ ’ਤੇ ਬੈਠ ਕੇ ਹੀ ਨਾਅਰੇਬਾਜ਼ੀ ਕਰਦੇ ਰਹੇ।
ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਕਣਕ ਪੱਕਣ ਦੀ ਰੁੱਤ ਸਮੇਂ ਹੋਈ ਬੇਮੌਸਮੀ ਬਾਰਸ਼ ਅਤੇ ਗੜ੍ਹਿਆਂ ਨਾਲ ਕਿਸਾਨਾਂ ਦਾ ਨੁਕਸਾਨ ਹੋਇਆ ਹੈ। ਉਸ ਦਾ ਮੁਆਵਜ਼ਾ ਦੇਣ ਦੀ ਬਜਾਏ ਹੁਣ ਜਦੋਂ ਕਣਕ ਦੀ ਫ਼ਸਲ ਮੰਡੀਆਂ ਵਿੱਚ ਆ ਰਹੀ ਹੈ। ਸਾਰੀਆਂ ਹੀ ਮੰਡੀਆਂ ਨੱਕੋ ਨੱਕ ਭਰ ਗਈਆਂ ਹਨ, ਜਿਸ ਦੀ ਖ਼ਰੀਦ ਕਰਨ ਲਈ ਨਾ ਤਾਂ ਪੰਜਾਬ ਸਰਕਾਰ ਦੀਆਂ ਖ਼ਰੀਦ ਏਜੰਸੀਆਂ ਅਤੇ ਨਾ ਹੀ ਕੇਂਦਰ ਸਰਕਾਰ ਦੀ ਕੋਈ ਏਜੰਸੀ ਅਜੇ ਤੱਕ ਮੰਡੀਆਂ ਵਿੱਚ ਦਾਖ਼ਲ ਹੋਈ। ਸਰਕਾਰ ਨੇ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਕਰਨ ਦਾ ਐਲਾਨ ਕੀਤਾ ਹੋਇਆ ਹੈ, ਇਸ ਨੂੰ ਅੱਜ 15 ਅਪ੍ਰੈਲ ਤੱਕ ਕਿਸੇ ਵੀ ਮੰਡੀ ਵਿੱਚ ਲਾਗੂ ਨਹੀਂ ਕੀਤਾ। ਦੋਵੇਂ ਸਰਕਾਰਾਂ ਕੁੱਝ ਕਰਨ ਦੀ ਬਜਾਏ ਇਕ-ਦੂਜੇ ’ਤੇ ਦੋਸ਼ ਮੜ੍ਹ ਰਹੀਆਂ ਅਤੇ ਇੱਕ ਦੂਜੇ ਨੂੰ ਜ਼ਿੰਮੇਵਾਰ ਕਹਿ ਰਹੀਆਂ ਹਨ।
ਕਿਸਾਨ ਆਗੂ ਨੇ ਕਿਹਾ ਕਿ ਕਣਕ ਦੇ ਦਾਣਿਆਂ ਵਿੱਚ ਕੋਈ ਘਾਟ ਨਹੀਂ ਹੈ। ਸਰਕਾਰਾਂ ਖ਼ਰੀਦ ਕਰਨ ਤੋਂ ਭੱਜਣ ਦਾ ਬਹਾਨਾ ਬਣਾ ਰਹੀਆਂ ਹਨ। ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਜਦੋਂ ਦਿੱਲੀ ਪੁਲਿਸ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਵਕਤ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਵਿਧਾਇਕ ਅਤੇ ਮੰਤਰੀਆਂ ਨੂੰ ਨਾਲ ਲੈ ਕੇ ਦਿੱਲੀ ਜਾ ਕੇ ਧਰਨੇ ਤੇ ਬੈਠ ਗਿਆ ਸੀ, ਪਰ ਹੁਣ ਕਣਕ ਦੇ ਖ਼ਰੀਦ ਮਾਮਲੇ ਵਿੱਚ ਜੇ ਦਿੱਲੀ ਸਰਕਾਰ ਸ਼ਰਤਾਂ ਨੂੰ ਸਖ਼ਤ ਕਰਦੀ ਹੈ ਤਾਂ ਹੁਣ ਕਿਉਂ ਨਹੀਂ ਦਿੱਲੀ ਜਾ ਕੇ ਧਰਨੇ ਤੇ ਬੈਠਦੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਖ਼ਰੀਦ ਵੀ ਸ਼ੁਰੂ ਨਹੀਂ ਹੋਈ ਕਿ ਅਜੇ ਤੱਕ ਮੰਡੀਆਂ ਵਿੱਚ ਬਾਰਦਾਨੇ ਦਾ ਗੱਟਾ ਤੱਕ ਨਹੀਂ ਪਹੁੰਚਿਆ, ਜਿਸ ਤੋਂ ਪੰਜਾਬ ਸਰਕਾਰ ਦੀ ਬੇਈਮਾਨੀ ਸਾਫ਼ ਝਲਕਦੀ ਹੈ।
ਉਨ੍ਹਾਂ ਮੰਗ ਕੀਤੀ ਕਿ ਬਾਰਦਾਨਾ ਤੁਰੰਤ ਭੇਜ ਕੇ ਕਣਕ ਦੀ ਖ਼ਰੀਦ ਤੁਰੰਤ ਸ਼ੁਰੂ ਕੀਤੀ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਕਿਸਾਨ ਅੰਦੋਲਨ ਨੂੰ ਹੋਰ ਤਿੱਖਾ ਕਰਨਗੇ। ਚੱਲਦੇ ਘਿਰਾਓ ਸਮੇਂ ਕਿਸਾਨ ਆਗੂਆਂ ਨੂੰ ਡੀਸੀ ਦਫ਼ਤਰ ਮਾਨਸਾ ਦੇ ਦਫ਼ਤਰ ਬੁਲਾ ਕੇ ਖੁਦ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਕੀਤੀ ਗਈ। ਉਨ੍ਹਾਂ ਕਿਸਾਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਅੱਜ ਤੋਂ ਖ਼ਰੀਦ ਸ਼ੁਰੂ ਕਰ ਦਿੱਤੀ ਜਾਵੇਗੀ। ਪੂਰਾ ਮਸਲਾ ਦਿੱਲੀ ਸਰਕਾਰ ਦੇ ਫ਼ੈਸਲੇ ਨਾਲ ਹੀ ਹੱਲ ਹੋਵੇਗਾ, ਜਿਸ ’ਤੇ ਕਿਸਾਨ ਆਗੂਆਂ ਨੇ ਕਿਹਾ ਕਿ ਖ਼ਰੀਦ ਦਾ ਮਸਲਾ ਪੂਰ੍ਹੀ ਤਰ੍ਹਾਂ ਹੱਲ ਕਰਵਾਉਣ ਤੱਕ ਅੰਦੋਲਨ ਜਾਰੀ ਰੱਖਿਆ ਜਾਵੇਗਾ। 16 ਅਪ੍ਰੈਲ ਨੂੰ ਸੂਬਾ ਕਮੇਟੀ ਦੇ ਸੱਦੇ ਤਹਿਤ ਸਾਰੇ ਜ਼ਿਲ੍ਹਿਆਂ ਦੇ ਹੈੱਡਕੁਆਰਟਰਾਂ ‘ਤੇ ਦਿੱਤੇ ਜਾ ਰਹੇ ਧਰਨਿਆਂ ਦੇ ਸੱਦੇ ਤਹਿਤ ਮਾਨਸਾ ਵਿੱਚ ਵੀ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ, ਉੱਤਮ ਸਿੰਘ ਰਾਮਾਂਨੰਦੀ, ਜਗਸੀਰ ਸਿੰਘ ਜਵਾਹਰਕੇ, ਮੇਜਰ ਸਿੰਘ ਗੋਬਿੰਦਪੁਰਾ, ਇੰਦਰਜੀਤ ਸਿੰਘ, ਸਾਧੂ ਸਿੰਘ ਅਕਲੀਆਂ, ਕੁਲਦੀਪ ਸਿੰਘ ਚਚੋਹਰ, ਹਰਪਾਲ ਸਿੰਘ ਮੀਰਪੁਰ, ਪਰਮਜੀਤ ਕੌਰ ਖੜ੍ਹਕ ਸਿੰਘ ਵਾਲਾ ਨੇ ਵੀ ਸੰਬੋਧਨ ਕੀਤਾ।