ਭਾਜਪਾ ਦਾ ਬੋਹਾ ਦਾਣਾ ਮੰਡੀ ਵਿਖੇ ਵਿਸ਼ਾਲ ਇਕੱਠ 23 ਨੂੰ ਭਾਰਤੀ ਜਨਤਾ ਪਾਰਟੀ
Publish Date: Sun, 20 Sep 2026 07:33 PM (IST)
Updated Date: Mon, 21 Sep 2026 04:09 AM (IST)
ਕੇਂਦਰੀ ਤੇ ਪੰਜਾਬ ਪੱਧਰੀ ਆਗੂ ਕਰਨਗੇ ਸੰਬੋਧਨ : ਹਾਕਮਵਾਲਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਮਾਨਸਾ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ 23 ਸਤੰਬਰ ਨੂੰ ਬੋਹਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਇਕੱਠ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਭਾਜਪਾ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਹਾਕਮਵਾਲਾ ਨੇ ਦੱਸਿਆ ਕਿ 23 ਸਤੰਬਰ ਨੂੰ ਦੁਪਹਿਰ 2 ਵਜੇ ਹੋਣ ਵਾਲੇ ਇਸ ਸਮਾਗਮ ਵਿੱਚ ਕੇਂਦਰ ਅਤੇ ਪੰਜਾਬ ਪੱਧਰ ਦੇ ਪਾਰਟੀ ਆਗੂ ਪਹੁੰਚ ਕੇ ਸੰਬੋਧਨ ਕਰਨਗੇ। ਦਾਣਾ ਮੰਡੀ ਵਿਖੇ ਰੈਲੀ ਵਾਲੀ ਥਾਂ ’ਤੇ ਗੱਲਬਾਤ ਕਰਦਿਆਂ ਬਲਵਿੰਦਰ ਸਿੰਘ ਹਾਕਮਵਾਲਾ ਨੇ ਕਿਹਾ ਕਿ ਪਾਰਟੀ ਦੀ ਯੋਜਨਾ ਅਨੁਸਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੰਦੇਸ਼ ਲੈ ਕੇ ਯਾਤਰਾ ਇਲਾਕੇ ਵਿੱਚੋਂ ਗੁਜ਼ਰੇਗੀ। ਉਨ੍ਹਾਂ ਦੱਸਿਆ ਕਿ ਯਾਤਰਾ ਦਾ ਪਿੰਡ ਮਲਕੋਂ ਵਿਖੇ ਭਾਜਪਾ ਵਰਕਰਾਂ ਵੱਲੋਂ ਸਵਾਗਤ ਕੀਤਾ ਜਾਵੇਗਾ, ਜਿਸ ਉਪਰੰਤ ਇਹ ਯਾਤਰਾ ਬੋਹਾ ਦੀ ਦਾਣਾ ਮੰਡੀ ਵਿਖੇ ਪਹੁੰਚੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਜੁੜਿਆ ਮੁੱਦਾ ਹੈ ਅਤੇ ਇਸ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਜ਼ਰੂਰੀ ਹੈ। ਉਨ੍ਹਾਂ ਦੇ ਅਨੁਸਾਰ ‘ਨਸ਼ਾ ਮੁਕਤ ਪੰਜਾਬ ਯਾਤਰਾ’ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਬਲਵਿੰਦਰ ਸਿੰਘ ਹਾਕਮਵਾਲਾ ਨੇ ਹਲਕਾ ਬੁਢਲਾਡਾ ਦੇ ਲੋਕਾਂ ਨੂੰ 23 ਸਤੰਬਰ ਨੂੰ ਬੋਹਾ ਦਾਣਾ ਮੰਡੀ ਵਿਖੇ ਹੋਣ ਵਾਲੇ ਇਕੱਠ ਵਿੱਚ ਸ਼ਾਮਲ ਹੋਣ ਅਤੇ ਕੇਂਦਰੀ ਤੇ ਪੰਜਾਬ ਪੱਧਰੀ ਆਗੂਆਂ ਦੇ ਵਿਚਾਰ ਸੁਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਸਮਾਜਿਕ ਭਾਗੀਦਾਰੀ ਰਾਹੀਂ ਇਸ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਮੌਕੇ ਗੁਲਾਬ ਸਿੰਘ, ਨਵਨੀਤ ਸ਼ਰਮਾ, ਉਮਲਾਲ ਬਾਲਮੀਕੀ, ਬਘੇਲਾ ਸਿੰਘ, ਸਤਪਾਲ ਬੋਹਾ, ਰਣਵੀਰ ਸਿੰਘ ਤੋਂ ਇਲਾਵਾ ਹੋਰ ਪਾਰਟੀ ਵਰਕਰ ਅਤੇ ਆਗੂ ਵੀ ਮੌਜੂਦ ਸਨ।