ਬੀਕੇਯੂ ਉਗਰਾਹਾਂ ਦੇ ਬਠਿੰਡਾ ਜਾ ਰਹੇ ਕਿਸਾਨਾਂ ਨੂੰ ਭੈਣੀ ਬਾਘਾ ਮਾਨਸਾ ਵਿਖੇ ਪੁਲਿਸ ਨੇ ਰੋਕਿਆ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ)
Publish Date: Wed, 18 Feb 2026 07:26 PM (IST)
Updated Date: Thu, 19 Feb 2026 04:09 AM (IST)

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਬਠਿੰਡਾ ਵਿੱਚ ਆਪਣੇ ਸਾਥੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲਗਾਏ ਜਾਣ ਵਾਲੇ ਧਰਨੇ ਲਈ ਮਾਨਸਾ ਜ਼ਿਲ੍ਹੇ ਵਿੱਚ ਪਿੰਡ ਭੈਣੀ ਬਾਘਾ ਵਿਖੇ ਇਕੱਠੇ ਹੋਏ ਕਿਸਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਰੋਕ ਲਿਆ ਗਿਆ। ਯੂਨੀਅਨ ਦੇ ਪ੍ਰਧਾਨ ਰਾਮ ਸਿੰਘ ਭੈਣੀ ਬਾਗਾ ਤੇ ਜਗਸੀਰ ਸਿੰਘ ਨੇ ਦੱਸਿਆ ਕਿ ਬਠਿੰਡਾ ਵਿੱਚ ਕਿਸਾਨ ਸ਼ਗਨਦੀਪ ਸਿੰਘ (ਪਿੰਡ ਜੀਉਂਦ ) ਅਤੇ ਬਲਦੇਵ ਸਿੰਘ (ਪਿੰਡ ਚਾਉਕੇ) ਦੀ ਰਿਹਾਈ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਸ਼ਾਂਤਮਈ ਧਰਨਾ ਦਿੱਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਬਠਿੰਡਾ ਵਿਖੇ ਧਰਨਾ ਦਿੱਤਾ ਗਿਆ। ਇਸ ਤੋਂ ਬਾਅਦ ਸਰਕਾਰ ਨੂੰ 14 ਤਾਰੀਖ ਤੱਕ ਦਾ ਸਮਾਂ ਦਿੱਤਾ ਗਿਆ ਸੀ, ਪਰ ਮੰਗਾਂ ਪੂਰੀਆਂ ਨਾ ਹੋਣ ਕਾਰਨ ਮੁੜ ਧਰਨੇ ਦਾ ਐਲਾਨ ਕੀਤਾ ਗਿਆ। ਮਾਨਸਾ ਦੇ ਭੈਣੀ ਬਾਘਾ ਵਿਖੇ ਵੱਖ-ਵੱਖ ਇਲਾਕਿਆਂ ਤੋਂ ਕਿਸਾਨ ਇਕੱਠੇ ਹੋਏ ਸਨ, ਪਰ ਪੁਲਿਸ ਵੱਲੋਂ ਬੱਸਾਂ ਅਤੇ ਹੋਰ ਵਾਹਨ ਲਗਾ ਕੇ ਉਨ੍ਹਾਂ ਨੂੰ ਅੱਗੇ ਵੱਧਣ ਤੋਂ ਰੋਕ ਦਿੱਤਾ ਗਿਆ। ਪੁਲਿਸ ਦੁਆਰਾ ਖੜ੍ਹੇ ਕੀਤੇ ਸੜਕ ਤੇ ਵਾਹਨ ਅਤੇ ਕਿਸਾਨਾਂ ਨੂੰ ਰੋਕਣ ਦੇ ਚੱਲਦਿਆਂ ਹੀ ਜਾਮ ਲੱਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਕਿਸਾਨਾਂ ਦੇ ਸਬਰ ਦੀ ਪਰਖ ਲੈ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।