ਭੂਸ਼ਣ ਮੱਤੀ ਨੇ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ ਵਾਰਡ ਨੰਬਰ. 10 ਤੋਂ ਆਜ਼ਾਦ
Publish Date: Wed, 15 Jul 2026 06:33 PM (IST)
Updated Date: Thu, 16 Jul 2026 04:04 AM (IST)
ਸਮਰਥਕਾਂ ਦੇ ਭਾਰੀ ਇਕੱਠ ਵਿੱਚ ਤਾਜਪੋਸ਼ੀ, ਸ਼ਹਿਰ ਦੇ ਸਰਵਪੱਖੀ ਵਿਕਾਸ ਦਾ ਕੀਤਾ ਵਾਅਦਾ ਫ਼ੋਟੋ : 7 ਐਮਏਐਨ ਕੈਪਸ਼ਨ : ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਵੱਜੋ ਭੂਸ਼ਣ ਮੱਤੀ ਵੱਲੋਂ ਅਹੁਦਾ ਸੰਭਾਲੇ ਜਾਣ ’ਤੇ ਵਿਧਾਇਕ ਡਾ. ਵਿਜੇ ਸਿੰਗਲਾ ਅਤੇ ਹੋਰ ਵਧਾਈ ਦਿੰਦੇ ਹੋਏ। ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ : ਵਾਰਡ ਨੰਬਰ. 10 ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਹਾਸਲ ਕਰਨ ਵਾਲੇ ਭੂਸ਼ਣ ਮੱਤੀ ਨੇ ਮੰਗਲਵਾਰ ਨੂੰ ਆਪਣੇ ਸਮਰਥਕਾਂ, ਸ਼ਹਿਰ ਦੇ ਪਤਵੰਤਿਆਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਨਾਗਰਿਕਾਂ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਨਗਰ ਕੌਂਸਲ ਦਫ਼ਤਰ ਵਿੱਚ ਹੋਏ ਸਮਾਗਮ ਦੌਰਾਨ ਉਨ੍ਹਾਂ ਨੂੰ ਵਧਾਈ ਦੇਣ ਲਈ ਵੱਖ-ਵੱਖ ਸਮਾਜਿਕ, ਧਾਰਮਿਕ, ਵਪਾਰਕ ਅਤੇ ਰਾਜਨੀਤਿਕ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਵੀ ਪਹੁੰਚੀਆਂ। ਵਿਧਾਇਕ ਡਾ. ਵਿਜੈ ਸਿੰਗਲਾ ਤੇ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਸ਼ਹਿਰ ਦੇ ਸਮੁੱਚੇ ਵਿਕਾਸ ਨੂੰ ਹੋਰ ਰਫ਼ਤਾਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਭ ਤੋਂ ਗੰਭੀਰ ਸੀਵਰੇਜ ਤੇ ਪਾਣੀ ਨਿਕਾਸੀ ਦੀ ਮੁਸ਼ਕਲ ਹੱਲ ਹੋ ਗਈ ਹੈ। 44 ਕਰੋੜ ਰੁਪਏ ਨਾਲ ਤਿਆਰ ਕੀਤਾ ਪ੍ਰੋਜੈਕਟ ਲਗਪਗ ਤਿਆਰ ਹੈ। ਕੁਝ ਕੁ ਦਿਨਾਂ ‘ਚ ਇਸਨੂੰ ਮੁਕੰਮਲ ਰੂਪ ‘ਚ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਭੂਸ਼ਨ ਮੱਤੀ ਦੀ ਅਗਵਾਈ ‘ਚ ਨਵੇਂ ਤੇ ਅਧੂਰੇ ਪਏ ਕਾਰਜ ਮੁਕੰਮਲ ਕਰੇਗੀ। ਅਹੁਦਾ ਸੰਭਾਲਣ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੂਸ਼ਣ ਮੱਤੀ ਨੇ ਕਿਹਾ ਕਿ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਉਨ੍ਹਾਂ ਦੀ ਸਭ ਤੋਂ ਪਹਿਲੀ ਅਤੇ ਮੁੱਖ ਜ਼ਿੰਮੇਵਾਰੀ ਮਾਨਸਾ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਵਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ। ਉਹ ਉਸ ਭਰੋਸੇ ’ਤੇ ਪੂਰੀ ਤਰ੍ਹਾਂ ਖਰ੍ਹਾ ਉਤਰਨ ਦਾ ਯਤਨ ਕਰਨਗੇ। ਭੂਸ਼ਣ ਮੱਤੀ ਨੇ ਕਿਹਾ ਕਿ ਉਹ ਨਗਰ ਕੌਂਸਲ ਦੇ ਸਮੂਹ ਕੌਂਸਲਰਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਅਤੇ ਮਾਨਸਾ ਨੂੰ ਇੱਕ ਸੁੰਦਰ, ਵਿਕਸਤ ਅਤੇ ਸੁਵਿਧਾ-ਸੰਪੰਨ ਸ਼ਹਿਰ ਬਣਾਉਣਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਦਿਆਂ ਵਿਕਾਸ ਦੀ ਰਫ਼ਤਾਰ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ ਅਤੇ ਮਾਨਸਾ ਨੂੰ ਤਰੱਕੀ ਦੇ ਨਵੇਂ ਮਾਪਦੰਡਾਂ ਤੱਕ ਲਿਜਾਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕੀਤਾ ਜਾਵੇਗਾ। ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਚਰ, ਟਰੱਕ ਯੂਨੀਅਨ ਪ੍ਰਧਾਨ ਰਿੰਪੀ ਮਾਨਸ਼ਾਹੀਆ , ਕੌਂਸਲਰ ਸੁਖਦੀਪ ਸੈਂਡੀ, ਕੌਂਸਲਰ ਅਸ਼ੋਕ ਸਪੋਲੀਆ, ਆਪ ਆਗੂ ਅਮਨ ਮਿੱਤਲ, ਨਰੇਸ਼ ਬਿਰਲਾ, ਆਪ ਆਗੂ ਵਰਿੰਦਰ ਸੋਨੀ ਅਤੇ ਹੋਰ ਆਪ ਆਗੂ ਮੌਜੂਦ ਸਨ।