- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨਸਾ ਜ਼ਿਲ੍ਹੇ ਦੀਆਂ ਅਦਾਲਤਾਂ ਨਾਲ ਸਬੰਧਿਤ ਕੁਝ ਹਾਲੀਆ ਪ੍ਰਸ਼ਾਸਕੀ ਤਬਦੀਲੀਆਂ ਇਨ੍ਹੀਂ ਦਿਨੀਂ ਕਾਨੂੰਨੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਮਾਨਸਾ ਜ਼ਿਲ੍ਹੇ ਦੀਆਂ ਅਦਾਲਤਾਂ ਨਾਲ ਸਬੰਧਿਤ ਕੁਝ ਹਾਲੀਆ ਪ੍ਰਸ਼ਾਸਕੀ ਤਬਦੀਲੀਆਂ ਇਨ੍ਹੀਂ ਦਿਨੀਂ ਕਾਨੂੰਨੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਹਾਈ ਕੋਰਟ ‘ਚ ਸ਼ਿਕਾਇਤਾਂ ਦੇ ਮੱਦੇਨਜ਼ਰ ਮਾਨਸਾ ਦੀ ਵਧੀਕ ਸੈਸ਼ਨ ਜੱਜ ਮਿਸ ਮਨਦੀਪ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸੇ ਤਰ੍ਹਾਂ ਸਰਦੂਲਗੜ੍ਹ ਦੇ ਸਿਵਲ ਜੱਜ ਸੀਨੀਅਰ ਡਿਵੀਜ਼ਨ ਪੰਕਜ ਵਰਮਾ ਸਬੰਧੀ ਵੀ ਸ਼ਿਕਾਇਤਾਂ ਦੇ ਮੱਦੇਨਜ਼ਰ ਮੁਅੱਤਲ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ। ਇਨ੍ਹਾਂ ਤਬਦੀਲੀਆਂ ਤੋਂ ਇਲਾਵਾ ਮਾਨਸਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੂੰ ਮਾਨਸਾ ਤੋਂ ਤਬਦੀਲ ਕਰਕੇ ਇੰਡਸਟਰੀਅਲ ਟ੍ਰਿਬਿਊਨਲ, ਬਠਿੰਡਾ ਦੇ ਪ੍ਰੀਜ਼ਾਈਡਿੰਗ ਅਫ਼ਸਰ ਵਜੋਂ ਨਿਯੁਕਤ ਕੀਤੇ ਜਾਣ ਦੀ ਵੀ ਚਰਚਾ ਹੈ। ਇਹ ਤਬਦੀਲੀਆਂ ਮਾਨਸਾ ਜ਼ਿਲ੍ਹੇ ਦੇ ਵਕੀਲਾਂ ਵਿੱਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਕੁਝ ਵਕੀਲਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਸਬੰਧੀ ਹਾਈ ਕੋਰਟ ਵੱਲੋਂ ਹੋਰ ਪ੍ਰਸ਼ਾਸਕੀ ਹੁਕਮ ਵੀ ਜਾਰੀ ਕੀਤੇ ਜਾ ਸਕਦੇ ਹਨ।
ਇੱਥੇ ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰੀਖਣ ਜੱਜ ਜਸਟਿਸ ਵਰਿੰਦਰ ਅਗਰਵਾਲ ਵੱਲੋਂ ਮਾਨਸਾ ਦੀਆਂ ਅਦਾਲਤਾਂ ਦਾ ਨਿਰੀਖਣ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਅਦਾਲਤਾਂ ਦੇ ਕੰਮਕਾਜ ਅਤੇ ਰਿਕਾਰਡ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਮਾਨਸਾ ਬਾਰ ਰੂਮ ਵਿਖੇ ਵਕੀਲਾਂ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਮੌਕੇ ਵਕੀਲਾਂ ਵੱਲੋਂ ਅਦਾਲਤੀ ਕੰਮਕਾਜ ਨਾਲ ਸਬੰਧਤ ਵੱਖ-ਵੱਖ ਸਮੱਸਿਆਵਾਂ ਅਤੇ ਸ਼ਿਕਾਇਤਾਂ ਨਿਰੀਖਣ ਜੱਜ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸਨ। ਸੀਨੀਅਰ ਐਡਵੋਕੇਟ ਗੁਰਲਾਭ ਸਿੰਘ ਮਾਹਲ ਅਤੇ ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ ਸਮੇਤ ਹੋਰ ਵਕੀਲਾਂ ਵੱਲੋਂ ਵੀ ਕੁਝ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਏ ਜਾਣ ਦੀ ਜਾਣਕਾਰੀ ਹੈ।
ਵਕੀਲਾਂ ਨੇ ਅਦਾਲਤੀ ਪ੍ਰਣਾਲੀ ਵਿੱਚ ਕਥਿਤ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਿਕਾਇਤਾਂ ਦੀ ਜਾਂਚ ਦੀ ਮੰਗ ਕੀਤੀ ਸੀ। ਇਸ ਮੌਕੇ ਨਿਰੀਖਣ ਜੱਜ ਵੱਲੋਂ ਵਕੀਲਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਯੋਗ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਮਾਨਸਾ ਦੇ ਕਾਨੂੰਨੀ ਹਲਕਿਆਂ ਵਿੱਚ ਹੁਣ ਇਨ੍ਹਾਂ ਪ੍ਰਸ਼ਾਸਕੀ ਤਬਦੀਲੀਆਂ ਤੋਂ ਬਾਅਦ ਹਾਈ ਕੋਰਟ ਵੱਲੋਂ ਆਉਣ ਵਾਲੇ ਸੰਭਾਵਿਤ ਅਗਲੇ ਹੁਕਮਾਂ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਮਾਨਸਾ ਦੇ ਵਕੀਲਾਂ ਵਿੱਚ ਇਹ ਉਮੀਦ ਜ਼ਾਹਰ ਕੀਤੀ ਜਾ ਰਹੀ ਹੈ ਕਿ ਹਾਈ ਕੋਰਟ ਦੀ ਨਿਗਰਾਨੀ ਨਾਲ ਅਦਾਲਤੀ ਪ੍ਰਣਾਲੀ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਨਿਰਪੱਖਤਾ ਹੋਰ ਮਜ਼ਬੂਤ ਹੋਵੇਗੀ।