ਅਮਰੀਕੀ ਵਪਾਰ ਸਮਝੌਤਿਆਂ ਤੇ ਇਰਾਨ 'ਤੇ ਹਮਲੇ ਖ਼ਿਲਾਫ਼ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਵੱਡਾ ਰੋਸ ਮੁਜ਼ਾਹਰਾ : ਕਿਸਾਨ ਆਗੂ
ਕਿਸਾਨ ਜੱਥੇਬੰਦੀਆਂ ਦੀ ਅਹਿਮ ਮੀਟਿੰਗ
Publish Date: Sun, 14 Jun 2026 05:04 PM (IST)
Updated Date: Sun, 14 Jun 2026 05:06 PM (IST)

ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਕਿਸਾਨ ਜੱਥੇਬੰਦੀਆਂ ਦੀ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ - ਉਗਰਾਹਾਂ ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਮਾਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਧਨੇਰ ਗਰੁੱਪ ਦੇ ਆਗੂ ਰਾਜਵਿੰਦਰ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਪ੍ਰਮੁੱਖ ਕਿਸਾਨ ਜਥੇਬੰਦੀਆਂ ਵੱਲੋਂ ਆਉਂਦੀ 4 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿਖੇ ਕੇਂਦਰ ਦੀ ਮੋਦੀ ਹਕੂਮਤ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇਕ ਵਿਸ਼ਾਲ ਰੋਸ ਧਰਨਾ ਅਤੇ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਰੋਸ ਧਰਨੇ ਅਤੇ ਮੁਜ਼ਾਹਰੇ ਵਿਚ ਮੰਗ ਕੀਤੀ ਜਾਵੇਗੀ ਕਿ ਮੁਲਕ ਅੰਦਰ ਖਾਦਾਂ, ਜ਼ਰੂਰੀ ਵਸਤਾਂ, ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਅਥਾਹ ਵਾਧਾ ਕਰਕੇ ਲੋਕਾਂ ਤੇ ਮਹਿੰਗਾਈ ਦਾ ਭਾਰੀ ਬੋਝ ਪਾਇਆ ਜਾ ਰਿਹਾ ਹੈ। ਖਾਦਾਂ ਦੇ ਮਾਮਲੇ ’ਚ ਵਿਦੇਸ਼ੀ ਮੁਲਕਾਂ ਤੇ ਬਣੀ ਹੋਈ ਨਿਰਭਰਤਾ ਕਾਰਨ ਖਾਦਾਂ ਦੀ ਭਾਰੀ ਘਾਟ ਪੈਦਾ ਹੋ ਰਹੀ ਹੈ। ਇਸ ਕਾਰਨ ਫ਼ਸਲਾਂ ਦੇ ਉਤਪਾਦਨ ਤੇ ਅਸਰ ਪੈਣ ਦਾ ਖ਼ਤਰਾ ਮੰਡਰਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਜੰਗ ਦੀ ਆੜ ਵਿੱਚ ਲੋਕਾਂ ਤੇ ਬੋਝ ਪਾਉਣਾ ਬੰਦ ਕੀਤਾ ਜਾਵੇ ਤੇ ਇਹ ਬੋਝ ਵੱਡੇ ਕਾਰਪਰੇਟ ਘਰਾਣਿਆ ਦੇਸੀ ਵਿਦੇਸ਼ੀ ਕੰਪਨੀਆਂ ਤੇ ਵੱਡੇ ਟੈਕਸ ਲਗਾ ਕੇ ਖਜ਼ਾਨਾ ਭਰਿਆ ਜਾਵੇ ਤੇ ਉਹ ਖਜ਼ਾਨੇ ਦਾ ਮੂੰਹ ਲੋਕਾਂ ਵੱਲ ਖੋਲ੍ਹਿਆ ਜਾਵੇ। ਭਾਰਤ ਅਮਰੀਕਾ ਵਪਾਰ ਸਮਝੌਤਾ ਵਾਰਤਾ ਰੱਦ ਕੀਤੀ ਜਾਵੇ। ਇਸ ਸਮਝੌਤੇ ਤਹਿਤ ਅਮਰੀਕੀ ਸਾਮਰਾਜੀਆਂ ਨੂੰ ਦਿੱਤੀਆਂ ਗਈਆਂ ਯਕੀਨ ਦਹਾਨੀਆਂ ਰੱਦ ਕੀਤੀਆਂ ਜਾਣ। ਕਿਸਾਨ ਆਗੂਆਂ ਨੇ ਮੀਟਿੰਗ ਦੌਰਾਨ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਅਮਰੀਕਾ ਵੱਲੋਂ ਦੇਸ਼ ਸਿਰ ਥੋਪੇ ਜਾ ਰਹੇ ਲੋਕ ਵਿਰੋਧੀ ਵਪਾਰ ਸਮਝੌਤਿਆਂ ਤੇ ਇਰਾਨ ਤੇ ਕੀਤੇ ਜਾ ਰਹੇ ਅਮਰੀਕੀ ਸਾਮਰਾਜੀ ਹਮਲਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਨ੍ਹਾਂ ਅੰਤਰਰਾਸ਼ਟਰੀ ਹਮਲਿਆਂ ਅਤੇ ਗਲਤ ਨੀਤੀਆਂ ਕਾਰਨ ਦੇਸ਼ ਦੇ ਆਮ ਲੋਕਾਂ ਤੇ ਮਹਿੰਗਾਈ ਦਾ ਇੱਕ ਵੱਡਾ ਬੋਝ ਪੈ ਰਿਹਾ ਹੈ, ਜਿਸ ਲਈ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਜ਼ਿੰਮੇਵਾਰ ਹਨ। ਆਗੂਆਂ ਨੇ ਅੱਗੇ ਕਿਹਾ ਕਿ ਇੱਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਸਾਮਰਾਜੀ ਤਾਕਤਾਂ ਅੱਗੇ ਗੋਡੇ ਟੇਕ ਕੇ ਦੇਸ਼ ਦੇ ਵਪਾਰ ਅਤੇ ਕਿਸਾਨੀ ਨੂੰ ਬਰਬਾਦ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਇਸ ਰੋਸ ਪ੍ਰਦਰਸ਼ਨ ਵਿੱਚ ਵਧ ਚੜ੍ਹ ਕੇ ਹਿੱਸਾ ਲਿਆ ਜਾਵੇ ਤਾਂ ਜੋ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾ ਸਕੇ। ਮੀਟਿੰਗ ਵਿੱਚ ਜਸਵੀਰ ਸਿੰਘ ਬੁਰਜ ਸੇਮਾ, ਗੁਰਮੇਲ ਸਿੰਘ ਰਾਮਗੜ ਭੂੰਦੜ, ਅੰਮ੍ਰਿਤਪਾਲ ਸਿੰਘ ਮੌੜ ਚੜਤ, ਕਲਕੱਤਾ ਸਿੰਘ ਮਾਣਕ ਖਾਨਾ, ਭੋਲਾ ਸਿੰਘ ਰਾਏ ਖਾਨਾ, ਗੁਰਦੀਪ ਸਿੰਘ ਮਾਈਸਰਖਾਨਾ, ਭੋਲਾ ਸਿੰਘ ਮਾੜੀ, ਸਿਕੰਦਰ ਸਿੰਘ ਘੁੰਮਣ ਕਲਾਂ ਸਮੇਤ ਪਿੰਡਾਂ ਦੇ ਸਰਗਰਮ ਆਗੂ ਵਰਕਰ ਸ਼ਾਮਿਲ ਸਨ।