ਇਸ ਮੌਕੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਨੇ ਗੋਪਾਲ ਸਕਸੈਨਾ ਅਤੇ ਉਹਨਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਹਨਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ।

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ: ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਵਾਰਡ ਨੰਬਰ. 1 ਤੋਂ ਸਾਬਕਾ ਐਮ.ਸੀ ਗੋਪਾਲ ਸਕਸੈਨਾ ਆਪਣੇ ਪਰਿਵਾਰ ਅਤੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹ ਸ਼ਮੂਲੀਅਤ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੇਕੇਦਾਰ ਦੀ ਪ੍ਰੇਰਣਾ ਅਤੇ ਯਤਨਾਂ ਸਦਕਾ ਸੰਭਵ ਹੋਈ।
ਇਸ ਮੌਕੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਨੇ ਗੋਪਾਲ ਸਕਸੈਨਾ ਅਤੇ ਉਹਨਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਉਹਨਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਨਕਈ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇੱਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਗੋਪਾਲ ਸਕਸੈਨਾ ਲੰਮੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜੇ ਹੋਏ ਹਨ ਅਤੇ ਵਾਰਡ ਨੰਬਰ 1 ਵਿੱਚ ਉਹਨਾਂ ਦੀ ਲੋਕਾਂ ਵਿੱਚ ਚੰਗੀ ਪਕੜ ਹੈ। ਉਹਨਾਂ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਭਾਰਤੀ ਜਨਤਾ ਪਾਰਟੀ ਨੂੰ ਹੋਰ ਵੱਡੀ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਦਾ ਆਧਾਰ ਹੋਰ ਵਧੇਗਾ।
ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਗੋਪਾਲ ਸਕਸੈਨਾ ਦੀ ਧਰਮਪਤਨੀ ਕਿਰਤੀ ਰਾਣੀ ਜੀ ਵਾਰਡ ਨੰਬਰ 1 ਤੋਂ ਭਾਰਤੀ ਜਨਤਾ ਪਾਰਟੀ ਦੇ ਸੰਭਾਵੀ ਉਮੀਦਵਾਰ ਹਨ। ਇਲਾਕੇ ਦੇ ਲੋਕਾਂ ਵਿੱਚ ਉਹਨਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਵਾਰਡ ਵਾਸੀ ਵਿਕਾਸ ਪੱਖੀ ਸੋਚ ਨੂੰ ਅੱਗੇ ਵਧਾਉਣ ਲਈ ਭਾਜਪਾ ਨਾਲ ਖੜ੍ਹੇ ਨਜ਼ਰ ਆ ਰਹੇ ਹਨ।
ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਜੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਮਾਨਸਾ ਵਿੱਚ ਦੋ ਤਿਹਾਈ ਬਹੁਮਤ ਨਾਲ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਨਗਰ ਕੌਂਸਲ ਦਾ ਪ੍ਰਧਾਨ ਵੀ ਭਾਜਪਾ ਦਾ ਬਣੇਗਾ। ਉਨ੍ਹਾਂ ਕਿਹਾ ਕਿ ਮਾਨਸਾ ਸ਼ਹਿਰ ਦੇ ਵਿਕਾਸ ਨੂੰ ਲੰਮੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨਕਈ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਪੀਣ ਵਾਲੇ ਪਾਣੀ, ਸਫਾਈ ਪ੍ਰਬੰਧ, ਸੀਵਰੇਜ, ਟੁੱਟੀਆਂ ਗਲੀਆਂ, ਸਟਰੀਟ ਲਾਈਟਾਂ ਅਤੇ ਹੋਰ ਮੁੱਢਲੀਆਂ ਸਹੂਲਤਾਂ ਸਬੰਧੀ ਲੋਕਾਂ ਵੱਲੋਂ ਲਗਾਤਾਰ ਸਮੱਸਿਆਵਾਂ ਦੱਸੀਆਂ ਜਾ ਰਹੀਆਂ ਹਨ, ਪਰ ਪਿਛਲੀਆਂ ਸਰਕਾਰਾਂ ਅਤੇ ਨਗਰ ਕੌਂਸਲ ਪ੍ਰਬੰਧਨ ਵੱਲੋਂ ਸਿਰਫ਼ ਵਾਅਦੇ ਹੀ ਕੀਤੇ ਗਏ ਅਤੇ ਕਦੇ ਵੀ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਗੰਭੀਰ ਯਤਨ ਨਹੀਂ ਕੀਤੇ ਗਏ।
ਉਨ੍ਹਾਂ ਵਿਸ਼ਵਾਸ ਦਵਾਇਆ ਕਿ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਉਪਰੰਤ ਮਾਨਸਾ ਸ਼ਹਿਰ ਦੇ ਹਰ ਵਾਰਡ ਦਾ ਇਕਸਾਰ ਵਿਕਾਸ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੀ ਪਾਰਟੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਮਾਨਸਾ ਨੂੰ ਇੱਕ ਸੁੰਦਰ, ਸਾਫ਼-ਸੁਥਰਾ ਅਤੇ ਵਿਕਸਿਤ ਸ਼ਹਿਰ ਬਣਾਇਆ ਜਾਵੇਗਾ।
ਇਸ ਮੌਕੇ ਹਲਕਾ ਇੰਚਾਰਜ ਮਨਦੀਪ ਸਿੰਘ ਮਾਨ ਨਾਲ ਭਾਜਪਾ ਆਗੂ, ਵਰਕਰ ਅਤੇ ਵਾਰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਪਾਰਟੀ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ।