ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਤੇ ਪਰਨੇ ਬੰਨ੍ਹ ਕੇ ਸੰਘਰਸ਼ ਜਾਰੀ ਰੱਖਾਂਗੇ: ਜਗਦੀਪ ਸਿੰਘ ਨੱਕਈ ਭਾਜਪਾ ਪੰਜਾਬ ਦੇ ਸੀਨੀਅਰ
Publish Date: Sun, 18 Oct 2026 06:57 PM (IST)
Updated Date: Sun, 18 Oct 2026 07:00 PM (IST)
ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਸੱਦੇ ’ਤੇ ਨੱਕਈ ਨੇ ਕਾਲੀ ਪੱਗ ਬੰਨ੍ਹ ਕੇ ਇਨਸਾਫ਼ ਦੀ ਲੜਾਈ ਨੂੰ ਦਿੱਤਾ ਸਮਰਥਨ, ਮਾਮਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧਿਆਨ ਵਿੱਚ ਲਿਆਂਦਾ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ ਮਾਨਸਾ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਇਸੇ ਦੌਰਾਨ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨੱਕਈ ਨੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਲੀ ਪੱਗ ਬੰਨ੍ਹ ਕੇ ਤੇ ਕਾਲਾ ਪਰਨਾ ਪਾ ਕੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਜਗਦੀਪ ਸਿੰਘ ਨੱਕਈ ਨੇ ਕਿਹਾ ਕਿ ਜਦੋਂ ਤੱਕ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਹ ਕਾਲੀ ਪੱਗ ਤੇ ਕਾਲਾ ਪਰਨਾ ਨਹੀਂ ਉਤਾਰਨਗੇ। ਉਨ੍ਹਾਂ ਕਿਹਾ ਕਿ ਇਹ ਕਾਲੀ ਪੱਗ ਸਿਰਫ਼ ਵਿਰੋਧ ਦਾ ਪ੍ਰਤੀਕ ਨਹੀਂ, ਸਗੋਂ ਇਨਸਾਫ਼ ਦੀ ਮੰਗ ਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਇੱਕ ਗੰਭੀਰ ਮੁੱਦੇ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਹੈ। ਨੱਕਈ ਨੇ ਕਿਹਾ ਕਿ ਭਾਜਪਾ ਵਰਕਰਾਂ ਨੇ ਵੀ ਕਾਲੀਆਂ ਪੱਗਾਂ ਅਤੇ ਪਰਨੇ ਬੰਨ੍ਹ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਤੇ ਇਨਸਾਫ਼ ਦੀ ਮੰਗ ਨੂੰ ਗੰਭੀਰਤਾ ਨਾਲ ਨਹੀਂ ਸੁਣਦੀ, ਤਾਂ ਲੋਕਤੰਤਰੀ ਤਰੀਕੇ ਨਾਲ ਵਿਰੋਧ ਜਾਰੀ ਰਹੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਝੋਟਾ ਨੂੰ ਇਨਸਾਫ਼ ਮਿਲਣ ਤੋਂ ਬਾਅਦ ਹੀ ਉਹ ਇਹ ਕਾਲੀਆਂ ਪੱਗਾਂ ਤੇ ਪਰਨੇ ਉਤਾਰਨਗੇ। ਜਗਦੀਪ ਸਿੰਘ ਨੱਕਈ ਨੇ ਦੱਸਿਆ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਇਸ ਮਾਮਲੇ ਸਬੰਧੀ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨਾਲ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਮਾਮਲੇ ਦੀ ਜਾਣਕਾਰੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਧਿਆਨ ਵਿਚ ਵੀ ਲਿਆਂਦੀ ਗਈ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ’ਤੇ ਸਵਾਲ ਉਠਾਉਂਦਿਆਂ ਜਗਦੀਪ ਸਿੰਘ ਨੱਕਈ ਨੇ ਕਿਹਾ ਕਿ ਸਰਕਾਰ ਦੀ ਮੁਹਿੰਮ ਅਤੇ ਜ਼ਮੀਨੀ ਹਕੀਕਤ ਵਿਚਕਾਰ ਫ਼ਰਕ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਨਸ਼ਾ ਤਸਕਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਂਦੀ, ਤਾਂ ਸਮਾਜ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਇਸ ਤਰ੍ਹਾਂ ਦੇ ਹਾਲਾਤਾਂ ਦਾ ਸਾਹਮਣਾ ਨਾ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਨੱਕਈ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਗੰਭੀਰ ਬਣਿਆ ਹੋਇਆ ਹੈ, ਜਦਕਿ ਦੂਜੇ ਪਾਸੇ ਲੋਕ ਇਨਸਾਫ਼ ਦੀ ਮੰਗ ਲਈ ਸੜਕਾਂ ’ਤੇ ਬੈਠੇ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਗੰਭੀਰਤਾ ਨਾਲ ਲੈਂਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਜ਼ਿਕਰਯੋਗ ਹੈ ਕਿ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੀਤੇ ਦਿਨੀਂ ਮਾਨਸਾ ਵਿਖੇ ਧਰਨੇ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਕਾਲੀਆਂ ਪੱਗਾਂ, ਕਾਲੀਆਂ ਚੁੰਨੀਆਂ ਤੇ ਕਾਲੇ ਪਰਨੇ ਬੰਨ੍ਹ ਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਈ ਜਾਵੇ।