- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਧਰ ਥਾਣਾ ਸਦਰ ਦੇ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਚਤਰ ਸਿੰਘ, ਪੰਜਾਬੀ ਜਾਗਰਣ ਬੁਢਲਾਡਾ। ਬੁਢਲਾਡਾ ਦੇ ਨੇੜਲੇ ਪਿੰਡ ਆਲਮਪੁਰ ਬੋਦਲਾ ਦੇ ਨੌਜਵਾਨ ਕਿਸਾਨ ਬਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਗਏ ਹਨ। ਪਰਿਵਾਰਕ ਮੈਂਬਰਾਂ ਅਨੁਸਾਰ ਪਿੰਡ ਭਾਦੜਾ ਦੇ ਰਹਿਣ ਵਾਲੇ ਦਰਸ਼ਨ ਸਿੰਘ ਨਾਮਕ ਵਿਅਕਤੀ ਨੇ ਕਥਿਤ ਤੌਰ ’ਤੇ ਬਿੰਦਰ ਸਿੰਘ ਨੂੰ ਨਸ਼ਾ ਕਰਵਾ ਕੇ ਉਸ ਦੀ 22 ਕਨਾਲ 15 ਮਰਲੇ ਜ਼ਮੀਨ ਆਪਣੇ ਨਾਮ ਰਜਿਸਟਰਡ ਕਰਵਾ ਲਈ। ਪਰਿਵਾਰ ਦਾ ਦੋਸ਼ ਹੈ ਕਿ ਇਸ ਬਦਲੇ ਉਨ੍ਹਾਂ ਨੂੰ ਕੋਈ ਪੈਸਾ ਨਹੀਂ ਦਿੱਤਾ ਗਿਆ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬਿੰਦਰ ਸਿੰਘ ਨਸ਼ੇ ਦਾ ਆਦੀ ਸੀ ਅਤੇ ਇਸੇ ਦਾ ਕਥਿਤ ਤੌਰ ’ਤੇ ਫਾਇਦਾ ਚੁੱਕਦਿਆਂ ਉਸ ਨਾਲ ਧੋਖੇ ਨਾਲ ਜ਼ਮੀਨ ਦੀ ਰਜਿਸਟਰੀ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਬਿੰਦਰ ਸਿੰਘ ਸਿਰ ਬੈਂਕ ਅਤੇ ਸੁਸਾਇਟੀ ਦਾ ਕਰਜ਼ਾ ਵੀ ਸੀ। ਪਰਿਵਾਰ ਨੇ ਸਵਾਲ ਉਠਾਇਆ ਕਿ ਜੇਕਰ ਜ਼ਮੀਨ ’ਤੇ ਕਰਜ਼ਾ ਸੀ ਤਾਂ ਬਿਨਾਂ ਐਨ.ਓ.ਸੀ. ਦੇ ਰਜਿਸਟਰੀ ਕਿਵੇਂ ਹੋ ਗਈ।
ਇਸ ਸਬੰਧੀ ਜਦੋਂ ਤਹਿਸੀਲਦਾਰ ਗਿਰਧਾਰੀ ਲਾਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਰਜਿਸਟਰੀ ਕਰਵਾਉਣ ਲਈ ਉਨ੍ਹਾਂ ਕੋਲ ਪੂਰੇ ਦਸਤਾਵੇਜ਼ ਪੇਸ਼ ਕੀਤੇ ਗਏ ਸਨ। ਐਨ.ਓ.ਸੀ. ਸਬੰਧੀ ਉਨ੍ਹਾਂ ਦੱਸਿਆ ਕਿ ਸਬੰਧਤ ਧਿਰ ਵੱਲੋਂ ਨੋਟਰੀ ਤੋਂ ਤਸਦੀਕਸ਼ੁਦਾ ਐਫੀਡੇਵਿਟ ਦਿੱਤਾ ਗਿਆ ਸੀ, ਜਿਸ ਦੇ ਆਧਾਰ ’ਤੇ ਰਜਿਸਟਰੀ ਕੀਤੀ ਗਈ।
ਉਧਰ ਥਾਣਾ ਸਦਰ ਦੇ ਮੁਖੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਬਿੰਦਰ ਸਿੰਘ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਪਰਿਵਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਇਨਸਾਫ਼ ਦੀ ਮੰਗ ਕੀਤੀ ਹੈ।