- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਾਤਾ

-ਕਿਹਾ, 122 ਬਿਸਤਰਿਆਂ ਵਾਲਾ ਬਣੇਗਾ ਹੋਸਟਲ, 13 ਲੱਖ ਦੀ ਡਿਜੀਟਲ ਲਾਇਬ੍ਰੇਰੀ ਵੀ ਹੋਵੇਗੀ ਸਥਾਪਤ
ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ
ਮਾਨਸਾ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਤਕਰੀਬਨ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਈ ਹੋਵੇਗੀ। ਸੂਬੇ ਦੇ ਵਿਆਪਕ ਵਿਕਾਸ ਦੇ ਏਜੰਡੇ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਾਰੇ ਖੇਤਰਾਂ ਵਿੱਚ ਸਰਬਪੱਖੀ ਵਿਕਾਸ ਦਾ ਗਵਾਹ ਬਣ ਰਿਹਾ ਹੈ।”
ਆਪਣੀ ਪਿਛਲੀ ਫ਼ੇਰੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਉਨ੍ਹਾਂ ਦੀ ਪਿਛਲੀ ਫ਼ੇਰੀ ਦੌਰਾਨ ਵਿਦਿਆਰਥਣਾਂ ਨੇ ਰਿਹਾਇਸ਼ੀ ਸਹੂਲਤਾਂ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਸੀ। ਉਨ੍ਹਾਂ ਦੀਆਂ ਚਿੰਤਾਵਾਂ ਦਾ ਤੁਰੰਤ ਨੋਟਿਸ ਲੈਂਦਿਆਂ ਅਸੀਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਅਤੇ ਪੀ.ਐਮ-ਊਸ਼ਾ ਸਕੀਮ ਤਹਿਤ ਇਸ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।” ਉਨ੍ਹਾਂ ਕਿਹਾ, “ਹੋਸਟਲ ਵਿੱਚ 122 ਵਿਦਿਆਰਥਣਾਂ ਦੇ ਰਹਿਣ ਲਈ ਕਮਰੇ ਹੋਣਗੇ, ਜੋ ਸਾਡੀਆਂ ਧੀਆਂ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਉਣਗੇ।”
ਰੁਜ਼ਗਾਰ ਦੇ ਮੋਰਚੇ 'ਤੇ ਪੰਜਾਬ ਸਰਕਾਰ ਦੇ ਰਿਕਾਰਡ ਬਾਰੇ ਦੱਸਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਬਾਰੇ ਸਰਕਾਰ ਦੇ ਸਖ਼ਤ ਰੁਖ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਹ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।” ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਗੈਂਗਸਟਰਵਾਦ ਪਨਪਿਆ ਸੀ। ਪਰ ਆਪ ਸਰਕਾਰ ਨੇ ਗੈਂਗਸਟਰਵਾਦ ਅਤੇ ਨਸ਼ੇ ਖ਼ਤਮ ਕਰ ਦਿੱਤੇ ਹਨ। ਇਸ ਮੌਕੇ ਮਾਨਸਾ ਦੇ ਵਿਧਾਇਕ ਡਾ: ਵਿਜੇ ਸਿੰਗਲਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ, “ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਸ ਅਹਿਮ ਬੁਨਿਆਦੀ ਢਾਂਚੇ ਲਈ ਧੰਨਵਾਦ ਕਰਦਾ ਹਾਂ, ਜਿਸ ਨਾਲ ਇਸ ਖੇਤਰ ਦੀਆਂ ਵਿਦਿਆਰਥਣਾਂ ਨੂੰ ਬਹੁਤ ਫਾਇਦਾ ਹੋਵੇਗਾ।”
ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ: ਬਰਿੰਦਰ ਕੌਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ (ਸੀ.ਸੀ.) ਡਾ: ਅਮਰ ਇੰਦਰ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਵਿਦਿਅਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਲਗਾਤਾਰ ਸਹਿਯੋਗ ਦੀ ਸ਼ਲਾਘਾ ਕੀਤੀ। ਆਪਣੀ ਫ਼ੇਰੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਂਪਸ ਵਿੱਚ ਕਿੱਕਬਾਕਸਿੰਗ ਦੇ ਮੈਚ ਵੀ ਦੇਖੇ, ਖਿਡਾਰੀਆਂ ਦੀ ਲਗਨ ਅਤੇ ਅਨੁਸ਼ਾਸਨ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ।
ਇਸ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਵਿੱਤ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਅਮਨ ਮਿੱਤਲ, ਐਸ.ਡੀ.ਐਮ ਕਾਲਾ ਰਾਮ ਕਾਂਸਲ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਨੀਨੂ, ਡਾ. ਕਿਰਨ ਬਾਲਾ, ਡਾ. ਜਸਪਾਲ ਸਿੰਘ , ਡਾ. ਰਾਮ ਕ੍ਰਿਸ਼ਨ, ਪ੍ਰੋਫ਼ੈਸਰ ਮਨਰੀਤ ਸਿੱਧੂ, ਡਾ. ਬਲਮ ਲੀਂਬਾ ਅਤੇ ਕਈ ਹੋਰ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਖਸੀਅਤਾਂ ਹਾਜ਼ਰ ਸਨ।