ਬੱਚਿਆਂ ਦੇ ਭਵਿੱਖੀ ਰੱਖਿਆ ਲਈ ਬਾਲ ਭਿਖਿਆ ਵਿਰੁੱਧ ਵਿੱਢੀ ਮੁਹਿੰਮ
ਡਿਪਟੀ ਕਮਿਸ਼ਨਰ ਮਾਨਸਾ ਮੈਡਮ ਨਵਜੋਤ ਕੌਰ
Publish Date: Wed, 24 Dec 2025 06:30 PM (IST)
Updated Date: Thu, 25 Dec 2025 04:05 AM (IST)

ਬਾਲ ਭਿਖਿਆ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਵਿਸ਼ੇਸ਼ ਚੈਕਿੰਗ, ਬੱਚਿਆਂ ਦੇ ਅਧਿਕਾਰਾਂ ਬਾਰੇ ਕੀਤਾ ਜਾਗਰੂਕ ਬੁੱਧਰਾਮ ਬਾਂਸਲ, ਪੰਜਾਬੀ ਜਾਗਰਣ, ਸਰਦੂਲਗੜ੍ਹ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਖੁਸ਼ਵੀਰ ਕੌਰ ਅਤੇ ਚਾਇਲਡ ਡਿਵੈਲਪਮੈਂਟ ਅਫ਼ਸਰ ਮੈਡਮ ਹਰਜਿੰਦਰ ਕੌਰ ਦੀ ਗਵਾਹੀ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਮਾਨਸਾ ਵੱਲੋਂ ਸ਼ਹਿਰ ਸਰਦੂਲਗੜ੍ਹ ਵਿੱਚ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਾਲ ਭਿਖਿਆ ਨੂੰ ਰੋਕਣ ਲਈ ਇੱਕ ਵਿਸ਼ੇਸ਼ ਰੇਡ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਬਾਲ ਸੁਰੱਖਿਆ ਕਰਮਚਾਰੀ ਭੂਸ਼ਣ ਸਿੰਗਲਾ ਨੇ ਦਸਿਆ ਕਿ ਇਸ ਰੇਡ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ, ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ। ਰੇਡ ਦੌਰਾਨ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਖ਼ਾਸ ਕਰਕੇ ਸਲਮ ਏਰੀਆ ਵਿੱਚ ਵਿਸ਼ੇਸ਼ ਤੌਰ ‘ਤੇ ਚੈਕਿੰਗ ਕੀਤੀ ਗਈ ਅਤੇ ਭਿਖ ਮੰਗਦੇ ਬੱਚਿਆਂ ਦੀ ਭਾਲ ਕੀਤੀ ਗਈ। ਇਸ ਮੌਕੇ ਟੀਮ ਨੇ ਆਮ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਅਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ ਜਾਗਰੂਕ ਕੀਤਾ। ਕਰਮਚਾਰੀ ਭੂਸ਼ਣ ਸਿੰਗਲਾ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਰੇਡਾਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਬਾਲ ਮਜ਼ਦੂਰੀ, ਬਾਲ ਭਿਖਿਆ ਅਤੇ ਬੱਚਿਆਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਸਕੂਲਾਂ ਵਿੱਚ ਭੇਜ ਕੇ ਚੰਗਾ ਭਵਿੱਖ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਤੇ ਸਿੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਬਾਲ ਮਜ਼ਦੂਰੀ, ਬਾਲ ਭਿਖਿਆ, ਬੱਚਿਆਂ ਨਾਲ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਵਰਗੀਆਂ ਬੁਰਾਈਆਂ ਬਾਰੇ ਵੀ ਜਾਗਰੂਕ ਕੀਤਾ। ਨਾਲ ਹੀ ਇਹ ਵੀ ਦੱਸਿਆ ਕਿ ਜੇ ਕਿਸੇ ਨੂੰ ਬਾਲ ਭਿਖਿਆ, ਬਾਲ ਵਿਆਹ ਜਾਂ ਕਿਸੇ ਵੀ ਮੁਸੀਬਤ ਵਿੱਚ ਫਸੇ ਬੱਚੇ ਬਾਰੇ ਜਾਣਕਾਰੀ ਮਿਲੇ, ਤਾਂ ਤੁਰੰਤ ਚਾਇਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਮੌਕੇ ਟੀਮ ਵੱਲੋਂ ਆਮ ਪਬਲਿਕ ਨੂੰ ਬੱਚਾ ਗੋਦ ਲੈਣ ਦੀ ਪ੍ਰਕਿਰਿਆ, ਸਪੋਂਸਰਸ਼ਿਪ ਸਕੀਮਾਂ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਸਰਦੂਲਗੜ੍ਹ ਚੈਕਿੰਗ ਦੌਰਾਨ ਤਿੰਨ ਬੱਚਿਆਂ ਨੂੰ ਪਕੜ ਕੇ ਮਾਪਿਆਂ ਦੇ ਹਵਾਲੇ ਕੀਤਾ ਗਿਆ ਹੈ ਤੇ ਮਾਪਿਆਂ ਨੂੰ ਜਾਗਰੂਕ ਕੀਤਾ ਕੇ ਬੱਚਿਆਂ ਨੂੰ ਪੜ੍ਹਨ ਲਈ ਭੇਜਿਆ ਜਾਵੇ। ਉਨਾਂ ਇਹ ਵੀ ਦੱਸਿਆ ਕਿ ਜਿੰਨਾ ਬੱਚਿਆਂ ਦੇ ਮਾਤਾ ਪਿਤਾ ਨਹੀਂ ਹਨ ਉਹਨਾਂ ਬੱਚਿਆਂ ਨੂੰ ਸਾਡਾ ਵਿਭਾਗ ਸਕੂਲ ਵਿੱਚ ਦਾਖਲ ਕਰਵਾਉਂਦਾ ਹੈ।ਰੇਡ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਤੋਂ ਹਰਦੀਪ ਕੁਮਾਰ, ਚਾਇਲਡ ਹੈਲਪਲਾਈਨ ਤੋਂ ਮੈਡਮ ਸ਼ੈਲੀ, ਬਾਲ ਭਲਾਈ ਕਮੇਟੀ ਮੈਂਬਰ ਮਹਿੰਦਰ ਪਾਲ ਸਿੰਘ, ਥਾਣਾ ਸਰਦੂਲਗੜ੍ਹ ਦੇ ਮੁਖੀ ਗਣੇਸ਼ਵਰ ਕੁਮਾਰ ਸ਼ਰਮਾ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।