ਕੇਂਦਰ ਖ਼ਿਲਾਫ਼ ਜਤਾਇਆ ਰੋਸ, ਫੂਕੀ ਸਰਕਾਰ ਦੀ ਅਰਥੀ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ
Publish Date: Tue, 06 Jan 2026 05:40 PM (IST)
Updated Date: Wed, 07 Jan 2026 04:03 AM (IST)

-ਮਜ਼ਦੂਰ ਆਗੂ ਮੁਕੇਸ਼ ਮਲੌਦ ਦੀ ਗ੍ਰਿਫ਼ਤਾਰੀ ਤੇ ਪੱਤਰਕਾਰਾਂ ’ਤੇ ਦਰਜ ਪਰਚੇ ਰੱਦ ਕਰਨ ਦੀ ਮੰਗ ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਦੇ ਸੱਦੇ ਤੇ ਸਥਾਨਕ ਜ਼ਿਲ੍ਹਾ ਕਚਹਿਰੀ ਵਿੱਚ ਪੰਜਾਬ ਖੇਤ ਮਜ਼ਦੂਰ ਸਭਾ ਦੇ ਗੁਰਦੇਵ ਸਿੰਘ ਦਲੇਲ ਸਿੰਘ ਵਾਲਾ, ਮਜ਼ਦੂਰ ਮੁਕਤੀ ਮੋਰਚਾ ਦੇ ਗੁਰਸੇਵਕ ਸਿੰਘ ਮਾਨਬੀਬੜੀਆਂ, ਏਟਕ ਦੇ ਰਤਨ ਭੋਲਾ ਦੀ ਅਗਵਾਈ ਹੇਠ ਦੇਸ਼ ਦੀ ਰਾਸ਼ਟਰਪਤੀ ਨੂੰ ਮਜ਼ਦੂਰ ਮਸਲਿਆਂ ਬਾਰੇ ਮੰਗ ਪੱਤਰ ਦੇਣ ਉਪਰੰਤ ਰੋਸ ਮਾਰਚ ਕੀਤਾ ਗਿਆ। ਇਸ ਉਪਰੰਤ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ। ਮੋਰਚੇ ਵੱਲੋਂ ਮਜ਼ਦੂਰ ਆਗੂ ਮੁਕੇਸ਼ ਮਲੋਦ ਦੀ ਨਾਜਾਇਜ਼ ਕੀਤੀ ਗ੍ਰਿਫ਼ਤਾਰੀ ਤੇ 10 ਪੱਤਰਕਾਰਾਂ ਤੇ ਪਾਏ ਝੂਠੇ ਪਰਚੇ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਕ੍ਰਿਸ਼ਨ ਸਿੰਘ ਚੋਹਾਨ, ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ ਨੇ ਰੋਸ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਮਨਰੇਗਾ ਨੂੰ ਖ਼ਤਮ ਕਰਕੇ ਵੀ ਬੀ ਜੀ ਰਾਮ ਜੀ ਲਿਆਉਣ ਰਾਹੀਂ ਕੇਂਦਰੀ ਬਜਟ ਚੋਂ ਪੈਣ ਵਾਲਾ 90 ਫ਼ੀਸਦੀ ਹਿੱਸਾ ਘਟਾਕੇ 60 ਫ਼ੀਸਦੀ ਕਰਨ ਵਰਗੇ ਮਜ਼ਦੂਰ ਵਿਰੋਧੀ ਕਦਮਾਂ ਰਾਹੀਂ ਮਜ਼ਦੂਰਾਂ ਦਾ ਰੁਜ਼ਗਾਰ ਖੋਹਕੇ ਮਜ਼ਦੂਰਾਂ ਦੇ ਚੁੱਲ੍ਹਿਆਂ ਨੂੰ ਠੰਢਾ ਕਰਨ ਦੀ ਨੀਤੀ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਕਾਰਨ ਬੇਰੁਜ਼ਗਾਰੀ ਦਾ ਸੰਤਾਪ ਹੰਢਾਉਂਦੇ ਖੇਤ ਮਜ਼ਦੂਰਾਂ ਨੂੰ ਬਦਲਵੇਂ ਤੇ ਪੱਕੇ ਰੁਜ਼ਗਾਰ ਦੀ ਗਰੰਟੀ ਕਰਨ ਲਈ ਲੋੜ ਤਾਂ ਮਨਰੇਗਾ ਚ ਹੁੰਦੀ ਸਿਆਸੀ ਦਖਲਅੰਦਾਜ਼ੀ ਤੇ ਭ੍ਰਿਸ਼ਟਾਚਾਰ ਨੂੰ ਰੋਕਣ, ਬੱਜਟ ਵਧਾਉਣ ਅਤੇ ਮਨਰੇਗਾ ਨੂੰ ਪੈਦਾਵਾਰੀ ਕੰਮਾਂ ਨਾਲ ਜੋੜਕੇ ਕੰਮਾਂ ਦਾ ਘੇਰਾ ਤੇ ਦਿਨ ਵਧਾਉਣ ਤੋਂ ਇਲਾਵਾ ਦਿਹਾੜੀ ਦੇ ਰੇਟਾਂ ਚ ਵਾਧਾ ਕਰਨ ਵਰਗੇ ਕਦਮ ਚੁੱਕਣ ਦੀ ਸੀ ਪਰ ਕੇਂਦਰ ਸਰਕਾਰ ਉਲਟੀ ਗੰਗਾ ਵਹਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਮਜ਼ਦੂਰ ਵਰਗ ਨੂੰ ਸਰਮਾਏਦਾਰਾਂ ਤੇ ਕਾਰਪੋਰੇਟ ਘਰਾਣਿਆਂ ਦੀ ਅੰਨ੍ਹੀ ਲੁੱਟ ਦਾ ਸ਼ਿਕਾਰ ਬਨਾਉਣ ਲਈ ਕਿਰਤ ਕਾਨੂੰਨਾਂ ਚ ਮਜ਼ਦੂਰ ਵਿਰੋਧੀ ਸੋਧਾਂ ਕੀਤੀਆਂ ਗਈਆਂ ਅਤੇ ਹੁਣ ਮਨਰੇਗਾ ਨੂੰ ਖ਼ਤਮ ਕਰਕੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਮਜ਼ਦੂਰ ਆਗੂਆਂ ਨੇ ਮਨਰੇਗਾ ਕਾਨੂੰਨ ਦੀ ਫ਼ੌਰੀ ਬਹਾਲੀ, 200 ਦਿਨ ਕੰਮ ਤੇ ਘੱਟੋ ਘੱਟ ਇੱਕ ਹਜ਼ਾਰ ਰੁਪਏ ਪ੍ਰਤੀ ਦਿਨ ਦਿਹਾੜੀ ਦੇਣ, ਹਰ ਲੋੜਵੰਦ ਪਰਿਵਾਰਾਂ ਨੂੰ 10-10 ਮਰਲੇ ਦੇ ਪਲਾਟ, ਮਕਾਨ ਉਸਾਰੀ ਲਈ ਯੋਗ ਰਾਸ਼ੀ ਤੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ। ਬਿਜਲੀ ਐਕਟ ਤੇ ਸੀਡ ਬਿੱਲਾ ਫ਼ੌਰੀ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਸੁਖਦੇਵ ਸਿੰਘ ਮਾਨਸਾ, ਧੰਨਾ ਸਿੰਘ ਬੱਪੀਆਣਾ, ਅੰਗਰੇਜ਼ ਸਿੰਘ ਘਰਾਗਣਾ, ਮੋਠੂ ਸਿੰਘ ਭੱਠਲ, ਹਾਕਮ ਸਿੰਘ ਖਿਆਲਾ, ਦਾਰਾ ਸਿੰਘ ਆਦਿ ਨੇ ਸੰਬੋਧਨ ਕੀਤਾ।