- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰ ਸਰਕਾਰ ਵਲੋਂ

ਹਰਕ੍ਰਿਸ਼ਨ ਸ਼ਰਮਾ, ਪੰਜਾਬੀ ਜਾਗਰਣ, ਮਾਨਸਾ : ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਗਿਆ ਕੇਂਦਰੀ ਬੱਜਟ ਸਿਰਫ਼ ਗੱਲਾਂ ਦਾ ਕੜਾਹ ਸਾਬਤ ਹੋਇਆ ਹੈ, ਇਸ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਇਹ ਗੱਲ ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਬੱਜਟ ਵਿੱਚ ਦੇਸ਼ ਦੇ ਹੋਰ ਸੂਬਿਆਂ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਹਨ, ਪਰ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਦਾ ਕੋਈ ਵਿਸ਼ੇਸ਼ ਪੈਕੇਜ ਨਹੀਂ ਦਿੱਤਾ। ਇਸ ਕਾਰਨ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਜ਼ਿਲ੍ਹਾ ਪ੍ਰਧਾਨ ਬਣਨ ਉਪਰੰਤ ਕੁਲਵੰਤ ਰਾਏ ਸਿੰਗਲਾ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਪ੍ਰਸਿੱਧ ਕਾਂਗਰਸੀ ਆਗੂ ਬਲਕੌਰ ਸਿੰਘ ਸਿੱਧੂ ਦੇ ਘਰ ਪਹੁੰਚੇ। ਇਸ ਦੌਰਾਨ ਮੂਸੇਵਾਲਾ ਪਰਿਵਾਰ ਵਲੋਂ ਉਨ੍ਹਾਂ ਦਾ ਭਰਵਾਂ ਤੇ ਸਨੇਹੀ ਸਵਾਗਤ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਦੌਰਾਨ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬਜਟ ’ਚ ਪੇਸ਼ ਕੀਤੇ ਅੰਕੜਿਆਂ ਨੂੰ ਤੋੜ ਮੋੜ ਕੇ ਲੋਕਾਂ ਅੱਗੇ ਪੇਸ਼ ਕੀਤਾ ਹੈ, ਜਦਕਿ ਹਕੀਕਤ ਇਸ ਤੋਂ ਬਿਲਕੁਲ ਵੱਖਰੀ ਹੈ।
ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿੱਥੇ ਸੁਰੱਖਿਆ, ਖੇਤੀਬਾੜੀ, ਉਦਯੋਗ ਅਤੇ ਨੌਜਵਾਨਾਂ ਦੇ ਰੁਜਗਾਰ ਲਈ ਵਿਸ਼ੇਸ਼ ਯੋਜਨਾਵਾਂ ਦੀ ਸਖ਼ਤ ਲੋੜ ਹੈ, ਪਰ ਕੇਂਦਰੀ ਬੱਜਟ ਵਿੱਚ ਪੰਜਾਬ ਲਈ ਅਜਿਹਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ। ਇਸ ਨਾਲ ਸੂਬੇ ਦੇ ਕਿਸਾਨ, ਮਜ਼ਦੂਰ, ਵਪਾਰੀ ਤੇ ਨੌਜਵਾਨ ਵਰਗ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਜਟ ਸਿਰਫ਼ ਅਮੀਰ ਵਰਗ ਨੂੰ ਫਾਇਦਾ ਪਹੁੰਚਾਉਣ ਲਈ ਤਿਆਰ ਕੀਤਾ ਗਿਆ ਹੈ, ਜਦਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਦੇਸ਼ ਅੰਦਰ ਰੁਜਗਾਰ ਦੇਣ ਦੀ ਬਜਾਏ ਕੇਂਦਰ ਸਰਕਾਰ ਵਲੋਂ ਅਜਿਹੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਰਾਹੀਂ ਨੌਜਵਾਨਾਂ ਨੂੰ ਵਿਦੇਸ਼ਾਂ ’ਚ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਗਿਆ ਇਹ ਬਜਟ ਨੌਜਵਾਨ ਵਿਰੋਧੀ, ਕਿਸਾਨ ਵਿਰੋਧੀ ਤੇ ਪੰਜਾਬ ਵਿਰੋਧੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਹੀ ਪੰਜਾਬ ਦੇ ਹੱਕਾਂ ਦੀ ਲੜਾਈ ਲੜਦੀ ਆਈ ਹੈ ਤੇ ਅੱਗੇ ਵੀ ਪੰਜਾਬ ਨਾਲ ਹੋ ਰਹੇ ਹਰ ਤਰ੍ਹਾਂ ਦੇ ਧੱਕੇ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਤੇ ਭਵਿੱਖ ’ਚ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੋ ਚੁੱਕੇ ਹਨ ਤੇ ਹੁਣ ਇੱਕ ਵੱਡੇ ਬਦਲਾਅ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ ਅਤੇ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ। ਇਸ ਮੌਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਨਦੀਪ ਗੋਰਾ, ਜਗਦੀਪ ਢਿੱਲੋਂ ਸਰਪੰਚ, ਵੀਰਇੰਦਰ ਧਾਲੀਵਾਲ, ਹਰਿੰਦਰ ਭਾਰਦਵਾਜ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ। ਸਭ ਨੇ ਇਕ ਸੁਰ ਵਿੱਚ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਲੜਾਈ ਲਈ ਕਾਂਗਰਸ ਪਾਰਟੀ ਹਮੇਸ਼ਾਂ ਅੱਗੇ ਰਹੇਗੀ ਤੇ ਕੇਂਦਰ ਦੀਆਂ ਗਲਤ ਨੀਤੀਆਂ ਦਾ ਮਜ਼ਬੂਤੀ ਨਾਲ ਵਿਰੋਧ ਕੀਤਾ ਜਾਵੇਗਾ।