ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ : ਨਵਜੋਤ ਕੌਰ
ਜ਼ਿਲ੍ਹਾ ਮਾਨਸਾ ਵਿੱਚ
Publish Date: Wed, 18 Feb 2026 08:42 PM (IST)
Updated Date: Thu, 19 Feb 2026 04:10 AM (IST)
-ਡੀਸੀ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਕਾਰਡਾਂ ਦੀ ਸਮੀਖਿਆ
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਮਾਨਸਾ ਵਿੱਚ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਦੇਣ ਲਈ ਸੀ.ਐੱਸ.ਸੀ. ਕੇਂਦਰਾਂ ਅਤੇ ਵਿਸ਼ੇਸ਼ ਕੈਂਪਾਂ ਰਾਹੀਂ ਸਿਹਤ ਕਾਰਡ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਇਸ ਸਬੰਧੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਐੱਨ.ਆਈ.ਸੀ., ਸੇਵਾ ਕੇਂਦਰ ਅਤੇ ਸੀਐੱਸਸੀ ਦੀ ਟੀਮ ਨਾਲ ਇਕ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਤੇਜੀ ਲਿਆਂਦੀ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਇਸ ਸਹੂਲਤ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਕਾਰਡ ਬਣਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਕਿਸੇ ਨੂੰ ਵੀ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਇਸ ਲਈ ਸੁਖਾਲੇ ਮਾਹੌਲ ਵਿਚ ਹਰ ਨਾਗਰਿਕ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਇਹ ਸੇਵਾ ਮੁਹੱਈਆ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿਚ ਲੋਕਾਂ ਵੱਲੋਂ ਰਜਿਸਟਰੇਸ਼ਨ ਕਰਵਾਉਣ ਲਈ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਸ਼ੇਸ਼ ਕੈਂਪਾਂ ਅਤੇ ਸੀ.ਐੱਸ.ਸੀ. ਕੇਂਦਰਾਂ ਵਿਚ ਵੱਡੀ ਗਿਣਤੀ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਰਾਹੀਂ ਹੁਣ ਤੱਕ ਸਬ ਡਵੀਜ਼ਨ ਬੁਢਲਾਡਾ, ਮਾਨਸਾ ਅਤੇ ਸਰਦੂਲਗੜ੍ਹ ਵਿਖੇ ਲਾਭਪਾਤਰੀ ਪਰਿਵਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀ.ਐੱਸ.ਸੀ. ਕੇਂਦਰਾਂ ਵਿਚ ਵੀ ਰਜਿਸਟ੍ਰੇਸ਼ਨ ਪ੍ਰਕਿਰਿਆ ਨਾਲੋਂ ਨਾਲ ਜਾਰੀ ਹੈ। ਉਨ੍ਹਾਂ ਕਾਰਡ ਬਣਵਾਉਣ ਦੇ ਚਾਹਵਾਨ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਕਾਰਡ ਬਣਵਾਉਣ ਲਈ ਆਪਣੇ ਨਾਲ ਵੋਟਰ ਆਈਡੀ ਕਾਰਡ, ਆਧਾਰ ਕਾਰਡ, ਜੇਕਰ ਮੈਂਬਰ ਨਾਬਾਲਗ ਹੈ ਤਾਂ ਮੈਂਬਰ ਦੇ ਜਨਮ ਸਰਟੀਫਿਕੇਟ ਦੇ ਨਾਲ ਪਰਿਵਾਰ ਦੇ ਮੁਖੀ ਦਾ ਆਈਡੀ ਕਾਰਡ ਅਤੇ ਰਿਸ਼ਤੇ ਦਾ ਘੋਸ਼ਣਾ ਪੱਤਰ ਜ਼ਰੂਰ ਲੈ ਕੇ ਆਉਣ।