ਬਾਲ ਮਜ਼ਦੂਰੀ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਚੈਕਿੰਗ
ਡਿਪਟੀ ਕਮਿਸ਼ਨਰ ਨਵਜੋਤ ਕੌਰ, ਆਈ.ਏ.ਐੱਸ. ਦੇ
Publish Date: Mon, 05 Jan 2026 07:20 PM (IST)
Updated Date: Tue, 06 Jan 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਭੀਖੀ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ ਕੀਤੀ ਗਈ। ਇਸ ਮੌਕੇ ਕਾਊਂਸਲਰ ਰਜਿੰਦਰ ਵਰਮਾ ਨੇ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਇੱਕ ਗੰਭੀਰ ਸਮਾਜਿਕ ਅਪਰਾਧ ਹੈ। ਨਿੱਕੇ - ਨਿੱਕੇ ਬੱਚੇ, ਜਿੰਨ੍ਹਾਂ ਦੇ ਹੱਥਾਂ ਵਿੱਚ ਕਿਤਾਬਾਂ ਅਤੇ ਕਲਮ ਹੋਣੀ ਚਾਹੀਦੀ ਹੈ। ਉਹ ਅੱਜ ਸੜਕਾਂ, ਚੌਰਾਹਿਆਂ ਅਤੇ ਹੋਰ ਥਾਵਾਂ 'ਤੇ ਭੀਖ ਮੰਗਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਸਿਰਫ਼ ਗਰੀਬੀ ਦੀ ਸਮੱਸਿਆ ਨਹੀਂ, ਸਗੋਂ ਇਹ ਇੱਕ ਸ਼ੋਸ਼ਣ ਹੈ। ਕਈ ਵਾਰ ਇਹ ਬੱਚੇ ਮਾਫ਼ੀਆ ਜਾਂ ਲਾਲਚੀ ਲੋਕਾਂ ਦੇ ਕਬਜ਼ੇ ਹੇਠ ਹੁੰਦੇ ਹਨ, ਜੋ ਉਨ੍ਹਾਂ ਦੀ ਮਜ਼ਬੂਰੀ ਦਾ ਫ਼ਾਇਦਾ ਚੁੱਕਦੇ ਹਨ। ਇਹ ਬੱਚੇ ਸਿੱਖਿਆ, ਸਿਹਤ ਅਤੇ ਸੁਰੱਖਿਅਤ ਬਚਪਨ ਤੋਂ ਵੰਚਿਤ ਰਹਿੰਦੇ ਹਨ, ਜੋ ਉਨ੍ਹਾਂ ਦੇ ਭਵਿੱਖ ਲਈ ਖ਼ਤਰਨਾਕ ਸਾਬਤ ਹੁੰਦਾ ਹੈ। ਭਾਰਤੀ ਕਾਨੂੰਨ ਅਨੁਸਾਰ ਬੱਚਿਆਂ ਤੋਂ ਭੀਖ ਮੰਗਵਾਉਣਾ ਗੈਰਕਾਨੂੰਨੀ ਹੈ ਅਤੇ ਇਸ ਲਈ ਸਖ਼ਤ ਸਜ਼ਾਵਾਂ ਦਾ ਪ੍ਰਾਵਧਾਨ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ, ਸਮਾਜਿਕ ਸੰਸਥਾਵਾਂ ਅਤੇ ਆਮ ਨਾਗਰਿਕਾਂ ਨੂੰ ਮਿਲ ਕੇ ਇਸ ਬੁਰਾਈ ਖ਼ਿਲਾਫ਼ ਆਵਾਜ਼ ਉਠਾਉਣੀ ਹੋਵੇਗੀ। ਸੜਕਾਂ ‘ਤੇ ਭੀਖ ਮੰਗਦੇ ਬੱਚਿਆਂ ਨੂੰ ਪੈਸੇ ਦੇਣ ਦੀ ਬਜਾਇ ਉਨ੍ਹਾਂ ਦੀ ਸਹਾਇਤਾ ਲਈ ਸਬੰਧਤ ਅਧਿਕਾਰੀਆਂ ਜਾਂ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਜਾਣਕਾਰੀ ਦੇਣੀ ਚਾਹੀਦੀ ਹੈ।