ਮਾਂ-ਬਾਪ ਤੋਂ ਵਾਂਝੇ ਬੱਚਿਆਂ ਨੂੰ ਸਕੂਲ ’ਚ ਦਾਖ਼ਲ ਕਰਵਾਉਣ ਦੀ ਮੁਹਿੰਮ ਸ਼ੁਰੂ
ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐੱਸ ਦੇ ਦਿਸ਼ਾ
Publish Date: Mon, 19 Jan 2026 07:03 PM (IST)
Updated Date: Tue, 20 Jan 2026 04:15 AM (IST)

ਪਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਬਾਲ ਭਿਖਿਆ ਰੋਕਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਾਨਸਾ ਸ਼ਹਿਰ ਦੇ ਸਲੱਮ ਏਰੀਏ ਅਤੇ ਹੋਰ ਇਲਾਕਿਆਂ ਵਿਚ ਚੈਕਿੰਗ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਚੈਕਿੰਗ ਦਾ ਮੁੱਖ ਮਕਸਦ ਬੱਚਿਆਂ ਨੂੰ ਭੀਖ ਮੰਗਣ, ਬਾਲ ਮਜ਼ਦੂਰੀ ਅਤੇ ਹਰ ਤਰ੍ਹਾਂ ਦੇ ਸ਼ੋਸ਼ਣ ਤੋਂ ਬਚਾਉਣਾ ਹੈ। ਚੈਕਿੰਗ ਟੀਮ ਵੱਲੋਂ ਭੀਖ ਮੰਗਣ ਵਾਲੇ ਬੱਚਿਆਂ ਦੀ ਭਾਲ ਕਰਕੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕਰਦਿਆਂ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਅਤੇ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਬਾਲ ਮਜ਼ਦੂਰੀ, ਬਾਲ ਭਿਖਿਆ ਅਤੇ ਬੱਚਿਆਂ ਦੇ ਸ਼ੋਸ਼ਣ ਤੋਂ ਬਚਾਉਣਾ ਜ਼ਰੂਰੀ ਹੈ ਤਾਂ ਜੋ ਉਨ੍ਹਾਂ ਨੂੰ ਸਕੂਲਾਂ ਵਿੱਚ ਭੇਜ ਕੇ ਚੰਗਾ ਭਵਿੱਖ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਦੀ ਸੁਰੱਖਿਆ ਤੇ ਸਿੱਖਿਆ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਬਾਲ ਵਿਕਾਸ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਕਿਸੇ ਨੂੰ ਬਾਲ ਭਿਖਿਆ, ਬਾਲ ਵਿਆਹ ਜਾਂ ਕਿਸੇ ਵੀ ਮੁਸੀਬਤ ਵਿੱਚ ਫ਼ਸੇ ਬੱਚੇ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਚਾਇਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਬਾਲ ਸੁਰੱਖਿਆ ਦਫ਼ਤਰ ਤੋਂ ਭੂਸ਼ਣ ਸਿੰਗਲਾ ਨੇ ਲੋਕਾਂ ਨੂੰ ਬਾਲ ਮਜ਼ਦੂਰੀ, ਬਾਲ ਭਿਖਿਆ, ਬੱਚਿਆਂ ਨਾਲ ਛੇੜਛਾੜ ਅਤੇ ਜਿਨਸੀ ਸ਼ੋਸ਼ਣ ਵਰਗੀਆਂ ਬੁਰਾਈਆਂ ਬਾਰੇ ਜਾਗਰੂਕ ਕੀਤਾ। ਟੀਮ ਵੱਲੋਂ ਲੋਕਾਂ ਨੂੰ ਬੱਚਾ ਗੋਦ ਲੈਣ ਦੀ ਪ੍ਰਕਿਰਿਆ, ਸਪੋਂਸਰਸ਼ਿਪ ਸਕੀਮਾਂ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਸੰਬੰਧਿਤ ਵੱਖ-ਵੱਖ ਸਰਕਾਰੀ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਬੱਚਿਆਂ ਦੇ ਮਾਤਾ ਪਿਤਾ ਨਹੀਂ ਹਨ ਉਨ੍ਹਾਂ ਬੱਚਿਆਂ ਨੂੰ ਬਾਲ ਸੁਰੱਖਿਆ ਵਿਭਾਗ ਸਕੂਲ ਵਿੱਚ ਦਾਖਲ ਕਰਵਾਉਂਦਾ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਤੋਂ ਹਰਦੀਪ ਕੁਮਾਰ, ਚਾਇਲਡ ਹੈਲਪਲਾਈਨ ਤੋਂ ਸ਼ੈਲੀ, ਮਾਨਸਾ ਥਾਣਾ ਸਿਟੀ-2 ਦੇ ਕਰਮਚਾਰੀ ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਹਰਪ੍ਰੀਤ ਕੌਰ ਹਾਜ਼ਰ ਸਨ।