ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਕੀਤਾ ਜਾਵੇ ਹੱਲ : ਲੋਕ
ਸ਼ਹਿਰ ਵਿੱਚ ਅਵਾਰਾ ਪਸ਼ੂਆਂ
Publish Date: Wed, 11 Mar 2026 07:43 PM (IST)
Updated Date: Thu, 12 Mar 2026 04:09 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸ਼ਹਿਰ ’ਚ ਆਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਪਰ ਇਸ ਗੰਭੀਰ ਸਮੱਸਿਆ ਵੱਲ ਨਾ ਤਾਂ ਪ੍ਰਸ਼ਾਸਨ ਅਤੇ ਨਾ ਹੀ ਨਗਰ ਕੌਂਸਲ ਵੱਲੋਂ ਕੋਈ ਠੋਸ ਧਿਆਨ ਦਿੱਤਾ ਜਾ ਰਿਹਾ ਹੈ। ਭਾਵੇਂਕਿ ਲੋਕ ਲੰਬੇ ਸਮੇਂ ਤੋਂ ਅਵਾਰਾ ਪਸ਼ੂਆਂ ਦਾ ਹੱਲ ਕਰਨ ਦੀ ਮੰਗ ਕਰ ਰਹੇ ਹਨ, ਪਰ ਅਜੇ ਤੱਕ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਗਿਆ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਅਵਾਰਾ ਪਸ਼ੂ ਸੜਕਾਂ ’ਤੇ ਝੁੰਡ ਬਣਾ ਕੇ ਹੁੜਦੰਗ ਮਚਾਉਂਦੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਰੋਜ਼ਾਨਾ ਆਵਾਜਾਈ ਦੌਰਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਇਹ ਪਸ਼ੂ ਕੂੜੇ ਦੇ ਢੇਰਾਂ ਕੋਲ ਇਕੱਠੇ ਹੋ ਕੇ ਸੜਕ ’ਤੇ ਆ ਜਾਂਦੇ ਹਨ ਤੇ ਲੰਘਦੇ ਵਾਹਨਾਂ ਨਾਲ ਟਕਰਾਅ ਜਾਂਦੇ ਹਨ। ਇਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਮੌਕੇ ਰਾਜ ਕੁਮਾਰ ਨੇ ਦੱਸਿਆ ਕਿ ਕਈ ਇਲਾਕਿਆਂ ਵਿੱਚ ਅਵਾਰਾ ਪਸ਼ੂਆਂ ਦੇ ਝੁੰਡ ਬਣ ਜਾਂਦੇ ਹਨ, ਜਿਸ ਕਾਰਨ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਗਲੀਆਂ ਵਿੱਚ ਖੇਡਣ ਸਮੇਂ ਚਿੰਤਾ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਇਹ ਪਸ਼ੂ ਆਪਸ ਵਿੱਚ ਭਿੜ ਪੈਂਦੇ ਹਨ ਅਤੇ ਲੋਕਾਂ ਨੂੰ ਸੱਟਾਂ ਵੀ ਮਾਰ ਦਿੰਦੇ ਹਨ। ਉੱਥੇ ਹੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਰਾਮਬਾਗ ਰੋਡ ’ਤੇ ਵੀ ਅਵਾਰਾ ਪਸ਼ੂਆਂ ਦੇ ਝੁੰਡ ਅਕਸਰ ਵੇਖਣ ਨੂੰ ਮਿਲਦੇ ਹਨ। ਇਹ ਪਸ਼ੂ ਆਪਸ ਵਿੱਚ ਲੜ ਪੈਂਦੇ ਹਨ, ਜਿਸ ਕਾਰਨ ਉਥੋਂ ਲੰਘਣ ਵਾਲੇ ਵਾਹਨ ਚਾਲਕ ਮੁਸ਼ਕਿਲ ਵਿੱਚ ਫਸ ਜਾਂਦੇ ਹਨ ਤੇ ਹਾਦਸਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ। ਲੋਕਾਂ ਨੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਅਵਾਰਾ ਪਸ਼ੂਆਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਉਨ੍ਹਾਂ ਨੂੰ ਗਊਸ਼ਾਲਾਵਾਂ ਵਿੱਚ ਭੇਜਿਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਸਕੇ।