ਪਰਵਿੰਦਰ ਸਿੰਘ ਝੋਟੇ ਕਤਲ ਕਾਂਡ; ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਨਸ਼ਿਆਂ ਖਿਲਾਫ਼ ਚੱਲ ਰਹੇ ਸੰਘਰਸ਼ ਦੇ ਮੋਹਰੀ
Publish Date: Mon, 26 Oct 2026 05:43 PM (IST)
Updated Date: Mon, 26 Oct 2026 05:46 PM (IST)
ਅਵਤਾਰ ਸਿੰਘ ਗੇਹਲੇ, ਪੰਜਾਬੀ ਜਾਗਰਣ ਮਾਨਸਾ ਨਸ਼ਿਆਂ ਖਿਲਾਫ਼ ਚੱਲ ਰਹੇ ਸੰਘਰਸ਼ ਦੇ ਮੋਹਰੀ ਆਗੂ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਦਿਵਾਉਣ ਤੇ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਲਗਾਤਾਰ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸੰਘਰਸ਼ੀ ਧਰਨੇ ਵਿਚ ਨੌਜਵਾਨ ਭਾਰਤ ਸਭਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ ਅਤੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਮੁੱਖ ਕਰਮਜੀਤ ਸਿੰਘ ਮਾਣੂੰਕੇ, ਮੁਕੇਸ਼ ਮਲੌਦ, ਭੁਪਿੰਦਰ ਸਿੰਘ ਲੌਂਗੋਵਾਲ, ਅਰਵਿੰਦਰ ਕੌਰ ਆਗੂਆਂ ਨੇ ਜ਼ੋਰਦਾਰ ਸ਼ਬਦਾਂ ਵਿਚ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਮੌਤ ਕੋਈ ਆਮ ਘਟਨਾ ਨਹੀਂ, ਸਗੋਂ ਇਹ ਇਕ ਸਿਆਸੀ ਕਤਲ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਇਹ ਕਾਰਾ ਪੁਲਿਸ ਪ੍ਰਸ਼ਾਸਨ, ਨਸ਼ਾ ਤਸਕਰਾਂ (ਸਮਗਲਰਾਂ) ਅਤੇ ਸਿਆਸਤਦਾਨਾਂ ਦੀ ਆਪਸੀ ਮਿਲੀਭੁਗਤ ਨਾਲ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਨੌਜਵਾਨ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ਾ ਤਸਕਰਾਂ ਖਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਸਿਸਟਮ ਵੱਲੋਂ ਉਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਪਰ ਪਰਵਿੰਦਰ ਸਿੰਘ ਝੋਟੇ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਹਾਜ਼ਰ ਬੁਲਾਰਿਆਂ ਨੇ ਆਖਿਆ ਕਿ ਪੰਜਾਬ ਵਿਚ ਨਸ਼ਿਆਂ ਦਾ ਜਾਲ ਲਗਾਤਾਰ ਫੈਲ ਰਿਹਾ ਹੈ, ਜਿਸ ਕਾਰਨ ਰੋਜ਼ਾਨਾ ਕੀਮਤੀ ਜਾਨਾਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਉੱਚ ਪੱਧਰੀ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਇਸ ਸਾਜ਼ਿਸ਼ ਪਿੱਛੇ ਮੌਜੂਦ ਵੱਡੇ ਮਗਰਮੱਛਾਂ, ਸਿਆਸਤਦਾਨਾਂ ਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬੇਨਕਾਬ ਕਰਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜਿੰਨਾ ਚਿਰ ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਤੇ ਨਸ਼ਾ ਤਸਕਰਾਂ ਖਿਲਾਫ਼ ਠੋਸ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਇਹ ਸਾਂਝਾ ਸੰਘਰਸ਼ ਤੇ ਧਰਨਾ ਇਸੇ ਤਰ੍ਹਾਂ ਨਿਰੰਤਰ ਜਾਰੀ ਰਹੇਗਾ। ਇਸ ਮੌਕੇ ਵੱਖ-ਵੱਖ ਜੱਥੇਬੰਦੀਆਂ ਦੇ ਸਥਾਨਕ ਆਗੂ, ਕਾਰਕੁਨ ਤੇ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕ ਹਾਜ਼ਰ ਸਨ।