ਕੁੱਤਿਆਂ ਦੀ ਵੱਧ ਰਹੀ ਗਿਣਤੀ ਤੋਂ ਲੋਕ ਪਰੇਸ਼ਾਨ
ਮਾਨਸਾ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ
Publish Date: Mon, 19 Jan 2026 06:14 PM (IST)
Updated Date: Tue, 20 Jan 2026 04:12 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : ਸਥਾਨਕ ਸ਼ਹਿਰ ਵਿੱਚ ਆਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਤੇ ਪਰੇਸ਼ਾਨੀ ਦਾ ਮਾਹੌਲ ਬਣਿਆ ਹੋਇਆ ਹੈ। ਗਲੀ, ਮੁਹੱਲਿਆਂ ਵਿੱਚ ਕੁੱਤਿਆਂ ਦੇ ਘੁੰਮਦੇ ਝੁੰਡਾਂ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਦੇ ਸਮੇਂ ਸਕੂਲ ਜਾਣ ਵਾਲੇ ਬੱਚੇ, ਸੈਰ ਲਈ ਨਿਕਲਣ ਵਾਲੇ ਬਜ਼ੁਰਗ ਤੇ ਦੋ ਪਹੀਆ ਵਾਹਨਾਂ ’ਤੇ ਜਾਣ ਵਾਲੇ ਲੋਕ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਕਈ ਥਾਵਾਂ ’ਤੇ ਕੁੱਤਿਆਂ ਵੱਲੋਂ ਵਾਹਨਾਂ ਦੇ ਪਿੱਛੇ ਦੌੜਣ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਕੁੱਤਿਆਂ ਦੇ ਹਮਲਿਆਂ ਦੇ ਡਰ ਨਾਲ ਲੋਕ ਕੰਮ=ਕਾਜ ਲਈ ਵੀ ਘਰੋਂ ਨਿਕਲਣ ਤੋਂ ਹਿਚਕਚਾ ਰਹੇ ਹਨ। ਇਸ ਸਮੱਸਿਆ ਨੂੰ ਲੈ ਕੇ ਲੋਕਾਂ ਵੱਲੋਂ ਨਗਰ ਕੌਂਸਲ ਤੇ ਪ੍ਰਸ਼ਾਸਨ ਕੋਲ ਮੰਗ ਕੀਤੀ ਜਾ ਰਹੀ ਹੈ ਕਿ ਆਵਾਰਾ ਤੇ ਖਤਰਨਾਕ ਕੁੱਤਿਆਂ ਨੂੰ ਫੜ੍ਹਨ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ। ਲੋਕਾਂ ਨੇ ਮੰਗ ਕੀਤੀ ਹੈ ਕਿ ਕੁੱਤਿਆਂ ਦੀ ਨਸਬੰਦੀ ਤੇ ਉਨ੍ਹਾਂ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਸ਼ਹਿਰ ਵਾਸੀਆਂ ਨੂੰ ਇਸ ਗੰਭੀਰ ਸਮੱਸਿਆ ਤੋਂ ਰਾਹਤ ਮਿਲ ਸਕੇ।